ਸਰਪੰਚੀ ਦੇ ਚਾਹਵਾਨਾਂ ਨੂੰ ਲੱਗੇਗਾ ਪਰਾਲੀ ਸਾੜਨ ਦਾ ਸੇਕ

05

October

2018

ਚੰਡੀਗੜ੍ਹ, ਪੰਜਾਬ ਸਰਕਾਰ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਸਾੜਨ ਤੋਂ ਕਿਸਾਨਾਂ ਨੂੰ ਰੋਕਣ ਲਈ ਕਈ ਸਖਤ ਕਦਮ ਉਠਾ ਰਹੀ ਹੈ ਤੇ ਇਸ ਫ਼ੈਸਲੇ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਪੰਚਾਇਤੀ ਰਾਜ ਐਕਟ ਵਿੱਚ ਸੋਧ ਕਰਕੇ ਚੋਣ ਲੜਨ ਤੋਂ ਅਯੋਗ ਠਹਿਰਾਉਣ ਬਾਰੇ ਸੋਚ ਰਹੀ ਹੈ। ਅੱਜ ਇੱਥੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਚਾਇਤੀ ਰਾਜ ਐਕਟ ਵਿੱਚ ਸੋਧ ਕਰਕੇ ਪਰਾਲੀ ਸਾੜਨ ਵਾਲਿਆਂ ਨੂੰ ਪੰਚਾਇਤੀ ਚੋਣਾਂ ਲੜਨ ਤੋਂ ਅਯੋਗ ਕਰਨ ਬਾਰੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਿਆਪਕ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਸ ਸਬੰਧੀ ਕਾਨੂੰਨੀ ਸਖਤੀ ਵੀ ਵਰਤੀ ਜਾ ਰਹੀ ਹੈ। ਸਰਕਾਰ ਵੱਲੋਂ ਪਰਾਲੀ ਨੂੰ ਮਿੱਟੀ ’ਚ ਮਿਲਾਉਣ ਲਈ ਖੇਤੀਬਾੜੀ ਦੇ ਸੰਦਾਂ ਉੱਤੇ ਭਾਰੀ ਸਬਸਿਡੀ ਦਿੱਤੀ ਜਾ ਰਹੀ ਹੈ, ਜਿਸ ਨਾਲ ਪਰਾਲੀ ਸਾੜਨ ਦੇ ਮਾਮਲਿਆਂ ’ਚ ਪਹਿਲਾਂ ਨਾਲੋਂ ਲਗਭਗ 40 ਫੀਸਦ ਤੱਕ ਕਮੀ ਆਈ ਹੈ। ਪੰਜਾਬ ਸਰਕਾਰ ਵੱਲੋਂ 100 ਫੀਸਦੀ ਤੱਕ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਖੇਤੀਬਾੜੀ ਮਾਹਿਰਾਂ, ਕਿਸਾਨ ਜਥੇਬੰਦੀਆਂ, ਅਗਾਂਹਵਧੂ ਕਿਸਾਨਾਂ, ਸਮਾਜਿਕ ਅਤੇ ਧਾਰਮਿਕ ਆਗੂਆਂ ਦਾ ਵੀ ਸਹਿਯੋਗ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਬੇਵਜ੍ਹਾ ਸਖਤੀ ਕਰਨ ਦਾ ਕੋਈ ਇਰਾਦਾ ਨਹੀਂ ਹੈ ਪਰ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਕਈ ਅਜਿਹੇ ਸਖਤ ਫ਼ੈਸਲੇ ਲੈਣ ਦੀ ਲੋੜ ਵੀ ਹੈ।