ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਜੀ
- ਪੰਜਾਬ
- 23 Dec,2024

ਫ਼ਤਹਿਗੜ੍ਹ ਸਾਹਿਬ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਵੱਲੋਂ ਦਿੱਤੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਅਨਿਆਂ ਵਿਰੁੱਧ ਲੜਨ ਲਈ ਪ੍ਰੇਰਿਤ ਕਰੇਗੀ। ਇੱਥੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਆਏ ਮੁੱਖ ਮੰਤਰੀ ਨੇ ਛੋਟੇ ਸਾਹਿਬਜ਼ਾਦਿਆਂ ਮਾਤਾ ਗੁਜਰੀ ਜੀ ਦੀ ਮਹਾਨ ਕੁਰਬਾਨੀ ਨੂੰ ਸਿਜਦਾ ਕਰਦਿਆਂ ਕਿਹਾ ਕਿ ਇਹ ਕੁਰਬਾਨੀਆਂ ਵਿਸ਼ਵ ਭਰ ਦੇ ਮਨੁੱਖਤਾ ਦੇ ਇਤਿਹਾਸ ਵਿੱਚ ਬੇਮਿਸਾਲ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚਾ ਪੰਜਾਬ ਇਸ ਮਹੀਨੇ ਨੂੰ ‘ਸੋਗ ਦੇ ਮਹੀਨੇ’ ਵਜੋਂ ਮਨਾਉਂਦਾ ਹੈ ਕਿਉਂਕਿ ਇਨ੍ਹਾਂ ਦਿਨਾਂ ਦੌਰਾਨ ਜ਼ਾਲਮ ਹਾਕਮਾਂ ਵੱਲੋਂ ਛੋਟੇ ਸਾਹਿਬਜ਼ਾਦਿਆਂ ਨੂੰ ਜਿਊਂਦਿਆਂ ਹੀ ਨੀਂਹ ਵਿੱਚ ਚਿਣ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੂਰੇ ਵਿਸ਼ਵ ਨੂੰ ਇਸ ਲਾਸਾਨੀ ਅਤੇ ਬੇਮਿਸਾਲ ਕੁਰਬਾਨੀ ‘ਤੇ ਮਾਣ ਹੈ, ਜੋ ਪੰਜਾਬੀਆਂ, ਸਾਡੇ ਦੇਸ਼ ਵਾਸੀਆਂ ਲਈ ਹੀ ਨਹੀਂ, ਸਗੋਂ ਦੁਨੀਆ ਭਰ ਵਿਚ ਵਸਦੇ ਹਰੇਕ ਵਿਅਕਤੀ ਲਈ ਸਤਿਕਾਰ ਵਾਲੀ ਗੱਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਖਿੱਤੇ ਦੀ ਇਕ-ਇਕ ਇੰਚ ਜ਼ਮੀਨ ਅਤਿ ਪਵਿੱਤਰ ਹੈ, ਜਿਸ ਕਾਰਨ ਲੋਕ ਵੱਡੀ ਗਿਣਤੀ ਵਿੱਚ ਇਸ ਪਵਿੱਤਰ ਅਸਥਾਨ ‘ਤੇ ਮੱਥਾ ਟੇਕਣ ਲਈ ਆਉਂਦੇ ਹਨ। ਉਨ੍ਹਾਂ ਕਿਹਾ ਕਿ ਸਾਡੇ ਚੇਤਿਆਂ ਦੇ ਸਮੇਂ ਤੋਂ ਹੀ ਦਸਵੇਂ ਸਿੱਖ ਗੁਰੂ ਸਾਹਿਬਾਨ ਦੀ ਮਾਤਾ ਅਤੇ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਨ ਲਈ ਹਰ ਸਾਲ ਸ਼ਹੀਦੀ ਜੋੜ ਮੇਲ ਮਨਾਇਆ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਨੂੰ ਦੁਨੀਆ ਦੇ ਇਤਿਹਾਸ ਵਿੱਚ ਲਾਸਾਨੀ ਕੁਰਬਾਨੀ ਲਈ ਸਮੁੱਚਾ ਵਿਸ਼ਵ ਸ਼ਰਧਾਂਜਲੀ ਭੇਟ ਕਰ ਰਿਹਾ ਹੈ।
Posted By:

Leave a Reply