Daily Suraj

ਪੰਜਾਬੀ

ਬੇਅੰਤ ਸਿੰਘ ਕਤਲ ਕਾਂਡ: ਜਗਤਾਰ ਹਵਾਰਾ ਦੀ ਜੇਲ੍ਹ ਬਦਲੀ ਅਰਜ਼ੀ ’ਤੇ ਅਦਾਲਤ ਵਿੱਚ ਸੁਣਵਾਈ ਟਲੀ

13 Jan, 2026 01:16 PM

ਸੁਪਰੀਮ ਕੋਰਟ ਨੇ ਦੋ ਹਫ਼ਤਿਆਂ ਲਈ ਅੱਗੇ ਪਾਈ ਸੁਣਵਾਈ; ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿੱਚ ਭੇਜਣ ਲਈ ਕੀਤੀ ਹੈ ਅਪੀਲ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ ਵੱਲੋਂ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲ ਕੀਤੇ ਜਾਣ ਦੀ ਮੰਗ ਵਾਲੀ ਅਰਜ਼ੀ ’ਤੇ ਸੁਪਰੀਮ ਕੋਰਟ ਨੇ ਅੱਜ ਸੁਣਵਾਈ ਦੋ ਹਫ਼ਤਿਆਂ ਲਈ ਟਾਲ ਦਿੱਤੀ ਹੇ। ਜਸਟਿਸ ਐੱਮ.ਐੱਮ. ਸੁੰਦਰੇਸ਼ ਅਤੇ ਜਸਟਿਸ ਐੱਨ. ਕੋਟੀਸ਼ਵਰ ਸਿੰਘ ਦੀ ਬੈਂਚ ਨੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਦੀ ਗ਼ੈਰ-ਮੌਜੂਦਗੀ ਕਾਰਨ ਮਾਮਲੇ ਨੂੰ ਅੱਗੇ ਪਾ ਦਿੱਤਾ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਸਤੰਬਰ ਵਿੱਚ ਅਦਾਲਤ ਨੇ ਇਸ ਸਬੰਧੀ ਕੇਂਦਰ, ਚੰਡੀਗੜ੍ਹ ਪ੍ਰਸ਼ਾਸਨ ਅਤੇ ਦਿੱਲੀ ਤੇ ਪੰਜਾਬ ਸਰਕਾਰਾਂ ਨੂੰ ਨੋਟਿਸ ਜਾਰੀ ਕੀਤੇ ਸਨ। ਹਵਾਰਾ 1995 ਵਿੱਚ ਚੰਡੀਗੜ੍ਹ ਸਕੱਤਰੇਤ ਦੇ ਸਾਹਮਣੇ ਹੋਏ ਬੰਬ ਧਮਾਕੇ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਹਵਾਰਾ ਵੱਲੋਂ ਦਾਇਰ ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਦਿੱਲੀ ਵਿੱਚ ਉਸ ਵਿਰੁੱਧ ਕੋਈ ਵੀ ਮਾਮਲਾ ਪੈਂਡਿੰਗ ਨਹੀਂ ਹੈ ਅਤੇ ਉਹ ਪੰਜਾਬ ਦੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦਾ ਵਸਨੀਕ ਹੈ, ਇਸ ਲਈ ਉਸ ਨੂੰ ਪੰਜਾਬ ਦੀ ਜੇਲ੍ਹ ਵਿੱਚ ਭੇਜਿਆ ਜਾਣਾ ਚਾਹੀਦਾ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਉਸ ਵਿਰੁੱਧ ਦਰਜ 36 ਮਾਮਲਿਆਂ ਵਿੱਚੋਂ ਉਹ ਇੱਕ ਨੂੰ ਛੱਡ ਕੇ ਬਾਕੀ ਸਾਰਿਆਂ ਵਿੱਚੋਂ ਬਰੀ ਹੋ ਚੁੱਕਾ ਹੈ ਅਤੇ ਪਿਛਲੇ 19 ਸਾਲਾਂ ਤੋਂ ਜੇਲ੍ਹ ਵਿੱਚ ਉਸ ਦਾ ਵਿਹਾਰ ਬਿਲਕੁਲ ਸਾਫ਼ ਰਿਹਾ ਹੈ।ਬਚਾਅ ਪੱਖ ਨੇ ਇਹ ਵੀ ਕਿਹਾ ਕਿ ਹਵਾਰਾ ਦੀ ਪਤਨੀ ਦੀ ਮੌਤ ਹੋ ਚੁੱਕੀ ਹੈ, ਧੀ ਪੰਜਾਬ ਵਿੱਚ ਹੈ ਅਤੇ ਮਾਤਾ ਕੋਮਾ ਵਿੱਚ ਹੈ, ਜਿਸ ਕਾਰਨ ਉਸ ਨੂੰ ਮਾਨਵੀ ਆਧਾਰ ’ਤੇ ਆਪਣੇ ਸੂਬੇ ਦੀ ਜੇਲ੍ਹ ਵਿੱਚ ਜਾਣ ਦਾ ਹੱਕ ਹੈ।

Posted By: Daily Suraj Bureau

Latest News