ਰਾਜਪਾਲ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਦਾ ਸੰਕਲਪ ਦੁਹਰਾਇਆ

ਰਾਜਪਾਲ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਦਾ ਸੰਕਲਪ ਦੁਹਰਾਇਆ

ਪੰਜਾਬ ਵਿੱਚੋਂ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖਤਮ ਕਰਨ ਲਈ ਸੂਬਾ ਸਰਕਾਰ ਦੇ ਦ੍ਰਿੜ੍ਹ ਸੰਕਲਪ ਨੂੰ ਦੁਹਰਾਉਂਦਿਆਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਰਾਹੀਂ ਨਸ਼ਾ ਤਸਕਰਾਂ ਦੇ ਸਮੁੱਚੇ ਤੰਤਰ ਦਾ ਆਰਥਿਕ ਤੌਰ ’ਤੇ ਲੱਕ ਤੋੜਨ ਉਤੇ ਜ਼ੋਰ ਦਿੱਤਾ ਜਾ ਰਿਹਾ ਹੈ।
16ਵੀਂ ਪੰਜਾਬ ਵਿਧਾਨ ਸਭਾ ਦੇ ਅੱਠਵੇਂ ਇਜਲਾਸ ਦੌਰਾਨ ਆਪਣੇ ਸੰਬੋਧਨ ਵਿੱਚ ਰਾਜਪਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ 25 ਫਰਵਰੀ ਨੂੰ ਬਹੁਤ ਹੀ ਦ੍ਰਿੜ੍ਹ ਅਤੇ ਕੇਂਦਰਿਤ ਢੰਗ ਨਾਲ ਨਸ਼ਿਆਂ ਵਿਰੁੱਧ ਜੰਗ (ਯੁੱਧ ਨਸ਼ਿਆਂ ਵਿਰੁੱਧ) ਮੁਹਿੰਮ ਦੀ ਸ਼ੁਰੂਆਤ ਕਰ ਕੇ ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧ ਵਿਰੁੱਧ ਆਪਣੀ ਲੜਾਈ ਤੇਜ਼ ਕੀਤੀ ਹੈ।

ਉਨ੍ਹਾਂ ਕਿਹਾ ਕਿ ਇਸ ਦ੍ਰਿੜ੍ਹ ਸੰਕਲਪ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸੂਬੇ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਉੱਚ ਪੱਧਰੀ ਕੈਬਨਿਟ ਸਬ-ਕਮੇਟੀ ਦਾ ਗਠਨ ਕੀਤਾ ਗਿਆ ਹੈ। ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਪੰਜਾਬ ਵਿੱਚੋਂ ਨਸ਼ਿਆਂ ਦੀ ਸਮੱਸਿਆ ਦੇ ਮੁਕੰਮਲ ਖਾਤਮੇ ਲਈ ਸੂਬੇ ਦੇ ਦ੍ਰਿੜ੍ਹ ਸੰਕਲਪ ਦਾ ਪ੍ਰਗਟਾਵਾ ਕਰਦਿਆਂ ਨਸ਼ਾ ਤਸਕਰਾਂ ਦੀਆਂ ਕਈ ਜਾਇਦਾਦਾਂ ਨੂੰ ਢਾਹਿਆ ਗਿਆ ਹੈ।

ਰਾਜਪਾਲ ਨੇ ਕਿਹਾ ਕਿ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਨੂੰ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਰੂਪ ਵਿੱਚ ਪੁਨਰਗਠਿਤ ਅਤੇ ਮਜ਼ਬੂਤ ਕੀਤਾ ਗਿਆ ਹੈ, ਜਿਸ ਦੀ ਸਥਾਪਨਾ ਨਸ਼ਾ ਕਾਨੂੰਨਾਂ ਨੂੰ ਲਾਗੂ ਕਰਨ, ਪੀੜਤਾਂ ਦੇ ਮੁੜ ਵਸੇਬੇ ਅਤੇ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਲਈ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜਾਗਰੂਕ ਕਰਨ ਲਈ ਸੂਬਾ ਭਰ ਵਿੱਚ 33,079 ਜਨ ਜਾਗਰੂਕਤਾ ਮੀਟਿੰਗਾਂ ਕੀਤੀਆਂ ਗਈਆਂ ਅਤੇ ਸਿਰਫ਼ ਚਾਰ ਮਹੀਨਿਆਂ ਵਿੱਚ 19,523 ਗ੍ਰਾਮ ਰੱਖਿਆ ਕਮੇਟੀਆਂ ਦਾ ਗਠਨ ਕੀਤਾ ਗਿਆ।

ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਲਈ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਹਰ ਸੰਭਵ ਪ੍ਰਸ਼ਾਸਕੀ ਅਤੇ ਕਾਨੂੰਨੀ ਉਪਾਅ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਾਊਂਟਰ-ਇੰਟੈਲੀਜੈਂਸ, ਸਾਈਬਰ ਅਪਰਾਧ ਰੋਕਥਾਮ ਅਤੇ ਆਧੁਨਿਕੀਕਰਨ ਵਿੱਚ ਮਹੱਤਵਪੂਰਨ ਤਰੱਕੀ ਪ੍ਰਾਪਤੀ ਹਾਸਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਇਕ ਜਨਵਰੀ ਤੋਂ 28 ਨਵੰਬਰ, 2024 ਤੱਕ, ਪੰਜਾਬ ਪੁਲਿਸ ਨੇ ਨੌਂ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ, ਜਿਸ ਨਾਲ 59 ਗ੍ਰਿਫ਼ਤਾਰੀਆਂ ਹੋਈਆਂ ਹਨ ਅਤੇ ਹਥਿਆਰ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਸਾਈਬਰ ਅਪਰਾਧ ਡਿਵੀਜ਼ਨ ਸਾਈਬਰ ਖਤਰਿਆਂ ਤੋਂ ਨਿਪਟਾਰਾ ਪਾਉਣ ਲਈ ਲਗਾਤਾਰ ਯਤਨ ਕਰ ਰਿਹਾ ਹੈ, ਜਿਸ ਵਿੱਚ ਪੰਜਾਬ ਵਿੱਚ 28 ਸਾਈਬਰ ਪੁਲਿਸ ਸਟੇਸ਼ਨ ਸਥਾਪਤ ਕਰਨਾ, 24x7 ਸੋਸ਼ਲ ਮੀਡੀਆ ਨਿਗਰਾਨੀ, ਅਤੇ ਸਾਈਬਰ ਮਿੱਤਰ ਚੈਟਬੋਟ ਵਰਗੀਆਂ ਪਹਿਲਕਦਮੀਆਂ ਸ਼ਾਮਲ ਹਨ।
ਸਿਹਤ ਅਤੇ ਸਿੱਖਿਆ ਦੇ ਮਹੱਤਵਪੂਰਨ ਖੇਤਰਾਂ ਵਿੱਚ ਕਈ ਅਹਿਮ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਰਾਜਪਾਲ ਨੇ ਕਿਹਾ ਕਿ ਸੂਬੇ ਵਿੱਚ 881 'ਆਮ ਆਦਮੀ ਕਲੀਨਿਕ' ਚਲਾਏ ਜਾ ਰਹੇ ਹਨ।

ਇਨ੍ਹਾਂ ਕਲੀਨਿਕਾਂ ਵਿੱਚ ਕੁੱਲ 2.98 ਕਰੋੜ ਮਰੀਜ਼ਾਂ ਨੇ ਸਿਹਤ ਸੰਭਾਲ ਸੇਵਾਵਾਂ ਪ੍ਰਾਪਤ ਕੀਤੀਆਂ ਹਨ ਅਤੇ ਹੁਣ ਤੱਕ 90 ਲੱਖ ਤੋਂ ਵੱਧ ਡਾਇਗਨੌਸਟਿਕ ਲੈਬ ਟੈਸਟ ਕੀਤੇ ਜਾ ਚੁੱਕੇ ਹਨ। ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ ਮੌਜੂਦਾ ਮਾਰਕੀਟ ਦਰਾਂ 'ਤੇ 600 ਕਰੋੜ ਰੁਪਏ ਮੁੱਲ ਦੀਆਂ ਦਵਾਈਆਂ ਅਤੇ 100 ਕਰੋੜ ਰੁਪਏ ਦੀ ਕੀਮਤ ਦੇ ਡਾਇਗਨੋਸਟਿਕ ਟੈਸਟ ਉਪਲਬਧ ਕਰਵਾਏ ਗਏ ਹਨ। ਇਨ੍ਹਾਂ ਕਲੀਨਿਕਾਂ ਨੇ ਸੂਬੇ ਦੇ ਲੋਕਾਂ ਦੀ ਸਿਹਤ ਸੰਭਾਲ 'ਤੇ ਹੋਣ ਵਾਲੇ ਖਰਚ ਦੀ ਵੱਡੀ ਰਕਮ 1296 ਕਰੋੜ ਰੁਪਏ ਤੱਕ ਘਟਾਉਣ ਵਿੱਚ ਯੋਗਦਾਨ ਪਾਇਆ ਹੈ। ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਸਰਕਾਰ ਸਰਕਾਰੀ ਹਸਪਤਾਲਾਂ ਵਿੱਚ ਸਾਰੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਅਗਲੇ ਵਿੱਤੀ ਸਾਲ 2025-26 ਵਿੱਚ ਦਵਾਈਆਂ ਅਤੇ ਖਪਤਕਾਰੀ ਵਸਤੂਆਂ ਦੀ ਖਰੀਦ 'ਤੇ 200 ਕਰੋੜ ਰੁਪਏ ਖਰਚ ਹੋਣ ਦਾ ਅੰਦਾਜ਼ਾ ਹੈ।

ਰਾਜਪਾਲ ਨੇ ਕਿਹਾ ਕਿ ਸਾਰੇ ਜ਼ਿਲ੍ਹਾ, ਸਬ-ਡਿਵੀਜ਼ਨਲ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਐਕਸ-ਰੇਅ ਅਤੇ ਅਲਟਰਾਸਾਊਂਡ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ 554 ਪ੍ਰਾਈਵੇਟ ਐਕਸ-ਰੇਅ ਅਤੇ ਅਲਟਰਾਸਾਊਂਡ ਸੈਂਟਰ ਸੂਚੀਬੱਧ ਕੀਤੇ ਗਏ ਹਨ ਤਾਂ ਜੋ ਮਰੀਜ਼ਾਂ ਨੂੰ ਵਾਜਬ ਕੀਮਤਾਂ ਉਤੇ ਸੇਵਾਵਾਂ ਦਿੱਤੀਆਂ ਜਾ ਸਕਣ। ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਇਸ ਦੀ ਵਾਧੂ ਕੀਮਤ ਸੂਬਾ ਸਰਕਾਰ ਸਹਿਣ ਕਰੇਗਾ ਅਤੇ ਅਗਲੇ 12 ਮਹੀਨਿਆਂ ਵਿੱਚ ਇਨ੍ਹਾਂ ਸੇਵਾਵਾਂ ਉਤੇ 53 ਕਰੋੜ ਖਰਚੇ ਜਾਣਗੇ ਜਿਸ ਨਾਲ ਮਰੀਜ਼ਾਂ ਨੂੰ ਲਾਭ ਮਿਲੇਗਾ।

ਇਸ ਯੋਜਨਾ ਦੀ ਸ਼ੁਰੂਆਤ ਤੋਂ ਲੈ ਕੇ ਫਰਵਰੀ, 2025 ਤੱਕ ਕੁੱਲ 404 ਲਾਭਪਾਤਰੀਆਂ ਨੂੰ ਪੋਰਟਲ 'ਤੇ ਰਜਿਸਟਰ ਕੀਤਾ ਗਿਆ ਹੈ ਅਤੇ ਉਨ੍ਹਾਂ ਨੇ ਇਸ ਯੋਜਨਾ ਦੇ ਤਹਿਤ ਸੂਚੀਬੱਧ ਹਸਪਤਾਲਾਂ ਵਿੱਚ ਇਲਾਜ ਕਰਵਾਇਆ ਹੈ, ਜਿਸ ਦੀ ਪੂਰਵ-ਪ੍ਰਵਾਨਤ ਰਕਮ 42.55 ਲੱਖ ਰੁਪਏ ਹੈ। ਗੁਲਾਬ ਚੰਦ ਕਟਾਰੀਆ ਨੇ ਦੱਸਿਆ ਕਿ ਇਸ ਵੇਲੇ ਸੂਬੇ ਵਿੱਚ ਕੁੱਲ 1700 ਐੱਮ.ਬੀ.ਬੀ.ਐੱਸ. ਸੀਟਾਂ ਵਾਲੇ 12 ਸਰਕਾਰੀ ਅਤੇ ਨਿੱਜੀ ਮੈਡੀਕਲ ਕਾਲਜ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕੇਂਦਰੀ ਸਪਾਂਸਰਡ ਸਕੀਮਾਂ ਅਧੀਨ ਹੁਸ਼ਿਆਰਪੁਰ, ਕਪੂਰਥਲਾ ਅਤੇ ਮਲੇਰਕੋਟਲਾ ਵਿਖੇ 3 ਨਵੇਂ ਮੈਡੀਕਲ ਕਾਲਜ ਅਤੇ ਸੂਬੇ ਦੇ ਫੰਡਾਂ ਨਾਲ ਸੰਗਰੂਰ ਅਤੇ ਐੱਸ.ਬੀ.ਐੱਸ ਨਗਰ ਵਿਖੇ 2 ਨਵੇਂ ਮੈਡੀਕਲ ਕਾਲਜ ਸਥਾਪਤ ਕਰਨ ਦੀ ਪ੍ਰਕਿਰਿਆ ਵਿੱਚ ਹੈ।

ਰਾਜਪਾਲ ਨੇ ਉਦਯੋਗ, ਖੇਡਾਂ, ਬੁਨਿਆਦੀ ਢਾਂਚੇ ਦੇ ਵਿਕਾਸ, ਟਰਾਂਸਪੋਰਟ, ਕਾਨੂੰਨ ਵਿਵਸਥਾ, ਭ੍ਰਿਸ਼ਟਾਚਾਰ ਦੇ ਵਿਰੁੱਧ, ਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟਰੀ ਆਦਿ ਪਹਿਲਕਦਮੀਆਂ ਦਾ ਵੀ ਜ਼ਿਕਰ ਕੀਤਾ। ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਸੂਬਾ ਸਰਕਾਰ ਆਪਸੀ ਸੁਹਿਰਦ ਸਹਿਯੋਗ ਨਾਲ ਕੰਮ ਕਰਦੇ ਹੋਏ ਅਤੇ ਸਾਰਿਆਂ ਲਈ ਨਿਆਂ ਪ੍ਰਾਪਤ ਕਰਨ ਅਤੇ ਗਿਆਨਵਾਨ ਸਮਾਜ ਦੀ ਸਥਾਪਨਾ ਕਰਕੇ ਪੰਜਾਬ ਨੂੰ ਨਵੀਆਂ ਬੁਲੰਦੀਆਂ 'ਤੇ ਲਿਜਾਣ ਵਿੱਚ ਵਿਸ਼ਵਾਸ ਰੱਖਦੀ ਹੈ, ਜੋ ਸਾਰਿਆਂ ਲਈ ਰੋਲ ਮਾਡਲ ਸਾਬਤ ਹੋਵੇਗਾ। ਰਾਜਪਾਲ ਨੇ ਉਮੀਦ ਜ਼ਾਹਰ ਕੀਤੀ ਕਿ ਅਸੀਂ ਸਾਰੇ 'ਖੁਸ਼ਹਾਲ ਪੰਜਾਬ' ਦੀ ਪੁਨਰ-ਸਥਾਪਨਾ ਵੱਲ ਮੋਢੇ ਨਾਲ ਮੋਢਾ ਜੋੜ ਕੇ ਅੱਗੇ ਵਧਾਂਗੇ।

#DrugFreePunjab #PunjabGovernor #SayNoToDrugs #AntiDrugCampaign #HealthyPunjab #YouthEmpowerment #DrugAwareness #CommunitySupport #SocialResponsibility #EndDrugAbuse