ਮੋਗਾ ਅਦਾਲਤ 'ਚ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਪੇਸ਼ੀ: ਵਕੀਲ ਦਾ ਦਾਅਵਾ— ਸਿਆਸੀ ਰੰਗਤ ਦੇ ਕੇ ਦਰਜ ਕੀਤਾ ਗਿਆ ਝੂਠਾ ਮਾਮਲਾ
ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਭਾਬੀ ਕਤਲ ਕਾਂਡ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਅੱਜ ਪੁਲੀਸ ਵੱਲੋਂ ਇੱਕ ਪੁਰਾਣੇ ਮਾਮਲੇ ਦੇ ਸਿਲਸਿਲੇ ਵਿੱਚ ਮੋਗਾ ਦੀ ਸਿਵਲ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਮੌਕੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਥਾਣਾ ਸਿਟੀ ਦੇ ਮੁੱਖੀ ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਦੀ ਅਗਵਾਈ ਹੇਠ ਪੁਲੀਸ ਪ੍ਰਸ਼ਾਸਨ ਵੱਲੋਂ ਅਦਾਲਤ ਕੰਪਲੈਕਸ ਵਿੱਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਸਨ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਮਹਿਰੋਂ ਵਿਰੁੱਧ ਥਾਣਾ ਮਹਿਣਾ ਵਿਖੇ ਸੋਸ਼ਲ ਮੀਡੀਆ 'ਤੇ ਭੜਕਾਊ ਸਮੱਗਰੀ ਪੋਸਟ ਕਰਨ ਅਤੇ ਹਥਿਆਰਾਂ ਦਾ ਪ੍ਰਦਰਸ਼ਨ ਕਰਨ ਦੇ ਦੋਸ਼ਾਂ ਹੇਠ ਪਹਿਲਾਂ ਤੋਂ ਹੀ ਕੇਸ ਦਰਜ ਹੈ। ਇਸੇ ਪੁਰਾਣੇ ਮਾਮਲੇ ਵਿੱਚ ਅਦਾਲਤੀ ਕਾਰਵਾਈ ਨੂੰ ਅੱਗੇ ਵਧਾਉਣ ਦੇ ਉਦੇਸ਼ ਨਾਲ ਪੁਲੀਸ ਟੀਮ ਵੱਲੋਂ ਉਸ ਨੂੰ ਅੱਜ ਮੋਗਾ ਅਦਾਲਤ ਵਿੱਚ ਲਿਆਂਦਾ ਗਿਆ ਸੀ। ਦੂਜੇ ਪਾਸੇ, ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਵਕੀਲ ਨੇ ਪੁਲੀਸ ਕਾਰਵਾਈ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਤੱਥਾਂ ਨੂੰ ਤੋੜ-ਮਰੋੜ ਕੇ ਇਹ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸੇ ਤਰ੍ਹਾਂ ਦੇ ਮਾਮਲੇ ਵਿੱਚ ਅਦਾਲਤ ਪਹਿਲਾਂ ਹੀ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਬਰੀ ਕਰ ਚੁੱਕੀ ਹੈ। ਵਕੀਲ ਅਨੁਸਾਰ ਇਹ ਮਾਮਲਾ ਪੂਰੀ ਤਰ੍ਹਾਂ ਸਿਆਸੀ ਦਬਾਅ ਹੇਠ ਦਰਜ ਕੀਤਾ ਗਿਆ ਹੈ ਅਤੇ ਇਸ ਵਿੱਚ ਕੋਈ ਸੱਚਾਈ ਨਹੀਂ ਹੈ। ਉਨ੍ਹਾਂ ਮਾਨਯੋਗ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਜਿਸ ਮੁਕੱਦਮੇ ਵਿੱਚੋਂ ਅਦਾਲਤ ਕਿਸੇ ਵਿਅਕਤੀ ਨੂੰ ਇੱਕ ਵਾਰ ਬਰੀ ਕਰ ਚੁੱਕੀ ਹੋਵੇ, ਉਸ 'ਤੇ ਦੁਬਾਰਾ ਕੇਸ ਨਹੀਂ ਚਲਾਇਆ ਜਾ ਸਕਦਾ। ਵਕੀਲ ਨੇ ਸਪੱਸ਼ਟ ਕੀਤਾ ਕਿ ਉਹ ਮਾਮਲੇ ਦੀ ਕਾਨੂੰਨੀ ਘੋਖ ਕਰ ਰਹੇ ਹਨ ਅਤੇ ਅਦਾਲਤ ਵਿੱਚ ਪੈਰਵੀ ਜਾਰੀ ਰੱਖਣਗੇ।
Posted By: Daily Suraj Bureau