ਪੰਜਾਬ ਵਿੱਚ ਸਿਰਫ਼ ਯੋਗਤਾ ਦੇ ਆਧਾਰ ‘ਤੇ ਮਿਲਦੀਆਂ ਹਨ ਸਰਕਾਰੀ ਨੌਕਰੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਪੰਜਾਬ
- (Asia/Kolkata)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਨੇ ਅਜਿਹੀ ਪਾਰਦਰਸ਼ੀ ਪ੍ਰਣਾਲੀ ਕਾਇਮ ਕੀਤੀ ਹੈ, ਜਿਸ ਵਿੱਚ ਸਰਕਾਰੀ ਨੌਕਰੀਆਂ ਸਿਰਫ਼ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਨਾ ਤਾਂ ਪੈਸੇ ਅਤੇ ਨਾ ਹੀ ਸਿਫ਼ਾਰਸ਼ ਨੂੰ ਕੋਈ ਤਰਜੀਹ ਦਿੱਤੀ ਜਾਂਦੀ ਹੈ। ਜ਼ੀਰਕਪੁਰ ਵਿੱਚ ਨੀਟ-2026 ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਦੇ ਸਨਮਾਨ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਾਲ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਰਿਕਾਰਡ 882 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਵੱਲੋਂ ਪਾਰਦਰਸ਼ੀ ਭਰਤੀ ਪ੍ਰਕਿਰਿਆ ਰਾਹੀਂ 68,000 ਤੋਂ ਵੱਧ ਸਰਕਾਰੀ ਨੌਕਰੀਆਂ ਸਿਰਫ਼ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਜਾ ਚੁੱਕੀਆਂ ਹਨ, ਜੋ ਸਰਕਾਰ ਦੀ ਇਮਾਨਦਾਰੀ, ਪਾਰਦਰਸ਼ਤਾ ਅਤੇ ਬਰਾਬਰ ਮੌਕੇ ਪ੍ਰਦਾਨ ਕਰਨ ਦੀ ਨੀਤੀ ਨੂੰ ਦਰਸਾਉਂਦੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਸਫ਼ਲਤਾ ਸਰਕਾਰ ਵੱਲੋਂ ਮਿਆਰੀ ਸਿੱਖਿਆ, ਮੁਫ਼ਤ ਕੋਚਿੰਗ, ਮੈਂਟਰਸ਼ਿਪ ਅਤੇ ਕਰੀਅਰ ਕਾਊਂਸਲਿੰਗ ਨੂੰ ਦਿੱਤੀ ਗਈ ਤਰਜੀਹ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਯਤਨਾਂ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਦੇਸ਼ ਦੇ ਸਭ ਤੋਂ ਵਧੀਆ ਵਿਦਿਆਰਥੀਆਂ ਨਾਲ ਮੁਕਾਬਲਾ ਕਰਨ ਦੇ ਯੋਗ ਬਣਾਇਆ ਹੈ ਅਤੇ ‘ਰੰਗਲਾ ਪੰਜਾਬ’ ਦੀ ਮਜ਼ਬੂਤ ਨੀਂਹ ਰੱਖੀ ਹੈ। ਸਮਾਰੋਹ ਦੌਰਾਨ ਮੁੱਖ ਮੰਤਰੀ ਨੇ ਨੀਟ-2026 ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਨਾਲ ਗੱਲਬਾਤ ਵੀ ਕੀਤੀ। ਕਈ ਵਿਦਿਆਰਥੀਆਂ ਨੇ ਮੁੱਖ ਮੰਤਰੀ ਤੋਂ ਆਟੋਗ੍ਰਾਫ ਲਏ, ਜਦਕਿ ਕੁਝ ਨੇ ਉਨ੍ਹਾਂ ਨੂੰ ਆਪਣੇ ਹੱਥਾਂ ਨਾਲ ਬਣਾਏ ਚਿੱਤਰ ਭੇਟ ਕਰਕੇ ਧੰਨਵਾਦ ਪ੍ਰਗਟਾਇਆ। ਮੁੱਖ ਮੰਤਰੀ ਨੇ ਆਪਣੇ ‘ਐਕਸ’ ਅਕਾਊਂਟ ‘ਤੇ ਲਿਖਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਜੇਕਰ ਬੱਚਿਆਂ ਨੂੰ ਗੁਣਵੱਤਾ ਵਾਲੀ ਸਿੱਖਿਆ ਅਤੇ ਬਿਹਤਰ ਮੌਕੇ ਮਿਲਣ ਤਾਂ ਕੋਈ ਵੀ ਸੁਪਨਾ ਅਧੂਰਾ ਨਹੀਂ ਰਹਿੰਦਾ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕਰਕੇ ਇਤਿਹਾਸ ਰਚਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨੀਟ ਵਿੱਚ ਆਲ ਇੰਡੀਆ ਰੈਂਕ-1 ਹਾਸਲ ਕਰਨ ਵਾਲਾ ਆਰੀਅਨ ਗੁਪਤਾ ਵੀ ਪੰਜਾਬ ਨਾਲ ਸੰਬੰਧਿਤ ਹੈ, ਜਿਸ ਨਾਲ ਸੂਬੇ ਦਾ ਮਾਣ ਵਧਿਆ ਹੈ। ਉਨ੍ਹਾਂ ਕਿਹਾ ਕਿ ਇਹ ਸਫ਼ਲਤਾ ਵਿਦਿਆਰਥੀਆਂ ਦੀ ਮਿਹਨਤ, ਮਾਪਿਆਂ ਦੇ ਸਹਿਯੋਗ ਅਤੇ ਅਧਿਆਪਕਾਂ ਦੀ ਨਿਰੰਤਰ ਮਿਹਨਤ ਦਾ ਨਤੀਜਾ ਹੈ। ਸਰਕਾਰ ਹਰ ਬੱਚੇ ਨੂੰ ਵੱਡੇ ਸੁਪਨੇ ਦੇਖਣ ਅਤੇ ਉਨ੍ਹਾਂ ਨੂੰ ਸਾਕਾਰ ਕਰਨ ਲਈ ਲੋੜੀਂਦੇ ਮੌਕੇ ਅਤੇ ਸਰੋਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਦੱਸਿਆ ਕਿ 2022 ਵਿੱਚ ਸਿਰਫ਼ 82 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਸੀ, ਜਦਕਿ 2026 ਵਿੱਚ ਇਹ ਗਿਣਤੀ 882 ਤੱਕ ਪਹੁੰਚ ਗਈ ਹੈ। ਉਨ੍ਹਾਂ ਇਸ ਨੂੰ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਆਏ ਵੱਡੇ ਬਦਲਾਅ ਦਾ ਪ੍ਰਤੀਕ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਸਾਲ ਦੇਸ਼ ਭਰ ਤੋਂ ਲਗਭਗ 20 ਲੱਖ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਦਿੱਤੀ। ਪੰਜਾਬ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ, ਪਰ ਉਨ੍ਹਾਂ ਦਾ ਕਹਿਣਾ ਸੀ ਕਿ ਪੇਪਰ ਲੀਕ ਕਾਰਨ ਕਈ ਯੋਗ ਵਿਦਿਆਰਥੀਆਂ ਨੂੰ ਨੁਕਸਾਨ ਝੱਲਣਾ ਪਿਆ। ਉਨ੍ਹਾਂ ਕਿਹਾ ਕਿ 2017, 2024 ਅਤੇ ਹੁਣ 2026 ਵਿੱਚ ਦੇਸ਼ ਪੱਧਰ ‘ਤੇ ਪੇਪਰ ਲੀਕ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਸ ਨੂੰ ਉਨ੍ਹਾਂ ਕੇਂਦਰ ਸਰਕਾਰ ਦੀ ਅਸਫਲਤਾ ਦੱਸਿਆ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਉਨ੍ਹਾਂ ਦੀ ਸਰਕਾਰ ਦੇ ਚਾਰ ਸਾਲ ਤੋਂ ਵੱਧ ਕਾਰਜਕਾਲ ਦੌਰਾਨ ਇੱਕ ਵੀ ਪ੍ਰੀਖਿਆ ਪੇਪਰ ਲੀਕ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਫਾਰਮੇਸੀ ਅਫਸਰ ਭਰਤੀ ਪ੍ਰੀਖਿਆ ਵਿੱਚ ਨਕਲ ਦੀ ਕੋਸ਼ਿਸ਼ ਸਾਹਮਣੇ ਆਉਣ ‘ਤੇ ਸਰਕਾਰ ਨੇ ਤੁਰੰਤ ਕਾਰਵਾਈ ਕੀਤੀ ਅਤੇ ਇਸ ਮਾਮਲੇ ਵਿੱਚ ਸ਼ਾਮਲ 21 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਗਿਆ। ਉਨ੍ਹਾਂ ਭਰੋਸਾ ਦਿੱਤਾ ਕਿ ਕਿਸੇ ਵੀ ਨੌਜਵਾਨ ਦਾ ਭਵਿੱਖ ਪੇਪਰ ਲੀਕ ਜਾਂ ਨਕਲ ਕਾਰਨ ਦਾਅ ‘ਤੇ ਨਹੀਂ ਲੱਗਣ ਦਿੱਤਾ ਜਾਵੇਗਾ। ਸਰਕਾਰੀ ਭਰਤੀਆਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਭਰਤੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਹੈ ਅਤੇ ਹੁਣ ਤੱਕ 68,000 ਤੋਂ ਵੱਧ ਸਰਕਾਰੀ ਨੌਕਰੀਆਂ ਬਿਨਾਂ ਕਿਸੇ ਸਿਫ਼ਾਰਸ਼, ਰਿਸ਼ਵਤ ਜਾਂ ਪੱਖਪਾਤ ਦੇ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਕਈ ਉਮੀਦਵਾਰ ਆਪਣੀ ਯੋਗਤਾ ਦੇ ਆਧਾਰ ‘ਤੇ ਇੱਕ ਤੋਂ ਵੱਧ ਵਾਰ ਸਰਕਾਰੀ ਨੌਕਰੀ ਹਾਸਲ ਕਰ ਚੁੱਕੇ ਹਨ ਅਤੇ ਕਈ ਪੰਜਾਬੀ ਨੌਜਵਾਨ ਵਿਦੇਸ਼ਾਂ ਤੋਂ ਵਾਪਸ ਆ ਕੇ ਸੂਬੇ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਿਦਿਆਰਥੀਆਂ ਨੂੰ ਹੋਰ ਸਖ਼ਤ ਮੁਕਾਬਲੇ ਲਈ ਤਿਆਰ ਕਰ ਰਹੀ ਹੈ। ਹੁਣ ਵਿਦਿਆਰਥੀ ਆਸਾਨ ਨਹੀਂ, ਸਗੋਂ ਵਧੇਰੇ ਚੁਣੌਤੀਪੂਰਨ ਪ੍ਰੀਖਿਆਵਾਂ ਦੀ ਮੰਗ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਆਪਣੀ ਯੋਗਤਾ ‘ਤੇ ਭਰੋਸਾ ਹੈ। ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਰਕਾਰ ਅਧਿਆਪਕਾਂ ਨੂੰ ਫਿਨਲੈਂਡ ਅਤੇ ਆਈ.ਆਈ.ਐਮ. ਵਰਗੀਆਂ ਪ੍ਰਮੁੱਖ ਸੰਸਥਾਵਾਂ ਵਿੱਚ ਆਧੁਨਿਕ ਸਿਖਲਾਈ ਲਈ ਭੇਜ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਯਤਨਾਂ ਦੇ ਨਤੀਜੇ ਵਜੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਨੀਟ ਵਰਗੀਆਂ ਵੱਕਾਰੀ ਪ੍ਰੀਖਿਆਵਾਂ ਵਿੱਚ ਸਫ਼ਲਤਾ ਹਾਸਲ ਕਰ ਰਹੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਸਫ਼ਲਤਾ ਮਿਲਣ ਤੋਂ ਬਾਅਦ ਵੀ ਨਿਮਰਤਾ ਬਣਾਈ ਰੱਖਣੀ ਚਾਹੀਦੀ ਹੈ। ਆਤਮ-ਵਿਸ਼ਵਾਸ ਅਤੇ ਸਕਾਰਾਤਮਕ ਸੋਚ ਦੇ ਨਾਲ-ਨਾਲ ਸਖ਼ਤ ਮਿਹਨਤ ਹੀ ਅਸਲ ਸਫ਼ਲਤਾ ਦੀ ਕੁੰਜੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ 2022 ਵਿੱਚ ਉਨ੍ਹਾਂ ਦੀ ਸਰਕਾਰ ਸੱਤਾ ਵਿੱਚ ਆਈ ਸੀ, ਉਸ ਸਮੇਂ ਪੰਜਾਬ ਸਕੂਲੀ ਸਿੱਖਿਆ ਵਿੱਚ 27ਵੇਂ ਸਥਾਨ ‘ਤੇ ਸੀ, ਪਰ ਲਗਾਤਾਰ ਸੁਧਾਰਾਂ ਅਤੇ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ ਦੇ ਯਤਨਾਂ ਸਦਕਾ ਅੱਜ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ‘ਸਕੂਲਜ਼ ਆਫ਼ ਐਮੀਨੈਂਸ’ ਦੀ ਸਥਾਪਨਾ ਅਤੇ ਹੋਰ ਸੁਧਾਰਾਂ ਨਾਲ ਪੰਜਾਬ ਨੇ ਕੇਰਲ ਨੂੰ ਪਿੱਛੇ ਛੱਡ ਕੇ ਇਹ ਉਪਲਬਧੀ ਹਾਸਲ ਕੀਤੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਜਿਵੇਂ ਹਵਾਈ ਜਹਾਜ਼ ਨੂੰ ਉਡਾਣ ਲਈ ਰਨਵੇ ਦੀ ਲੋੜ ਹੁੰਦੀ ਹੈ, ਉਸੇ ਤਰ੍ਹਾਂ ਸਰਕਾਰ ਨੌਜਵਾਨਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮਜ਼ਬੂਤ ਬੁਨਿਆਦ ਤਿਆਰ ਕਰ ਰਹੀ ਹੈ। ਉਨ੍ਹਾਂ ਹਰ ਵਿਦਿਆਰਥੀ ਨੂੰ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਅਤੇ ਸਖ਼ਤ ਮਿਹਨਤ ਨਾਲ ਅੱਗੇ ਵਧਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਖ਼ਾਸ ਤੌਰ ‘ਤੇ ਲੜਕੀਆਂ ਨੂੰ ਸਿੱਖਿਆ ਰਾਹੀਂ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਮਹਿਲਾ ਸਸ਼ਕਤੀਕਰਨ ਬਰਾਬਰੀ ਵਾਲੇ ਸਮਾਜ ਦੀ ਨੀਂਹ ਹੈ ਅਤੇ ਲੜਕੀਆਂ ਹਰ ਖੇਤਰ ਵਿੱਚ ਨਵੇਂ ਕੀਰਤੀਮਾਨ ਸਥਾਪਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਰਤ ਨੂੰ ਵਿਸ਼ਵ ਪੱਧਰ ‘ਤੇ ਅੱਗੇ ਲੈ ਜਾਣ ਵਿੱਚ ਪੰਜਾਬ ਦੀ ਅਹਿਮ ਭੂਮਿਕਾ ਰਹੀ ਹੈ ਅਤੇ ਅੱਗੇ ਵੀ ਸੂਬਾ ਕੌਮੀ ਤਰੱਕੀ ਵਿੱਚ ਮੋਹਰੀ ਯੋਗਦਾਨ ਦਿੰਦਾ ਰਹੇਗਾ। ਉਨ੍ਹਾਂ ਵਿਦਿਆਰਥੀਆਂ ਨੂੰ ਮੁੜ ਵਧਾਈ ਦਿੰਦਿਆਂ ਉਨ੍ਹਾਂ ਦੇ ਰੌਸ਼ਨ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹੋਰ ਪਤਵੰਤਿਆਂ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਹੋਏ ਬਦਲਾਅ ਦੀ ਸ਼ਲਾਘਾ ਕੀਤੀ। ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਨੀਟ ਵਿੱਚ ਰਚਿਆ ਨਵਾਂ ਇਤਿਹਾਸ ਪੰਜਾਬ ਦੇ ਸਿੱਖਿਆ ਸੁਧਾਰਾਂ ਦੇ ਨਤੀਜੇ ਵਜੋਂ 882 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਨੀਟ-2026 ਪ੍ਰੀਖਿਆ ਪਾਸ ਕੀਤੀ, ਜੋ ਕਿ 2024 ਵਿੱਚ ਸਫ਼ਲ ਹੋਏ 437 ਵਿਦਿਆਰਥੀਆਂ ਨਾਲੋਂ ਦੁੱਗਣੀ ਤੋਂ ਵੀ ਵੱਧ ਗਿਣਤੀ ਹੈ। ਪਿਛਲੇ ਤਿੰਨ ਸਾਲਾਂ ਵਿੱਚ 2,166 ਵਿਦਿਆਰਥੀਆਂ ਨੇ ਨੀਟ ਅਤੇ 786 ਵਿਦਿਆਰਥੀਆਂ ਨੇ ਜੇ.ਈ.ਈ. ਪ੍ਰੀਖਿਆ ਪਾਸ ਕੀਤੀ ਹੈ। ਨੀਟ-2026 ਵਿੱਚ ਸਫ਼ਲ ਹੋਏ 882 ਵਿਦਿਆਰਥੀਆਂ ਵਿੱਚੋਂ 686 ਲੜਕੀਆਂ ਹਨ, ਜਦਕਿ 340 ਵਿਦਿਆਰਥੀ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸੰਬੰਧਤ ਹਨ, ਜੋ ਸਿੱਖਿਆ ਤੱਕ ਸਮਾਨ ਪਹੁੰਚ ਯਕੀਨੀ ਬਣਾਉਣ ਦੀ ਸਰਕਾਰੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸ ਸਫ਼ਲਤਾ ਵਿੱਚ ‘ਪੇਸ’ (Punjab Academic Coaching for Excellence) ਪ੍ਰੋਗਰਾਮ ਨੇ ਅਹਿਮ ਭੂਮਿਕਾ ਨਿਭਾਈ ਹੈ। ‘ਅਵੰਤੀ’ ਅਤੇ ‘ਮੰਤਰਾ ਫਾਰ ਚੇਂਜ’ ਦੇ ਸਹਿਯੋਗ ਨਾਲ ਇਸ ਯੋਜਨਾ ਤਹਿਤ ਮੁਫ਼ਤ ਕੋਚਿੰਗ, ਮੈਂਟਰਸ਼ਿਪ, ਮੌਕ ਟੈਸਟ ਅਤੇ ਕਰੀਅਰ ਗਾਈਡੈਂਸ ਮੁਹੱਈਆ ਕਰਵਾਈ ਜਾਂਦੀ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਨੇ 28,000 ਤੋਂ ਵੱਧ ਪੱਕੇ ਅਧਿਆਪਕਾਂ ਦੀ ਭਰਤੀ, 5,012 ਸਰਕਾਰੀ ਸਕੂਲਾਂ ਵਿੱਚ ਕੰਪਿਊਟਰ ਲੈਬਾਂ ਦੀ ਸਥਾਪਨਾ, 8,268 ਇੰਟਰਐਕਟਿਵ ਪੈਨਲਾਂ ਦੀ ਸਥਾਪਨਾ ਅਤੇ ਆਧੁਨਿਕ ਬੁਨਿਆਦੀ ਢਾਂਚੇ ਦੇ ਵਿਕਾਸ ਨਾਲ ਸਿੱਖਿਆ ਖੇਤਰ ਨੂੰ ਹੋਰ ਮਜ਼ਬੂਤ ਕੀਤਾ ਹੈ।
Leave a Reply