ਬਿੱਟੂ ਕਤਲ ਕਾਂਡ: ਮੁਲਜ਼ਮ 12 ਤੱਕ ਨਿਆਂਇਕ ਹਿਰਾਸਤ ’ਚ ਭੇਜੇ

02

July

2019

ਨਾਭਾ, ਬਰਗਾੜੀ ਕਾਂਡ ਤੇ ਬੇਅਦਬੀ ਮਾਮਲੇ ਦੇ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਦੇ ਕਤਲ ਮਾਮਲੇ ’ਚ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੂੰ ਅੱਜ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਨਾਭਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਮੌਕੇ ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਪਟਿਆਲਾ ਪੁਲੀਸ ਨੇ ਡੇਰਾ ਪ੍ਰ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਮਾਮਲੇ ਵਿੱਚ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਵਿੱਚ ਪਹਿਲਾਂ ਹੀ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਗੁਰਸੇਵਕ ਸਿੰਘ, ਹਵਾਲਾਤੀ ਮਨਿੰਦਰ ਸਿੰਘ, ਲਖਵੀਰ ਸਿੰਘ, ਹਰਪ੍ਰੀਤ ਸਿੰਘ ਅਤੇ ਜਸਪ੍ਰੀਤ ਸਿੰਘ ਸ਼ਾਮਲ ਹਨ। ਅਦਾਲਤ ਵੱਲੋਂ ਮੁਲਜ਼ਮਾਂ ਨੂੰ 12 ਦਿਨਾਂ ਦੇ ਜੁਡੀਸ਼ਲ ਰਿਮਾਂਡ ’ਤੇ ਨਾਭਾ ਦੀ ਉੱਚ ਸੁਰੱਖਿਆ ਜੇਲ੍ਹ ਵਿੱਚ ਭੇਜਣ ਦੇ ਹੁਕਮ ਦਿੱਤੇ ਗਏ। ਇਸ ਸਬੰਧੀ ਨਾਭਾ ਦੇ ਡੀਐੱਸਪੀ ਵਰਿੰਦਰਜੀਤ ਸਿੰਘ ਥਿੰਦ ਨੇ ਕਿਹਾ ਕਿ ਉਨ੍ਹਾਂ ਅਦਾਲਤ ਕੋਲੋਂ ਮੁਲਜ਼ਮਾਂ ਦਾ ਦੋ ਦਿਨ ਦਾ ਹੋਰ ਪੁਲੀਸ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਰਿਮਾਂਡ ਦੇਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਂ ਮੁਲਜ਼ਮਾਂ ਨੂੰ 12 ਜੁਲਾਈ ਤੱਕ ਜੇਲ੍ਹ ਭੇਜ ਦਿੱਤਾ ਹੈ। ਜਸਪ੍ਰੀਤ ਸਿੰਘ ਉਰਫ਼ ਨਿਹਾਲ ਸਿੰਘ ਦੀ ਮਾਤਾ ਰਾਜਿੰਦਰ ਕੌਰ ਨੇ ਕਿਹਾ ਕਿ ਉਸ ਦਾ ਲੜਕਾ ਤਾਂ ਨਾਭਾ ਦੀ ਉੱਚ ਸੁਰੱਖਿਆ ਜੇਲ੍ਹ ਵਿੱਚ ਬੰਦ ਸੀ ਪਰ ਜਿਹੜਾ ਕਤਲ ਹੋਇਆ ਉਹ ਨਵੀਂ ਜ਼ਿਲ੍ਹਾ ਜੇਲ੍ਹ ਵਿੱਚ ਹੋਇਆ ਹੈ। ਉਨ੍ਹਾਂ ਕਿਹਾ ਕਿ ਉਸ ਦੇ ਲੜਕੇ ਨੂੰ ਝੂਠੇ ਕੇਸ ਵਿੱਚ ਫਸਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਉਸ ਦੇ ਲੜਕੇ ’ਤੇ ਪੁਲੀਸ ਨੇ ਤਸ਼ੱਦਦ ਢਾਹਿਆ ਹੈ। ਜ਼ਿਕਰਯੋਗ ਹੈ ਕਿ ਬਰਗਾੜੀ ਕਾਂਡ ਤੇ ਬੇਅਦਬੀ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਮਹਿੰਦਰਪਾਲ ਬਿੱਟੂ ਪਿਛਲੇ ਸੱਤ ਮਹੀਨਿਆਂ ਤੋਂ ਨਾਭਾ ਦੀ ਨਵੀਂ ਬਣੀ ਜ਼ਿਲ੍ਹਾ ਜੇਲ੍ਹ ਵਿੱਚ ਬੰਦ ਸੀ। ਜੂਨ 22 ਦੀ ਸ਼ਾਮ ਵੇਲੇ ਦੋ ਕੈਦੀਆਂ ਵੱਲੋਂ ਉਸ ’ਤੇ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ ਸੀ। ਪੁਲੀਸ ਵੱਲੋਂ ਇਸ ਮਾਮਲੇ ਦੀ ਜਾਂਚ ਦੌਰਾਨ ਪੰਜ ਹਵਾਲਾਤੀਆਂ ਤੇ ਕੈਦੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।