ਨਸ਼ਾ ਤਸਕਰੀ ’ਤੇ ਕਰਾਰਾ ਵਾਰ, ਅੰਮ੍ਰਿਤਸਰ ਤੋਂ ਚਾਰ ਮੁਲਜ਼ਮ ਗ੍ਰਿਫ਼ਤਾਰ

ਨਸ਼ਾ ਤਸਕਰੀ ’ਤੇ ਕਰਾਰਾ ਵਾਰ, ਅੰਮ੍ਰਿਤਸਰ ਤੋਂ ਚਾਰ ਮੁਲਜ਼ਮ ਗ੍ਰਿਫ਼ਤਾਰ

ਮੁਲਜ਼ਮਾਂ ਕੋਲੋਂ ਦੋ ਪਿਸਤੌਲਾਂ ਤੇ ਕਾਰਤੂਸ ਵੀ ਬਰਾਮਦ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਸਰਹੱਦ ਪਾਰੋਂ ਨਾਰਕੋ-ਆਰਮਜ਼ ਤਸਕਰੀ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 1.5 ਕਿਲੋ ਹੈਰੋਇਨ ਅਤੇ 1.98 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ।ਮੁਲਜ਼ਮਾਂ ਦੀ ਪਛਾਣ ਜਸਕਿੰਦਰ ਸਿੰਘ ਉਰਫ਼ ਸਿਕੰਦਰ, ਹਰਪਾਲ ਸਿੰਘ, ਗੁਰਮੁਖ ਸਿੰਘ ਅਤੇ ਸੁਖਦੀਪ ਸਿੰਘ ਵਜੋਂ ਹੋਈ ਹੈ। ਇਹ ਸਾਰੇ ਪਿੰਡ ਰਣੀਆਂ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ। ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ ਪੁਲੀਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਆਧੁਨਿਕ ਪਿਸਤੌਲਾਂ (9 ਐਮਐਮ ਤੇ .30 ਬੋਰ) ਸਮੇਤ ਪਾਕਿਸਤਾਨ ਆਰਡੀਨੈਂਸ ਫੈਕਟਰੀ (ਪੀਓਐਫ) ਵਿੱਚ ਬਣੇ 34 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਦੀ ਮਿਲੀਭੁਗਤ ਨਾਲ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ। ਇਹ ਸਾਰੇ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀਆਂ ਜਾ ਰਹੀਆਂ ਗੈਰ-ਕਾਨੂੰਨੀ ਹਥਿਆਰਾਂ ਅਤੇ ਹੈਰੋਇਨ ਦੀਆਂ ਖੇਪਾਂ ਨੂੰ ਪ੍ਰਾਪਤ ਕਰਕੇ ਪੰਜਾਬ ਦੀਆਂ ਵੱਖ-ਵੱਖ ਥਾਵਾਂ ’ਤੇ ਸਪਲਾਈ ਕਰ ਰਹੇ ਸਨ। ਇਸ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਸੂਚਨਾ ’ਤੇ ਕਾਰਵਾਈ ਕਰਦਿਆਂ ਪੁਲੀਸ ਟੀਮਾਂ ਨੇ ਯੋਜਨਾਬੱਧ ਕਾਰਵਾਈ ਸ਼ੁਰੂ ਕੀਤੀ ਅਤੇ ਸਰਹੱਦ ਪਾਰੋਂ ਤਸਕਰੀ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਡਰੱਗ ਮਨੀ ਅਤੇ 34 ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਗੁਰਮੁਖ ਸਿੰਘ ਅਤੇ ਸੁਖਦੀਪ ਸਿੰਘ ਦੇ ਖੁਲਾਸੇ ਦੇ ਅਧਾਰ ’ਤੇ ਪੁਲੀਸ ਨੇ ਦੋ ਪਿਸਤੌਲ ਬਰਾਮਦ ਕੀਤੇ ਜਦੋਂ ਕਿ ਮੁਲਜ਼ਮ ਜਸਕਿੰਦਰ ਸਿੰਘ ਅਤੇ ਹਰਪਾਲ ਸਿੰਘ ਦੇ ਖੁਲਾਸੇ ’ਤੇ 1.5 ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ ਗਈ।ਭੁੱਲਰ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਸਾਰੇ ਮੁਲਜ਼ਮ ਇੱਕ ਦੂਜੇ ਦੇ ਨਜ਼ਦੀਕੀ ਹਨ ਅਤੇ ਇੱਕੋ ਪਰਿਵਾਰ ਨਾਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਹਰਪਾਲ ਸਿੰਘ ਅਤੇ ਗੁਰਮੁਖ ਸਿੰਘ ਭਰਾ ਹਨ, ਜਸਕਿੰਦਰ ਸਿੰਘ ਉਰਫ਼ ਸਿਕੰਦਰ ਅਤੇ ਸੁਖਦੀਪ ਸਿੰਘ ਉਨ੍ਹਾਂ ਦੇ ਭਤੀਜੇ ਹਨ। ਉਨ੍ਹਾਂ ਦੱਸਿਆ ਕਿ ਚਾਰੇ ਮੁਲਜ਼ਮਾਂ ਦੀ ਉਮਰ 19 ਤੋਂ 33 ਸਾਲ ਹੈ ਅਤੇ ਉਨ੍ਹਾਂ ਦਾ ਕੋਈ ਅਪਰਾਧਿਕ ਪਿਛੋਕੜ ਨਹੀਂ ਹੈ। ਇਸ ਸਬੰਧੀ ਸਿਵਲ ਲਾਈਨਜ਼ ਪੁਲੀਸ ਥਾਣੇ ਵਿਚ ਅਸਲਾ ਐਕਟ ਦੀ ਧਾਰਾ 25 ਤਹਿਤ ਕੇਸ ਦਰਜ ਕੀਤਾ ਗਿਆ ਹੈ।