ਐੱਸਏਐੱਸ ਨਗਰ : ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਮੀ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖ਼ੁਸ਼ੀ ’ਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿਚ ਬੀਬੀ ਜਸਵੀਰ ਕੌਰ ਜੱਸ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਬੁੱਢਾ ਦਲ ਦੇ ਸੱਤਵੇਂ ਜਥੇਦਾਰ ਅਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂਮਾਨ ਸਿੰਘ ਜੀ ਦਾ ਜੀਵਨ ਬਿਰਤਾਂਤ ਸੰਗਤ ਨੂੰ ਢਾਡੀ ਵਾਰਾਂ ਵਿਚ ਸੁਣਾਇਆ। ਉਨ੍ਹਾਂ ਨੇ ਜਥੇਦਾਰ ਬਾਬਾ ਹਨੂਮਾਨ ਸਿੰਘ ਜੀ ਦੁਆਰਾ ਦੇਸ਼ ਕੌਮ ਅਤੇ ਧਰਮ ਬਚਾਉਣ ਖ਼ਾਤਰ ਜਬਰ ਅਤੇ ਜ਼ੁਲਮ ਖ਼ਿਲਾਫ਼ ਦਿੱਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤ ਨੂੰ ਜਾਣੂ ਕਰਵਾਇਆ। ਭਾਈ ਦਵਿੰਦਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਇਲਾਹੀ ਬਾਣੀ ਨਾਲ ਗਵਾ ਕੇ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਜੀ ਲੁਧਿਆਣੇ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤ ਨੂੰ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਇਸ ਤੋਂ ਇਲਾਵਾ ਭਾਈ ਜੋਗਿੰਦਰ ਸਿੰਘ ਲੁਧਿਆਣੇ ਵਾਲੇ, ਬੀਬੀ ਮਨਪ੍ਰੀਤ ਕੌਰ ਜੀ ਕੋਟਕਪੁਰਾ ਵਾਲੇ, ਭਾਈ ਗੁਰਦੇਵ ਸਿੰਘ ਜੀ ਪਟਿਆਲੇ ਵਾਲੇ, ਭਾਈ ਗੁਰਤੇਗ ਸਿੰਘ ਜੀ ਸ੍ਰੀ ਨਗਰ ਵਾਲੇ, ਬੀਬੀ ਜਸਪ੍ਰੀਤ ਕੌਰ, ਭਾਈ ਜਸਵਿੰਦਰ ਸਿੰਘ, ਭਾਈ ਸੰਦੀਪ ਸਿੰਘ ਜੀ ਅਨੰਦਪੁਰ ਸਾਹਿਬ ਵਾਲਿਆਂ ਦੇ ਜਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜਥੇ ਭਾਈ ਇੰਦਰਜੀਤ ਸਿੰਘ, ਭਾਈ ਹਰਬਖ਼ਸ਼ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਦਸਵੀਂ ਦੇ ਦਿਹਾੜੇ ’ਤੇ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ’ਚ ਇਸ਼ਨਾਨ ਕੀਤਾ। ਹਰ ਵਿਭਾਗ ਦੇ ਮਾਹਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁਫ਼ਤ ਦਿੱਤੀ ਗਈ। ਇਸ ਦਿਨ ਕਰਵਾਏ ਗਏ ਅੰਮ੍ਰਿਤ ਸੰਚਾਰ ’ਚ ਵੱਡੀ ਗਿਣਤੀ ਵਿਚ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਆਉਣ ਵਾਲੀ 14 ਜਨਵਰੀ ਨੂੰ ਮਾਈ ਭਾਗੋ ਅਤੇ 40 ਮੁਕਤਿਆਂ ਦੀ ਯਾਦ ’ਚ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ। ਇਸ ਦਿਨ ਸਮੂਹ ਸ਼ਹੀਦਾਂ ਦੀ ਯਾਦ ਵਿਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜਥੇ ਇੰਟਰਨੈਸ਼ਨਲ ਢਾਡੀ ਜਥੇ ਅਤੇ ਉਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਜੱਸ ਸੁਨਾ ਕੇ ਨਿਹਾਲ ਕਰਨਗੇ।
Leave a Reply