ਅਧਿਆਪਕਾਂ ਨੇ ਪੰਜ ਸਾਥੀਆਂ ਦੀ ਮੁਅੱਤਲੀ ਦੀਆਂ ਕਾਪੀਆਂ ਸਾੜੀਆਂ

10

October

2018

ਪਟਿਆਲਾ, ਸਾਂਝਾ ਅਧਿਆਪਕ ਮੋਰਚਾ ਦੀ ਅਗਵਾਈ ਹੇਠ ਮੁੱਖ ਮੰਤਰੀ ਦੇ ਸ਼ਹਿਰ ਵਿਚ ਲਾਏ ‘ਪੱਕੇ ਮੋਰਚੇ’ ਦੌਰਾਨ ਕੱਲ੍ਹ ਪੰਜਾਬ ਸਰਕਾਰ ਵੱਲੋਂ ਮੁਅੱਤਲ ਕੀਤੇ ਪੰਜ ਅਧਿਆਪਕਾਂ ਦੀ ਮੁਅੱਤਲੀ ਦੇ ਹੁਕਮਾਂ ਦੀਆਂ ਕਾਪੀਆਂ ਅੱਜ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਸਾੜੀਆਂ ਗਈਆਂ। ਇਨ੍ਹਾਂ ਹੁਕਮਾਂ ਦੀਆਂ ਕਾਪੀਆਂ ਨਾਲ ਅਧਿਆਪਕਾਂ ਨੇ ਪੰਜਾਬ ਸਰਕਾਰ ਦੀ ਅਰਥੀ ਵੀ ਸਾੜੀ। ਅਧਿਆਪਕਾਂ ਨੇ ਮੁਅੱਤਲੀ ਖ਼ਿਲਾਫ਼ ਸਰਕਾਰ ਦਾ ਪਿੱਟ ਸਿਆਪਾ ਕੀਤਾ ਤੇ ‘ਸਾਨੂੰ ਵੀ ਸਸਪੈਂਡ ਕਰੋ’ ਦੇ ਨਾਅਰੇ ਲਾਏ। ਪੱਕੇ ਮੋਰਚੇ ਦੇ ਹੱਕ ਵਿਚ ਵੱਖ ਵੱਖ ਰਾਜਸੀ ਤੇ ਭਰਾਤਰੀ ਧਿਰਾਂ ਨਿੱਤਰ ਆਈਆਂ ਹਨ। ਉਧਰ, ਪੱਕੇ ਮੋਰਚੇ ਦੇ ਲਗਾਤਾਰ ਤੀਜੇ ਦਿਨ ਗਿਆਰਾਂ ਅਧਿਆਪਕਾਂ ਦਾ ਮਰਨ ਵਰਤ ਵੀ ਜਾਰੀ ਰਿਹਾ। ਦੱਸਣਯੋਗ ਹੈ ਕਿ ਅਧਿਆਪਕਾਂ ਦੇ ਪੱਕੇ ਮੋਰਚੇ ਤੋਂ ਖ਼ਫ਼ਾ ਪੰਜਾਬ ਸਰਕਾਰ ਵੱਲੋਂ ਕੱਲ੍ਹ ਪੰਜ ਸੰਘਰਸ਼ੀ ਅਧਿਆਪਕਾਂ ਨੂੰ ਮੁਅੱਤਲ ਕਰਕੇ ਦੂਰ-ਦੁਰਾਡੇ ਬਦਲ ਦਿੱਤਾ ਗਿਆ ਸੀ, ਜਿਸ ਕਾਰਨ ਅਧਿਆਪਕਾਂ ਵਿਚ ਰੋਸ ਵਧ ਗਿਆ ਹੈ। ਇਸ ਕਾਰਨ ਸਾਂਝੇ ਅਧਿਆਪਕ ਮੋਰਚੇ ਦੀ ਅਗਵਾਈ ਹੇਠ ਪੰਜਾਬ ਭਰ ’ਚ ਅਧਿਆਪਕਾਂ ਦੀ ਮੁਅੱਤਲੀ ਵਿਰੁੱਧ ਡੀ ਸੀ ਦਫ਼ਤਰਾਂ ਅੱਗੇ ਰੋਸ ਮੁਜ਼ਾਹਰੇ ਕੀਤੇ ਗਏ। ਉਧਰ, ਪੱਕੇ ਮੋਰਚੇ ਵਿਚ ਅੱਜ ਫਿਰੋਜ਼ਪੁਰ, ਤਰਨ ਤਾਰਨ ਤੇ ਪਟਿਆਲਾ ਸਮੇਤ ਵੱਖ ਵੱਖ ਜ਼ਿਲ੍ਹਿਆਂ ਤੋਂ ਪੁੱਜੇ ਵੱਡੀ ਗਿਣਤੀ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਸੂਬਾ ਕਨਵੀਨਰ ਦਵਿੰਦਰ ਸਿੰਘ ਪੂਨੀਆ ਤੇ ਸੂਬਾ ਕੋ-ਕਨਵੀਨਰਾਂ ਦੀਦਾਰ ਸਿੰਘ ਮੁੱਦਕੀ, ਹਰਦੀਪ ਸਿੰਘ ਟੋਡਰਪੁਰ, ਡਾ. ਅੰਮ੍ਰਿਤਪਾਲ ਸਿੰਘ ਸਿੱਧੂ, ਗੁਰਵਿੰਦਰ ਤਰਨ ਤਾਰਨ, ਗੁਰਜਿੰਦਰ ਸਿੰਘ, ਕੁਲਦੀਪ ਸਿੰਘ ਦੋੜਕਾ ਤੇ ਸੁਖਰਾਜ ਸਿੰਘ ਨੇ ਪੰਜਾਬ ਸਰਕਾਰ ਵੱਲੋਂ 8886 ਐੱਸਐੱਸਏ/ਰਮਸਾ, ਆਦਰਸ਼, ਮਾਡਲ ਸਕੂਲ ਅਧਿਆਪਕਾਂ ਦੀਆਂ ਤਨਖ਼ਾਹਾਂ ’ਚ ਕਟੌਤੀ ਦੇ ਫ਼ੈਸਲੇ ਨੂੰ ਨਕਾਰਦਿਆਂ 5178 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੀਆਂ ਸ਼ਰਤਾਂ ਅਨੁਸਾਰ ਨਵੰਬਰ 2017 ਤੋਂ ਰੈਗੂਲਰ ਕਰਨ ਦੀ ਥਾਂ ਮਿਲਦੀ ਛੇ ਹਜ਼ਾਰ ਤਨਖ਼ਾਹ ਵੀ 10 ਮਹੀਨਿਆਂ ਤੋਂ ਰੋਕਣ ਵਰਗੇ ਅਧਿਆਪਕ ਵਿਰੋਧੀ ਕਦਮਾਂ ਦਾ ਵਿਰੋਧ ਕੀਤਾ। ਮਰਨ ਵਰਤ ’ਤੇ ਬੈਠੇ ਅਧਿਆਪਕ ਹਰਜੀਤ ਜੀਦਾ, ਰਾਮੇਸ਼ ਮੱਕੜ, ਰਤਨਜੋਤ ਸ਼ਰਮਾ, ਸਤਨਾਮ ਸਿੰਘ, ਦਲਜੀਤ ਸਿੰਘ ਖਾਲਸਾ, ਸ਼ਮਿੰਦਰ ਸਿੰਘ, ਜਸਵੰਤ ਸਿੰਘ, ਜਸਵਿੰਦਰ ਸਿੰਘ, ਪ੍ਰਭਦੀਪ ਸਿੰਘ, ਬਚਿੱਤਰ ਸਿੰਘ ਤੇ ਬਲਵਿੰਦਰ ਸਿੰਘ ਨੇ ਸਿਖਿਆ ਮੰਤਰੀ ਅਤੇ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਨੂੰ ਮੁਅੱਤਲ ਕਰਨ ਦੀ ਨੀਤੀ ਦਾ ਵਿਰੋਧ ਕਰਦਿਆਂ ਉਨ੍ਹਾਂ ਸਾਰਿਆਂ ਨੂੰ ਮੁਅੱਤਲ ਕਰਨ ਦੀ ਚੁਣੌਤੀ ਦਿੱਤੀ। ਅਧਿਆਪਕਾਂ ਦੀ ਸਹਿਮਤੀ ਨਾਲ ਲਿਆ ਫ਼ੈਸਲਾ: ਸੋਨੀ ਸ੍ਰੀ ਮੁਕਤਸਰ ਸਾਹਿਬ (ਪੱਤਰ ਪ੍ਰੇਰਕ): ਸਿੱਖਿਆ ਮੰਤਰੀ ਓਪੀ ਸੋਨੀ ਨੇ ਆਖਿਆ ਕਿ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਪੱਕਾ ਕਰਨ ਦਾ ਫੈਸਲਾ 94 ਪ੍ਰਤੀਸ਼ਤ ਅਧਿਆਪਕਾਂ ਦੀ ਰਾਏ ਲੈ ਕੇ ਹੀ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਹਰ ਇਕ ਨੂੰ ਆਪਣੀ ਗੱਲ ਰੱਖਣ ਦਾ ਹੱਕ ਹੈ ਪਰ ਕਿਸੇ ਨੂੰ ਵੀ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੇ ਤਾਂ 10,300 ਰੁਪਏ ਦੀ ਬੇਸਿਕ ਤਨਖਾਹ ’ਤੇ ਹੀ ਪੱਕੇ ਹੋਣ ਦੀ ਹਾਮੀ ਭਰੀ ਸੀ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਇਨ੍ਹਾਂ ਅਧਿਆਪਕਾਂ ਨੂੰ ਵਿਭਾਗ ਵਿਚ ਜਜ਼ਬ ਕਰਨ ਸਮੇਂ 15 ਹਜ਼ਾਰ ਰੁਪਏ ਤਨਖਾਹ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਕੰਮ ਨਹੀਂ ਤਾਂ ਤਨਖਾਹ ਨਹੀਂ ਦਾ ਨਿਯਮ ਲਾਗੂ ਕੀਤਾ ਜਾਵੇਗਾ।