Daily Suraj

ਪੰਜਾਬੀ

ਰਾਊਜ਼ ਐਵੇਨਿਊ ਕੋਰਟ ਦਾ ਫੈਸਲਾ, ਦੋਸ਼ ਸਾਬਤ ਨਾ ਹੋਣ ਕਾਰਨ ਕੇਜਰੀਵਾਲ-ਸਿਸੋਦੀਆ ਰਿਹਾਅ

27 Feb, 2026 09:30 AM

ਨਵੀਂ ਦਿੱਲੀ ਦੀ ਇੱਕ ਅਦਾਲਤ ਨੇ ਸ਼ਰਾਬ ਨੀਤੀ ਨਾਲ ਜੁੜੇ ਸੀਬੀਆਈ ਮਾਮਲੇ ਵਿੱਚ ਵੱਡਾ ਫੈਸਲਾ ਸੁਣਾਉਂਦਿਆਂ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਬਰੀ ਕਰ ਦਿੱਤਾ ਹੈ। ਰਾਊਜ਼ ਐਵੇਨਿਊ ਅਦਾਲਤ ਨੇ ਸ਼ੁੱਕਰਵਾਰ ਨੂੰ ਆਪਣੇ ਫੈਸਲੇ ਵਿੱਚ ਕਿਹਾ ਕਿ ਦੋਵਾਂ ਨੇਤਾਵਾਂ ਵਿਰੁੱਧ ਲਗਾਏ ਗਏ ਦੋਸ਼ ਸਾਬਤ ਨਹੀਂ ਹੋ ਸਕੇ, ਜਿਸ ਕਾਰਨ ਉਨ੍ਹਾਂ ਨੂੰ ਬਰੀ ਕੀਤਾ ਜਾਂਦਾ ਹੈ। ਫੈਸਲੇ ਤੋਂ ਬਾਅਦ ਅਦਾਲਤ ਪ੍ਰੰਗਣ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਕੇਜਰੀਵਾਲ ਭਾਵੁਕ ਹੋ ਗਏ। ਉਨ੍ਹਾਂ ਕਿਹਾ ਕਿ ਇਹ ਸੱਚ ਦੀ ਜਿੱਤ ਹੈ ਅਤੇ ਉਹ ਹਮੇਸ਼ਾ ਵਿਸ਼ਵਾਸ ਰੱਖਦੇ ਸਨ ਕਿ ਅੰਤ ਵਿੱਚ ਸੱਚ ਸਾਹਮਣੇ ਆਵੇਗਾ। ਇਸ ਦੌਰਾਨ ਉਹ ਰੋਣ ਲੱਗ ਪਏ। ਉਨ੍ਹਾਂ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਉਨ੍ਹਾਂ ਅਤੇ ਉਨ੍ਹਾਂ ਦੀ ਪਾਰਟੀ ‘ਤੇ ਲਗਾਏ ਗਏ ਦੋਸ਼ ਬੇਬੁਨਿਆਦ ਸਨ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਇਹ ਇੱਕ ਵੱਡੀ ਰਾਜਨੀਤਿਕ ਸਾਜ਼ਿਸ਼ ਸੀ ਅਤੇ ਕਿਹਾ ਕਿ ਉਹ ਸਾਰੀ ਜ਼ਿੰਦਗੀ ਇਮਾਨਦਾਰੀ ਨਾਲ ਕੰਮ ਕਰਦੇ ਰਹੇ ਹਨ। ਨਾਲ ਹੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਦੇਸ਼ ਦੇ ਅਸਲ ਮੁੱਦਿਆਂ ‘ਤੇ ਧਿਆਨ ਦਿੱਤਾ ਜਾਵੇ। ਗੌਰਤਲਬ ਹੈ ਕਿ ਕੇਜਰੀਵਾਲ ਇਸ ਮਾਮਲੇ ਵਿੱਚ ਪਹਿਲਾਂ ਜ਼ਮਾਨਤ ‘ਤੇ ਸਨ। ਉਨ੍ਹਾਂ ਨੂੰ 13 ਜੁਲਾਈ 2024 ਨੂੰ ਜੇਲ੍ਹ ਤੋਂ ਜ਼ਮਾਨਤ ਮਿਲੀ ਸੀ। ਇਸੇ ਦਿਨ ਸੁਪਰੀਮ ਕੋਰਟ ਨੇ ਸੀਬੀਆਈ ਮਾਮਲੇ ਵਿੱਚ ਵੀ ਉਨ੍ਹਾਂ ਨੂੰ ਰਾਹਤ ਦਿੱਤੀ ਸੀ। ਇਸ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਸੀਬੀਆਈ ਦੋਵਾਂ ਨੇ ਕੇਸ ਦਰਜ ਕੀਤੇ ਸਨ। ਈਡੀ ਨੇ ਕੇਜਰੀਵਾਲ ਨੂੰ 21 ਮਾਰਚ 2024 ਨੂੰ ਗ੍ਰਿਫ਼ਤਾਰ ਕੀਤਾ ਸੀ, ਜਦਕਿ 26 ਜੂਨ ਨੂੰ ਸੀਬੀਆਈ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਸੀ। ਇਸ ਤੋਂ ਬਾਅਦ 12 ਜੁਲਾਈ ਨੂੰ ਸੁਪਰੀਮ ਕੋਰਟ ਨੇ ਈਡੀ ਮਾਮਲੇ ਵਿੱਚ ਵੀ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਸੀ।

Posted By: Daily Suraj Bureau

Latest News