Daily Suraj

ਪੰਜਾਬੀ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਕਾਲੀ ਦਲ ਦੀ ਅਹਿਮ ਮੀਟਿੰਗ, ਹੁਕਮਨਾਮੇ ਦੇ ਲਾਗੂਕਰਨ ਲਈ ਬਣੀ ਰਣਨੀਤੀ

20 Jun, 2026 04:26 PM

ਮੁੱਖ ਮੰਤਰੀ ਭਗਵੰਤ ਮਾਨ ਦੀ ਕਥਿਤ ਵਾਇਰਲ ਵੀਡੀਓ ਨਾਲ ਜੁੜੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮਨਾਮੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਦੀ ਸ਼ਨੀਵਾਰ ਨੂੰ ਇੱਕ ਅਹਿਮ ਮੀਟਿੰਗ ਹੋਈ। ਇਹ ਬੈਠਕ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿੱਚ ਆਯੋਜਿਤ ਕੀਤੀ ਗਈ, ਜਿਸ ਵਿੱਚ ਧਾਰਮਿਕ, ਸਮਾਜਿਕ, ਵਿਦਿਅਕ ਅਤੇ ਪੰਥਕ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ ਕਰਕੇ ਅਗਲੀ ਰਣਨੀਤੀ ਤਿਆਰ ਕੀਤੀ ਗਈ। ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਪੰਜ ਮੈਂਬਰੀ ਕਮੇਟੀ ਦੇ ਮੈਂਬਰਾਂ ਅਤੇ ਹੋਰ ਆਗੂਆਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ। ਇਹ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਈ। ਇਸ ਮੌਕੇ ਕਮੇਟੀ ਦੇ ਮੈਂਬਰ ਗੁਲਜ਼ਾਰ ਸਿੰਘ ਰਣੀਕੇ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ ਅਤੇ ਭਾਈ ਅਮਰਜੀਤ ਸਿੰਘ ਚਾਵਲਾ ਨੇ ਵੀ ਹਾਜ਼ਰ ਸੰਗਤ ਨੂੰ ਸੰਬੋਧਨ ਕੀਤਾ। ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਅਤੇ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦੇ ਸ਼ਾਮਲ ਹੋਏ। ਬੈਠਕ ਦੌਰਾਨ ਇਹ ਫ਼ੈਸਲਾ ਲਿਆ ਗਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਬਾਰੇ ਸੰਗਤਾਂ ਨੂੰ ਜਾਗਰੂਕ ਕਰਨ ਲਈ ਪਿੰਡ-ਪਿੰਡ ਜਾ ਕੇ ਮੁਹਿੰਮ ਚਲਾਈ ਜਾਵੇਗੀ। ਇਸ ਦੇ ਨਾਲ ਹੀ ਵੱਖ-ਵੱਖ ਜਥੇਬੰਦੀਆਂ ਨਾਲ ਤਾਲਮੇਲ ਵਧਾ ਕੇ ਹੁਕਮਨਾਮੇ ਦੀ ਪਾਲਣਾ ਯਕੀਨੀ ਬਣਾਉਣ ਲਈ ਸਾਂਝੇ ਯਤਨ ਕੀਤੇ ਜਾਣਗੇ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਇਹ ਮਸਲਾ ਕਿਸੇ ਇੱਕ ਸਿਆਸੀ ਪਾਰਟੀ ਤੱਕ ਸੀਮਤ ਨਹੀਂ ਹੈ, ਸਗੋਂ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨਾਲ-ਨਾਲ ਹੋਰ ਸਿਆਸੀ ਧਿਰਾਂ ਨਾਲ ਵੀ ਸੰਪਰਕ ਕਰਕੇ ਇਸ ਮੁਹਿੰਮ ਨੂੰ ਹੋਰ ਵਿਆਪਕ ਬਣਾਇਆ ਜਾਵੇਗਾ। ਮੀਟਿੰਗ ਵਿੱਚ ਬੋਲਣ ਵਾਲੇ ਆਗੂਆਂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਥਿਤ ਤੌਰ 'ਤੇ ਬੱਜਰ ਗੁਨਾਹ ਕੀਤਾ ਗਿਆ ਹੈ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਸੰਸਥਾ ਹੈ ਅਤੇ ਇਸ ਦੀ ਮਹਾਨਤਾ 'ਤੇ ਕੋਈ ਸਵਾਲ ਨਹੀਂ ਉਠਾਇਆ ਜਾ ਸਕਦਾ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਨੂੰ ਆਪਣੀ ਗਲਤੀ ਲਈ ਮੁਆਫ਼ੀ ਮੰਗਣੀ ਚਾਹੀਦੀ ਸੀ, ਪਰ ਉਨ੍ਹਾਂ ਵੱਲੋਂ ਨਵੇਂ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਡਾ. ਦਲਜੀਤ ਸਿੰਘ ਚੀਮਾ ਨੇ ਗੁਰੂ ਘਰਾਂ ਦੇ ਗ੍ਰੰਥੀ ਸਿੰਘਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਅਪੀਲ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮਨਾਮੇ ਦੇ ਵੱਡੇ ਪੋਸਟਰ ਗੁਰਦੁਆਰਿਆਂ ਵਿੱਚ ਲਗਾਏ ਜਾਣ ਅਤੇ ਸੰਗਤਾਂ ਨੂੰ ਹਰ ਰੋਜ਼ ਇਸ ਬਾਰੇ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਸਮੂਹ ਸੰਗਤ ਨੂੰ ਇਸ ਮੁੱਦੇ 'ਤੇ ਇਕਜੁੱਟ ਹੋ ਕੇ ਅੱਗੇ ਆਉਣ ਦਾ ਸੱਦਾ ਵੀ ਦਿੱਤਾ। ਇਸ ਮੌਕੇ ਗੁਲਜ਼ਾਰ ਸਿੰਘ ਰਣੀਕੇ, ਮਹੇਸ਼ਇੰਦਰ ਸਿੰਘ ਗਰੇਵਾਲ, ਬਾਬਾ ਸੁਰਜਨ ਸਿੰਘ ਭੇਵੇ ਵਾਲੇ, ਬਾਬਾ ਜਰਨੈਲ ਸਿੰਘ ਕਾਰ ਸੇਵਾ ਵਾਲੇ, ਬਾਬਾ ਗੁਰਚਰਨ ਸਿੰਘ ਬੇਈਹਾਰਾ, ਕੁਲਬੀਰ ਸਿੰਘ ਅਸਮਾਨਪੁਰ, ਬੀਬੀ ਕੁਲਵਿੰਦਰ ਕੌਰ, ਕੌਂਸਲਰ ਪਰਮਜੀਤ ਸਿੰਘ, ਭਾਰਤ ਭੂਸ਼ਣ ਹੈਪੀ, ਸਤਨਾਮ ਸਿੰਘ ਭੁੱਲਰ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਅਤੇ ਪਤਵੰਤੇ ਸੱਜਣ ਹਾਜ਼ਰ ਸਨ।

Posted By: Daily Suraj Bureau

Latest News