ਮੈਕਸੀਕੋਸਿਟੀ ਵਿੱਚ ਸੰਗੀਤ ਸਮਾਗਮ ਬਣਿਆ ਹਾਦਸੇ ਦਾ ਕਾਰਨ, 5 ਦੀ ਜਾਨ ਗਈ
ਮੈਕਸੀਕੋ ਵਿੱਚ ਇੱਕ ਕਨਸਰਟ ਦੌਰਾਨ ਲੱਗੀ ਭਿਆਨਕ ਅੱਗ ਕਾਰਨ ਘੱਟੋ-ਘੱਟ ਪੰਜ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਲੋਕਾਂ ਦੇ ਜ਼ਖ਼ਮੀ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਕੁਝ ਹੀ ਸਮੇਂ ਵਿੱਚ ਪੂਰਾ ਕਨਸਰਟ ਮੈਦਾਨ ਇਸ ਦੀ ਲਪੇਟ ਵਿੱਚ ਆ ਗਿਆ ਅਤੇ ਮੌਕੇ ’ਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਰਿਪੋਰਟਾਂ ਮੁਤਾਬਕ ਇਹ ਘਟਨਾ ਕਨਸਰਟ ਦੌਰਾਨ ਅਚਾਨਕ ਵਾਪਰੀ। ਕੁਝ ਮਿੰਟਾਂ ਦੇ ਅੰਦਰ ਹੀ ਅੱਗ ਦੀਆਂ ਲਪਟਾਂ ਨੇ ਸਟੇਜ ਅਤੇ ਨੇੜਲੇ ਅਸਥਾਈ ਢਾਂਚਿਆਂ ਨੂੰ ਆਪਣੀ ਚਪੇਟ ਵਿੱਚ ਲੈ ਲਿਆ। ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਅੱਗ ਬੇਹੱਦ ਤੇਜ਼ੀ ਨਾਲ ਫੈਲੀ, ਜਿਸ ਕਾਰਨ ਲੋਕਾਂ ਨੂੰ ਸੁਰੱਖਿਅਤ ਬਾਹਰ ਨਿਕਲਣ ਲਈ ਪੂਰਾ ਸਮਾਂ ਨਹੀਂ ਮਿਲ ਸਕਿਆ। ਸਥਾਨਕ ਪ੍ਰਸ਼ਾਸਨ ਨੇ ਪੰਜ ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਇਸ ਦੇ ਨਾਲ ਹੀ ਕਈ ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਹਾਲਾਂਕਿ ਜ਼ਖ਼ਮੀਆਂ ਦੀ ਸਹੀ ਗਿਣਤੀ ਬਾਰੇ ਅਜੇ ਤੱਕ ਕੋਈ ਅਧਿਕਾਰਿਕ ਜਾਣਕਾਰੀ ਸਾਹਮਣੇ ਨਹੀਂ ਆਈ। ਅੱਗ ’ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਕਈ ਟੀਮਾਂ ਅਤੇ ਬਚਾਅ ਕਰਮਚਾਰੀ ਤੁਰੰਤ ਮੌਕੇ ’ਤੇ ਪਹੁੰਚੇ। ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ ਨੂੰ ਕਾਬੂ ਵਿੱਚ ਲਿਆਂਦਾ ਗਿਆ। ਬਚਾਅ ਟੀਮਾਂ ਵੱਲੋਂ ਮੌਕੇ ’ਤੇ ਤਲਾਸ਼ ਅਤੇ ਰਾਹਤ ਕਾਰਜ ਵੀ ਚਲਾਏ ਗਏ। ਪ੍ਰਸ਼ਾਸਨ ਨੇ ਇਸ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਜਾਂਚ ਦੌਰਾਨ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਿਟ ਜਾਂ ਸਟੇਜ ਉਪਕਰਨਾਂ ਵਿੱਚ ਆਈ ਤਕਨੀਕੀ ਖ਼ਰਾਬੀ ਨੂੰ ਮੰਨਿਆ ਜਾ ਰਿਹਾ ਹੈ। ਅਧਿਕਾਰੀਆਂ ਨੇ ਕਿਹਾ ਕਿ ਪੂਰੀ ਜਾਂਚ ਤੋਂ ਬਾਅਦ ਹੀ ਅਸਲ ਕਾਰਨ ਸਪੱਸ਼ਟ ਹੋ ਸਕੇਗਾ।
Posted By: Daily Suraj Bureau