ਪੀ.ਏ.ਯੂ.-ਕੇ.ਵੀ.ਕੇ. ਸੰਗਰੂਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਸਬੰਧੀ ਕਿਸਾਨ ਜਾਗਰੂਕਤਾ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਖੇਤੀਬਾੜੀ ਵਿਭਾਗ, ਸੁਨਾਮ ਦੇ ਸਹਿਯੋਗ ਨਾਲ ਪਿੰਡ ਫਤਹਿਗੜ੍ਹ, ਬਲਾਕ ਸੁਨਾਮ ਵਿਖੇ "ਸੰਤੁਲਿਤ ਖਾਦ ਪ੍ਰਬੰਧ" ਵਿਸ਼ੇ 'ਤੇ ਕਿਸਾਨ ਜਾਗਰੂਕਤਾ ਅਤੇ ਸੰਵਾਦ ਪ੍ਰੋਗਰਾਮ ਕੀਤਾ ਗਿਆ। ਜਿਸ ਵਿੱਚ 45 ਕਿਸਾਨਾਂ ਨੇ ਭਾਗ ਲੈ ਕੇ ਵਿਗਿਆਨੀਆਂ ਅਤੇ ਖੇਤੀ ਮਾਹਿਰਾਂ ਨਾਲ ਸਿੱਧਾ ਸੰਵਾਦ ਕੀਤਾ। ਇਹ ਪ੍ਰੋਗਰਾਮ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ, ਨਵੀਂ ਦਿੱਲੀ ਵੱਲੋਂ ਚਲਾਈ ਜਾ ਰਹੀ ਰਾਸ਼ਟਰੀ ਮੁਹਿੰਮ ਤਹਿਤ ਕੀਤਾ ਗਿਆ। ਜਿਸ ਦਾ ਉਦੇਸ਼ ਫ਼ਸਲਾਂ ਵਿੱਚ ਸੰਤੁਲਿਤ ਪੌਸ਼ਟਿਕ ਤੱਤ ਪ੍ਰਬੰਧਨ ਨੂੰ ਉਤਸ਼ਾਹਿਤ ਕਰਨਾ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵਧਾਉਣਾ ਹੈ। ਇਸ ਕੈਂਪ ਦੌਰਾਨ ਡਾ. ਮਨਦੀਪ ਸਿੰਘ, ਇੰਚਾਰਜ, ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਕਿਸਾਨਾਂ ਨੂੰ ਫਸਲਾਂ ਵਿੱਚ ਸੰਤੁਲਿਤ ਖਾਦ ਪ੍ਰਬੰਧ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਫ਼ਸਲ ਵਿੱਚ ਖਾਦਾਂ ਦੀ ਵਰਤੋਂ ਮਿੱਟੀ ਪਰਖ ਆਧਾਰ 'ਤੇ ਸਹੀ ਮਾਤਰਾ, ਸਹੀ ਸਮੇਂ ਅਤੇ ਸਹੀ ਢੰਗ ਅਨੁਸਾਰ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਸਾਨਾਂ ਨੂੰ ਰਸਾਇਣਕ ਖਾਦਾਂ, ਖਾਸ ਕਰਕੇ ਯੂਰੀਆ ਅਤੇ ਫਾਸਫੋਰਸ ਦੀ ਲੋੜ ਤੋਂ ਵੱਧ ਵਰਤੋਂ ਕਰਨ ਤੋਂ ਗ਼ੁਰੇਜ਼ ਕਰਨ ਦੀ ਸਲਾਹ ਦਿੱਤੀ ਅਤੇ ਏਕੀਕ੍ਰਿਤ ਪੌਸ਼ਟਿਕ ਤੱਤ ਪ੍ਰਬੰਧਨ 'ਤੇ ਜ਼ੋਰ ਦਿੱਤਾ। ਉਨ੍ਹਾਂ ਝੋਨੇ ਅਤੇ ਬਾਸਮਤੀ ਵਿੱਚ ਨਾਈਟ੍ਰੋਜਨ, ਫਾਸਫੋਰਸ ਅਤੇ ਪੋਟਾਸ਼ ਦੀ ਸੰਤੁਲਿਤ ਵਰਤੋਂ ਸਬੰਧੀ ਵਿਗਿਆਨਕ ਜਾਣਕਾਰੀ ਸਾਂਝੀ ਕੀਤੀ। ਉਹਨਾਂ ਕਿਹਾ ਕਿ ਜੇਕਰ ਕਣਕ ਦੀ ਫ਼ਸਲ ਨੂੰ ਸਿਫਾਰਸ਼ ਕੀਤੀ ਮਾਤਰਾ ਵਿੱਚ ਡੀ ਏ ਪੀ ਖਾਦ ਪਾਈ ਗਈ ਹੋਵੇ ਤਾਂ ਸਾਉਣੀ ਦੌਰਾਨ ਝੋਨੇ ਵਿੱਚ ਫਾਸਫੋਰਸ ਵਾਲੀ ਖਾਦ ਪਾਉਣ ਦੀ ਲੋੜ ਨਹੀਂ ਹੁੰਦੀ। ਇਸ ਤੋਂ ਇਲਾਵਾ ਉਹਨਾਂ ਮਿੱਟੀ ਪਰਖ ਲਈ ਨਮੂਨਾ ਲੈਣ ਦੇ ਵਿਗਿਆਨਕ ਢੰਗ ਬਾਰੇ ਵੀ ਜਾਣਕਾਰੀ ਦਿੱਤੀ। ਉਹਨਾਂ ਪਾਣੀ ਦੀ ਬੱਚਤ ਲਈ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਸ਼ ਕੀਤੀਆਂ ਝੋਨੇ ਦੀਆਂ ਘੱਟ ਅਤੇ ਦਰਮਿਆਨੇ ਸਮੇਂ ਦੀਆਂ ਕਿਸਮਾਂ ਜਿਵੇਂ ਕਿ ਪੀ ਆਰ 133, ਪੀ ਆਰ 132, ਪੀ ਆਰ 131, ਪੀ ਆਰ 128 ਅਤੇ ਪੀ ਆਰ 126 ਦੀ ਬਿਜਾਈ ਕਰਨ ਦੀ ਜ਼ੋਰਦਾਰ ਅਪੀਲ ਕੀਤੀ। ਡਾ. ਰੁਕਿੰਦਰਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਤੋਂ ਲੈ ਕੇ ਨਿਸਾਰੇ ਤਕ ਖਾਦ ਪ੍ਰਬੰਧਨ ਦੀਆਂ ਵਿਗਿਆਨਕ ਵਿਧੀਆਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਨੂੰ ਜੀਵਾਣੂੰ ਖਾਦ ਦਾ ਟੀਕਾ ਲਾਉਣ ਦੇ ਫਾਇਦਿਆਂ ਅਤੇ ਤਰੀਕੇ ਬਾਰੇ ਚੰਗੀ ਤਰ੍ਹਾਂ ਸਮਝਾਇਆ। ਉਹਨਾਂ ਕਿਸਾਨਾਂ ਨੂੰ ਹਰੀ ਖਾਦ ਨੂੰ ਮਿੱਟੀ ਵਿੱਚ ਮਿਲਾਉਣ ਦੇ ਫਾਇਦਿਆਂ ਇਸ ਨਾਲ ਹੋਣ ਵਾਲੀ ਨਾਈਟ੍ਰੋਜਨ ਤੱਤ ਦੀ ਬੱਚਤ ਬਾਰੇ ਵੀ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਹਨਾਂ ਕਿਸਾਨਾਂ ਵੱਲੋਂ ਪੁੱਛੇ ਸਵਾਲਾਂ ਜਿਵੇਂ ਕਿ ਝੋਨੇ ਵਿੱਚ ਮਧਰੇਪਣ ਦਾ ਰੋਗ, ਬਾਸਮਤੀ ਵਿੱਚ ਝੰਡਾ ਰੋਗ ਸਿੱਧੀ ਬਿਜਾਈ ਵਾਲੇ ਝੋਨੇ ਵਿੱਚ ਘੋੜਾ ਘਾਹ, ਆਦਿ ਦੀ ਰੋਕਥਾਮ ਬਾਰੇ ਵਿਗਿਆਨਕ ਢੰਗ ਨਾਲ ਜਵਾਬ ਦਿੱਤੇ। ਕੈਂਪ ਉਪਰੰਤ ਅਗਾਂਹਵਧੂ ਕਿਸਾਨ ਸ. ਫਤਹਿਬੀਰ ਸਿੰਘ ਸਿੱਧੂ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਦੀ ਪ੍ਰੇਰਣਾ ਸਦਕਾ ਬੀਜੀ ਜਾ ਰਹੀ ਝੋਨੇ ਦੀ ਮੈਟ ਟਾਈਪ ਨਰਸਰੀ ਦੀ ਨਿਰੀਖਣ ਕੀਤਾ ਗਿਆ ਅਤੇ ਕਿਸਾਨ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਕਿਸਾਨਾਂ ਵੱਲੋਂ ਫਤਹਿਬੀਰ ਸਿੰਘ ਸਿੱਧੂ ਅਤੇ ਹਰਿੰਦਰਬੀਰ ਸਿੰਘ ਸਿੱਧੂ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਦੀ ਟੀਮ ਦਾ ਧੰਨਵਾਦ ਕੀਤਾ ਗਿਆ।
Posted By: Daily Suraj Bureau