Daily Suraj

ਪੰਜਾਬੀ

ਅੰਮ੍ਰਿਤਸਰ ‘ਚ ਅੱਜ SGPC ਦਾ ਬਜਟ ਸੈਸ਼ਨ, ਅਹਿਮ ਫੈਸਲੇ ਸੰਭਾਵਿਤ

28 Mar, 2026 08:35 AM

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ ਇਜਲਾਸ ਅੱਜ 28 ਮਾਰਚ ਨੂੰ ਦੁਪਹਿਰ 12 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਵੇਗਾ। ਇਸ ਇਜਲਾਸ ਦੌਰਾਨ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ, ਟਰੱਸਟ ਵਿਭਾਗ, ਜਨਰਲ ਬੋਰਡ ਫੰਡ, ਵਿਦਿਅਕ ਅਦਾਰੇ, ਪ੍ਰਿੰਟਿੰਗ ਪ੍ਰੈੱਸਾਂ, ਧਰਮ ਪ੍ਰਚਾਰ ਕਮੇਟੀ ਅਤੇ ਸਿੱਖ ਇਤਿਹਾਸ ਰਿਸਰਚ ਬੋਰਡ ਸਮੇਤ ਵੱਖ-ਵੱਖ ਵਿਭਾਗਾਂ ਦੇ ਸਾਲਾਨਾ ਬਜਟ ਪਾਸ ਕੀਤੇ ਜਾਣਗੇ। ਇਸ ਦੇ ਨਾਲ ਹੀ ਭਵਿੱਖ ਲਈ ਯੋਜਨਾਬੰਦੀ ਅਤੇ ਹੋਣ ਵਾਲੇ ਕੰਮਾਂ ‘ਤੇ ਵੀ ਵਿਚਾਰ ਕੀਤਾ ਜਾਵੇਗਾ। ਇਸ ਬਜਟ ਸੈਸ਼ਨ ਦੀ ਪ੍ਰਧਾਨਗੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਕਰਨਗੇ, ਜਦਕਿ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਵੱਲੋਂ ਬਜਟ ਪੇਸ਼ ਕੀਤਾ ਜਾਵੇਗਾ। ਸੈਸ਼ਨ ਦੀ ਸ਼ੁਰੂਆਤ ਦੁਪਹਿਰ 12 ਵਜੇ ਹੋਵੇਗੀ। ਜਾਣਕਾਰੀ ਮੁਤਾਬਕ, ਇਸ ਸਾਲ ਦਾ ਬਜਟ ਪਿਛਲੇ ਸਾਲ ਨਾਲੋਂ ਲਗਭਗ 9 ਫੀਸਦੀ ਵੱਧ ਹੋਣ ਦੀ ਸੰਭਾਵਨਾ ਹੈ। ਜਿੱਥੇ 2025-26 ਦਾ ਬਜਟ ₹1,386 ਕਰੋੜ ਸੀ, ਉੱਥੇ ਇਸ ਵਾਰ ਇਹ ਲਗਭਗ ₹1,500 ਕਰੋੜ ਤੱਕ ਪਹੁੰਚਣ ਦੀ ਉਮੀਦ ਹੈ। ਇਸ ਬਜਟ ਵਿੱਚ ਧਾਰਮਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਵਿਦਿਅਕ ਸੰਸਥਾਵਾਂ ਨੂੰ ਮਜ਼ਬੂਤ ਕਰਨ ‘ਤੇ ਖ਼ਾਸ ਜ਼ੋਰ ਦਿੱਤਾ ਗਿਆ ਹੈ। ਸ਼ਰਧਾਲੂਆਂ ਨੂੰ ਵਧੀਆ ਸਹੂਲਤਾਂ ਮੁਹੱਈਆ ਕਰਵਾਉਣ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਰ ਗੁਰਦੁਆਰਿਆਂ ਨਾਲ ਜੁੜੀਆਂ ਸਰਾਵਾਂ ਦੀ ਉਸਾਰੀ ਅਤੇ ਵਿਸਥਾਰ ਨੂੰ ਤਰਜੀਹ ਦਿੱਤੀ ਜਾਵੇਗੀ। ਕੁੱਲ ਮਿਲਾ ਕੇ, ਇਹ ਬਜਟ ਧਰਮ, ਸਿੱਖਿਆ ਅਤੇ ਸੇਵਾ ਦੇ ਖੇਤਰ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।

Posted By: Daily Suraj Bureau

Latest News