ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਮਹਾਤਮ ਨਗਰ ਤੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਬੱਸ ਰਵਾਨਾ- ਨਰਿੰਦਰ ਪਾਲ ਸਿੰਘ ਸਵਨਾ
ਯੋਜਨਾ ਤਹਿਤ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਤੇ ਭੋਜਨ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਹਲਕਾ ਫਾਜ਼ਿਲਕਾ ਤੋਂ 17ਵੀਂ ਬੱਸ ਕੀਤੀ ਰਵਾਨਾ ਫਾਜ਼ਿਲਕਾ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਵਾਸਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਤੇ ਖਾਣ-ਪੀਣ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਹਲਕੇ ਦੇ ਪਿੰਡ ਮਹਾਤਮ ਨਗਰ ਤੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ 17ਵੀ ਬੱਸ ਰਵਾਨਾ ਕਰਨ ਮੌਕੇ ਕੀਤਾ। ਵਿਧਾਇਕ ਫਾਜ਼ਿਲਕਾ ਸ੍ਰੀ. ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਇਹ ਬੱਸ ਸ਼ਰਧਾਲੂਆਂ ਨੂੰ ਸ੍ਰੀ. ਹਰਿਮੰਦਰ ਸਾਹਿਬ, ਸ੍ਰੀ ਰਾਮ ਤੀਰਥ ਮੰਦਰ, ਸ੍ਰੀ ਦੁਰਗਿਆਨਾ ਮੰਦਿਰ ਤੇ ਵਾਹਗਾ ਬਾਰਡਰ ਲੈ ਕੇ ਜਾਵੇਗੀ! ਉਨ੍ਹਾਂ ਕਿਹਾ ਕਿ ਯਾਤਰੀਆਂ ਲਈ ਸਮੁੱਚਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਯਾਤਰੀ ਨੂੰ ਕੋਈ ਅਸੁਵਿਧਾ ਨਾ ਹੋਵੇ। ਉਨ੍ਹਾਂ ਕਿਹਾ ਕਿ ਬਜੁਰਗ ਅਵਸਥਾ ਵਿਚ ਹੋਣ ਕਾਰਨ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ, ਇਸ ਕਰਕੇ ਪੰਜਾਬ ਸਰਕਾਰ ਵੱਲੋਂ ਇਕ ਚੰਗਾ ਉਪਰਾਲਾ ਕਰਦਿਆਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਚਲਾਈ ਗਈ। ਉਨ੍ਹਾਂ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀ ਸ਼ਰਧਾ ਅਤੇ ਆਸਥਾ ਨੂੰ ਦੇਖਦਿਆਂ ਇਹ ਲੋਕ ਹਿਤ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਜਿਹੀਆਂ ਲੋਕ ਭਲਾਈ ਸਕੀਮਾਂ ਰਾਹੀਂ ਹਰ ਵਰਗ ਤੱਕ ਸਹੂਲਤਾਂ ਪਹੁੰਚਾਈਆਂ ਜਾ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਲੋਕਾਂ ਅਤੇ ਸ਼ਰਧਾਲੂਆਂ ਨੂੰ ਆਸਾਨ, ਸੁਰੱਖਿਅਤ ਅਤੇ ਮੁਫ਼ਤ ਤੀਰਥ ਦਰਸ਼ਨ ਕਰਵਾਉਣਾ ਹੈ! ਵਿਧਾਇਕ ਫਾਜ਼ਿਲਕਾ ਨੇ ਦੱਸਿਆ ਕਿ ਤੀਰਥ ਸਥਾਨਾਂ *ਤੇ ਜਾਣ ਸਮੇਂ ਸ਼ਰਧਾਲੂਆਂ ਅੰਦਰ ਪੂਰੀ ਖੁਸ਼ੀ ਤੇ ਉਤਸ਼ਾਹ ਨਜ਼ਰ ਆਉਂਦਾ ਹੈ ਤੇ ਬਜੁਰਗਾਂ ਵੱਲੋਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਤਿਹਾਸਕ ਫੈਸਲਿਆਂ ਦਾ ਉਹ ਸਵਾਗਤ ਕਰਦੇ ਹਨ ਜਿਸ ਨਾਲ ਉਹ ਬਿਨਾਂ ਕਿਸੇ ਆਰਥਿਕ ਬੋਝ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੇ ਹਨ।
Posted By: Daily Suraj Bureau