ਗੈਂਗਸਟਰਾਂ ਖ਼ਿਲਾਫ਼ 164ਵੇਂ ਦਿਨ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 534 ਥਾਵਾਂ 'ਤੇ ਛਾਪੇ, 297 ਗ੍ਰਿਫ਼ਤਾਰ

ਗੈਂਗਸਟਰਾਂ ਖ਼ਿਲਾਫ਼ 164ਵੇਂ ਦਿਨ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 534 ਥਾਵਾਂ 'ਤੇ ਛਾਪੇ, 297 ਗ੍ਰਿਫ਼ਤਾਰ

ਪੰਜਾਬ ਨੂੰ ਗੈਂਗਸਟਰ-ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 164ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਵੱਡੇ ਪੱਧਰ 'ਤੇ ਕਾਰਵਾਈ ਕਰਦਿਆਂ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ 534 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ 'ਤੇ ਇੱਕੋ ਸਮੇਂ ਛਾਪੇਮਾਰੀ ਕੀਤੀ। ਇਸ ਦੌਰਾਨ 297 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਦਕਿ ਪੰਜ ਹਥਿਆਰ ਵੀ ਬਰਾਮਦ ਕੀਤੇ ਗਏ। ਪੰਜਾਬ ਪੁਲਿਸ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਇਹ ਵਿਸ਼ੇਸ਼ ਮੁਹਿੰਮ 20 ਜਨਵਰੀ 2026 ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਤਾਲਮੇਲ ਨਾਲ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਲਗਾਤਾਰ ਸਾਂਝੀਆਂ ਕਾਰਵਾਈਆਂ ਕਰ ਰਹੀਆਂ ਹਨ। ਪੁਲਿਸ ਅਨੁਸਾਰ, ਮੁਹਿੰਮ ਦੇ 164ਵੇਂ ਦਿਨ ਦੀ ਕਾਰਵਾਈ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 43,127 ਤੱਕ ਪਹੁੰਚ ਗਈ ਹੈ। ਇਸ ਤੋਂ ਇਲਾਵਾ 206 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਵੀ ਕੀਤੀ ਗਈ, ਜਦਕਿ ਕਾਰਵਾਈ ਦੌਰਾਨ ਦੋ ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਕਾਬੂ ਕੀਤਾ ਗਿਆ। ਪੰਜਾਬ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਤੌਰ 'ਤੇ ਗੈਂਗਸਟਰਾਂ, ਲੋੜੀਂਦੇ ਅਪਰਾਧੀਆਂ ਜਾਂ ਕਿਸੇ ਵੀ ਅਪਰਾਧਿਕ ਗਤੀਵਿਧੀ ਬਾਰੇ ਜਾਣਕਾਰੀ ਸਾਂਝੀ ਕਰ ਸਕਦੇ ਹਨ। ਪੁਲਿਸ ਨੇ ਭਰੋਸਾ ਦਿਵਾਇਆ ਕਿ ਸੂਚਨਾ ਦੇਣ ਵਾਲਿਆਂ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 489ਵੇਂ ਦਿਨ ਵੀ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਜਾਰੀ ਰੱਖੀ। ਇਸ ਦੌਰਾਨ 187 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.1 ਕਿਲੋਗ੍ਰਾਮ ਹੈਰੋਇਨ, 712 ਨਸ਼ੀਲੀਆਂ ਗੋਲੀਆਂ ਅਤੇ 22,900 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਪੁਲਿਸ ਦੇ ਅਨੁਸਾਰ, ਨਸ਼ਿਆਂ ਵਿਰੁੱਧ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ 71,538 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ, ਨਸ਼ਾ ਮੁਕਤੀ ਅਤੇ ਮੁੜ ਵਸੇਬੇ ਦੀ ਪਹਿਲ ਤਹਿਤ ਅੱਜ 12 ਵਿਅਕਤੀਆਂ ਨੂੰ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ।