ਵਿਧਾਨ ਸਭਾ 'ਚ ਮੁੱਖ ਚੋਣ ਕਮਿਸ਼ਨਰ ਖ਼ਿਲਾਫ਼ ਮਤਾ ਪਾਸ; ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਮੌਜੂਦਾ ਇਜਲਾਸ ਲਈ ਮੁਅੱਤਲ
- पंजाब
- (Asia/Kolkata)
ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਇਜਲਾਸ ਦੇ ਦੂਜੇ ਦਿਨ ਸਦਨ ਦੇ ਅੰਦਰ ਅਤੇ ਬਾਹਰ ਭਾਰੀ ਹੰਗਾਮਾ ਦੇਖਣ ਨੂੰ ਮਿਲਿਆ। ਵਿਰੋਧੀ ਧਿਰ ਦੇ ਕਾਂਗਰਸੀ ਵਿਧਾਇਕ 'ਲਾਹਣਤ ਪੱਤਰ' ਲੈ ਕੇ ਵਿਧਾਨ ਸਭਾ ਪਹੁੰਚੇ ਅਤੇ ਸੂਬਾ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਦੋਸ਼ ਲਾਇਆ ਕਿ ਸਰਕਾਰ ਬੇਅਦਬੀ ਮਾਮਲਿਆਂ, ਨਸ਼ਾ ਮਾਫੀਆ, ਗੈਂਗਸਟਰਾਂ ਦੀ ਸਰਪਰਸਤੀ, ਕਰਜ਼ੇ ਦੇ ਬੋਝ ਅਤੇ ਕਿਸਾਨੀ ਮੁੱਦਿਆਂ ਨਾਲ ਨਜਿੱਠਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਵਿਰੋਧੀ ਧਿਰ ਦੇ ਮੈਂਬਰ ਸਰਕਾਰ ਦੇ ਰਵੱਈਏ ਤੋਂ ਅਸੰਤੁਸ਼ਟ ਹੋ ਕੇ ਸਦਨ ਵਿੱਚੋਂ ਵਾਕਆਊਟ ਕਰ ਗਏ।
ਇਸ ਦੌਰਾਨ ਸਦਨ ਦੀ ਕਾਰਵਾਈ ਵਿੱਚ ਵਿਘਨ ਪਾਉਣ ਅਤੇ ਅਨੁਸ਼ਾਸਨਹੀਣਤਾ ਦੇ ਦੋਸ਼ ਹੇਠ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਮਤੇ ਅਨੁਸਾਰ, ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਵਿਧਾਨ ਸਭਾ ਦੇ ਇਸ ਇਜਲਾਸ ਦੇ ਰਹਿੰਦੇ ਸਮੇਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ।
ਸਦਨ ਵਿੱਚ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੈਰਿਸ ਤੋਂ ਵਾਪਸੀ ਵੇਲੇ ਦਿੱਲੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਵੱਲੋਂ ਆਪਣੇ ਸਾਮਾਨ ਦੀ ਚੈਕਿੰਗ ਕੀਤੇ ਜਾਣ ਅਤੇ ਕਰੀਬ ਦੋ ਘੰਟੇ ਤੱਕ ਰੋਕੇ ਜਾਣ ਦੀ ਘਟਨਾ ਨੂੰ ਸਿਆਸੀ ਬਦਲੇ ਦੀ ਕਾਰਵਾਈ ਦੱਸਿਆ। ਉਨ੍ਹਾਂ ਦੋਸ਼ ਲਾਇਆ ਕਿ ਇਹ ਕਾਰਵਾਈ ਆਮ ਆਦਮੀ ਪਾਰਟੀ ਵੱਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਅਤੇ ਉਨ੍ਹਾਂ ਵਿਰੁੱਧ ਲਏ ਗਏ ਸਟੈਂਡ ਕਾਰਨ ਬਦਲੇ ਦੀ ਭਾਵਨਾ ਤਹਿਤ ਕੀਤੀ ਗਈ ਹੈ।
ਇਸ ਦੇ ਨਾਲ ਹੀ, ਵਿਧਾਨ ਸਭਾ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਇੱਕ ਸਰਕਾਰੀ ਮਤਾ ਪਾਸ ਕੀਤਾ ਗਿਆ। ਇਸ ਮਤੇ ਵਿੱਚ ਵੋਟਰ ਸੂਚੀਆਂ ਵਿੱਚ ਕਥਿਤ ਬੇਨਿਯਮੀਆਂ ਦੀ ਸੁਤੰਤਰ ਜਾਂਚ ਕਰਵਾਉਣ ਅਤੇ ਮੁੱਖ ਚੋਣ ਕਮਿਸ਼ਨਰ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ ਗਈ ਹੈ।
ਇਜਲਾਸ ਦੌਰਾਨ ਪ੍ਰਸ਼ਨ ਕਾਲ ਵਿੱਚ ਪ੍ਰਾਈਵੇਟ ਹਸਪਤਾਲਾਂ ਵੱਲੋਂ ਮਰੀਜ਼ਾਂ ਦੀ ਲੁੱਟ ਨੂੰ ਰੋਕਣ ਲਈ ਰੈਗੂਲੇਟਰੀ ਅਥਾਰਟੀ ਬਣਾਉਣ ਦੀ ਮੰਗ ਅਤੇ ਟਰਾਂਸਪੋਰਟ ਸੇਵਾਵਾਂ ਬਾਰੇ ਵੀ ਵਿਚਾਰ-ਚਰਚਾ ਕੀਤੀ ਗਈ। ਹੰਗਾਮੇ ਅਤੇ ਵੱਖ-ਵੱਖ ਮਾਮਲਿਆਂ 'ਤੇ ਚਰਚਾ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ ਅਤੇ ਹੁਣ ਸਦਨ ਦੀ ਅਗਲੀ ਬੈਠਕ 27 ਅਕਤੂਬਰ ਨੂੰ ਹੋਵੇਗੀ।
Leave a Reply