ਪੰਜਾਬ ਕਾਂਗਰਸ ਨੇ ਕੀਤਾ ਮੁੱਖ ਮੰਤਰੀ ਰਿਹਾਇਸ਼ ਘੇਰਨ ਦਾ ਯਤਨ, ਪੁਲਿਸ ਨੇ ਬੈਰੀਕੇਡ ਲਗਾ ਕੇ ਰੋਕਿਆ

ਪੰਜਾਬ ਕਾਂਗਰਸ ਨੇ ਕੀਤਾ ਮੁੱਖ ਮੰਤਰੀ ਰਿਹਾਇਸ਼ ਘੇਰਨ ਦਾ ਯਤਨ, ਪੁਲਿਸ ਨੇ ਬੈਰੀਕੇਡ ਲਗਾ ਕੇ ਰੋਕਿਆ

ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PCC) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਹਜ਼ਾਰਾਂ ਕਾਂਗਰਸੀ ਵਰਕਰਾਂ ਨੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ। ਪੰਜਾਬ ਕਾਂਗਰਸ ਭਵਨ ਦੇ ਬਾਹਰ ਇਕੱਠੇ ਹੋਏ ਪਾਰਟੀ ਵਰਕਰਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਮਾਰਚ ਸ਼ੁਰੂ ਕੀਤਾ, ਪਰ ਭਾਰੀ ਪੁਲਿਸ ਬਲ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰਸਤੇ ਵਿੱਚ ਹੀ ਰੋਕ ਦਿੱਤਾ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਪੀਸੀਸੀ ਪ੍ਰਧਾਨ ਰਾਜਾ ਵੜਿੰਗ ਨੇ ਦਿੜ੍ਹਬਾ ਦੇ ਵਸਨੀਕ ਗੁਲਜ਼ਾਰ ਸਿੰਘ ਦੀ ਖ਼ੁਦਕੁਸ਼ੀ ਦੇ ਮਾਮਲੇ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਤੁਰੰਤ ਅਹੁਦੇ ਤੋਂ ਬਰਖ਼ਾਸਤ ਕਰਨ ਅਤੇ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਵੜਿੰਗ ਨੇ ਦਾਅਵਾ ਕੀਤਾ ਕਿ ਗੁਲਜ਼ਾਰ ਸਿੰਘ ਨੇ ਆਪਣੇ ਆਖਰੀ ਬਿਆਨ ਵਿੱਚ ਸਪੱਸ਼ਟ ਤੌਰ 'ਤੇ ਕਿਹਾ ਸੀ ਕਿ ਉਸ ਦੀ ਖ਼ੁਦਕੁਸ਼ੀ ਲਈ ਵਿੱਤ ਮੰਤਰੀ ਚੀਮਾ ਹੀ ਜ਼ਿੰਮੇਵਾਰ ਹਨ। ਵੜਿੰਗ ਨੇ ਸ਼ੇਰੋਂ ਪਿੰਡ ਦੇ ਮੋਹਨਜੀਤ ਸਿੰਘ 'ਤੇ ਪੁਲਿਸ ਵੱਲੋਂ ਕੀਤੇ ਗਏ ਕਥਿਤ ਤਸ਼ੱਦਦ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਕਿਹਾ ਕਿ ਮੋਹਨਜੀਤ ਸਿੰਘ ਦਾ ਕਸੂਰ ਸਿਰਫ਼ ਇਹ ਸੀ ਕਿ ਉਸ ਨੇ ਮੁੱਖ ਮੰਤਰੀ ਨੂੰ ਕਾਲਾ ਝੰਡਾ ਦਿਖਾਉਣ ਦੀ ਹਿੰਮਤ ਕੀਤੀ ਸੀ। ਇਸ ਤੋਂ ਇਲਾਵਾ ਉਨ੍ਹਾਂ ਬਲਾਤਕਾਰ ਦੇ ਇੱਕ ਮੁਲਜ਼ਮ ਨੂੰ ਦਿੱਤੀ ਜਾ ਰਹੀ ਸਰਪ੍ਰਸਤੀ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੁੱਪ 'ਤੇ ਵੀ ਗੰਭੀਰ ਸਵਾਲ ਖੜ੍ਹੇ ਕੀਤੇ। ਸਿਆਸੀ ਨਿਸ਼ਾਨਾ ਸਾਧਦਿਆਂ ਵੜਿੰਗ ਨੇ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਅਤੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਵਿਚਕਾਰ ਇੱਕ ਗੁਪਤ ਸਮਝੌਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਚਾਹੁੰਦੀ ਹੈ ਕਿ 'ਆਪ' ਗੁਜਰਾਤ ਵਿੱਚ ਭਾਜਪਾ ਵਿਰੋਧੀ ਵੋਟਾਂ ਵੰਡ ਕੇ ਉਸ ਦੀ ਮਦਦ ਕਰੇ, ਅਤੇ ਇਸ ਦੇ ਬਦਲੇ ਭਾਜਪਾ ਪੰਜਾਬ ਵਿੱਚ 'ਆਪ' ਸਰਕਾਰ ਦੀ ਮਦਦ ਕਰ ਰਹੀ ਹੈ।ਉਨ੍ਹਾਂ ਦੋਸ਼ ਲਾਇਆ ਕਿ ਇਸੇ ਮਿਲੀਭੁਗਤ ਕਾਰਨ ਇਨਫੋਰਸਮੈਂਟ ਡਾਇਰੈਕਟੋਰੇਟ (ED) ਭ੍ਰਿਸ਼ਟਾਚਾਰ ਦੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਪੁਲਿਸ ਨਾਲ ਮਿਲ ਕੇ 'ਫਿਕਸ ਮੈਚ' ਖੇਡ ਰਹੀ ਹੈ। ਵੜਿੰਗ ਨੇ ਸਵਾਲ ਉਠਾਇਆ ਕਿ ਜਿਸ ਤਰ੍ਹਾਂ ਈਡੀ ਨੇ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਦੇ ਮਾਮਲੇ ਵਿੱਚ ਤੁਰੰਤ ਗ੍ਰਿਫ਼ਤਾਰੀ ਕੀਤੀ ਸੀ, ਉਵੇਂ 'ਆਪ' ਆਗੂਆਂ ਦੇ ਮਾਮਲੇ ਵਿੱਚ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ, ਜਿੱਥੇ ਜਾਣਬੁੱਝ ਕੇ ਢਿੱਲ ਦਿੱਤੀ ਜਾ ਰਹੀ ਹੈ।ਗੈਂਗਸਟਰਾਂ ਦੇ ਮੁੱਦੇ 'ਤੇ 'ਆਪ' 'ਤੇ ਵਰ੍ਹਦਿਆਂ ਵੜਿੰਗ ਨੇ ਗੁਰਪ੍ਰੀਤ ਸਿੰਘ ਸੇਖੋਂ ਵਰਗੇ ਅਦਾਲਤ ਤੋਂ ਸਜ਼ਾਯਾਫ਼ਤਾ ਗੈਂਗਸਟਰਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ 'ਤੇ ਸਖ਼ਤ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਗੈਂਗਸਟਰਾਂ ਤੋਂ ਛੁਟਕਾਰਾ ਚਾਹੁੰਦੇ ਹਨ, ਪਰ ਸੱਤਾਧਾਰੀ ਪਾਰਟੀ ਉਨ੍ਹਾਂ ਨੂੰ ਸ਼ਾਮਲ ਕਰਕੇ ਸਿਆਸੀ ਸ਼ਹਿ ਅਤੇ ਤਾਕਤ ਮੁਹੱਈਆ ਕਰਵਾ ਰਹੀ ਹੈ।ਪੀਸੀਸੀ ਪ੍ਰਧਾਨ ਨੇ ਸਰਕਾਰੀ ਮੁਲਾਜ਼ਮਾਂ ਨੂੰ ਉਨ੍ਹਾਂ ਦਾ ਬਕਾਇਆ ਮਹਿੰਗਾਈ ਭੱਤਾ (DA) ਨਾ ਦੇਣ ਅਤੇ ਉਨ੍ਹਾਂ ਨਾਲ ਦੁਸ਼ਮਣਾਂ ਵਰਗਾ ਰਵੱਈਆ ਅਪਣਾਉਣ ਲਈ ਮੁੱਖ ਮੰਤਰੀ ਦੀ ਨਿਖੇਧੀ ਕੀਤੀ। ਉਨ੍ਹਾਂ ਵਰਕਰਾਂ ਨੂੰ ਪਾਰਟੀ ਹਿੱਤ ਵਿੱਚ ਡਟਣ ਦਾ ਸੱਦਾ ਦਿੱਤਾ ਅਤੇ ਐਲਾਨ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਉਹ ਮੁੱਖ ਮੰਤਰੀ ਦੇ ਪ੍ਰੋਗਰਾਮਾਂ ਵਿੱਚ ਜਾ ਕੇ ਸਿੱਧਾ ਸਟੇਜ 'ਤੇ ਕਾਲੇ ਝੰਡੇ ਲਹਿਰਾਉਣਗੇ।ਇਸ ਰੋਸ ਪ੍ਰਦਰਸ਼ਨ ਵਿੱਚ ਪੰਜਾਬ ਦੀਆਂ ਸਾਰੀਆਂ 25 ਜ਼ਿਲ੍ਹਾ ਕਾਂਗਰਸ ਕਮੇਟੀਆਂ ਦੇ ਪ੍ਰਧਾਨਾਂ ਤੋਂ ਇਲਾਵਾ ਸੀਨੀਅਰ ਆਗੂ ਰਾਣਾ ਕੇ.ਪੀ. ਸਿੰਘ, ਅਮਿਤ ਵਿੱਜ, ਬਲਬੀਰ ਸਿੰਘ ਸਿੱਧੂ, ਬ੍ਰਹਮ ਮਹਿੰਦਰਾ, ਕੁਲਜੀਤ ਸਿੰਘ ਨਾਗਰਾ, ਸ਼ਮਸ਼ੇਰ ਸਿੰਘ ਡੂਲੋ, ਗੁਰਜੀਤ ਔਜਲਾ, ਦਲਵੀਰ ਗੋਲਡੀ, ਡਾ. ਰਾਜ ਕੁਮਾਰ ਵੇਰਕਾ, ਹਰਦਿਆਲ ਕੰਬੋਜ, ਕੈਪਟਨ ਸੰਦੀਪ ਸੰਧੂ, ਸਾਧੂ ਸਿੰਘ ਧਰਮਸੋਤ, ਨਿਸ਼ਾਤ ਅਖ਼ਤਰ, ਸੁਖਵਿੰਦਰ ਡੈਨੀ, ਹਰੀ ਖਾਈ, ਲਖਵੀਰ ਲੱਖਾ, ਸ਼ਾਮ ਸੁੰਦਰ ਅਰੋੜਾ, ਮਮਤਾ ਦੱਤਾ, ਕੁਲਬੀਰ ਜ਼ੀਰਾ, ਰਾਕੇਸ਼ ਪਾਂਡੇ, ਪਵਨ ਦੀਵਾਨ, ਸੁਨੀਲ ਦੱਤੀ, ਪਵਨ ਆਦੀਆ ਅਤੇ ਮੋਹਿਤ ਮਹਿੰਦਰਾ ਸਮੇਤ ਹੋਰ ਆਗੂ ਸ਼ਾਮਲ ਸਨ।