Daily Suraj

ਪੰਜਾਬੀ

ਬਦਲੀਆਂ ਤੇ ਪੋਸਟਿੰਗਜ਼ ਦਾ ਮਾਮਲਾ: ਹਾਈ ਕੋਰਟ ਨੇ CBI ਨੂੰ ਦਿੱਤੇ FIR ਦਰਜ ਕਰਨ ਦੇ ਨਿਰਦੇਸ਼, ਪੰਜਾਬ ਸਰਕਾਰ ਵਲੋਂ ਹੁਕਮਾਂ ਨੂੰ ਚੁਣੌਤੀ ਦੇਣ ਦਾ ਐਲਾਨ

05 Oct, 2026 03:52 PM

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਵਿੱਚ ਅਧਿਕਾਰੀਆਂ ਦੀਆਂ ਬਦਲੀਆਂ ਅਤੇ ਪੋਸਟਿੰਗ ਵਿੱਚ ਕਥਿਤ ਵਿੱਤੀ ਲੈਣ-ਦੇਣ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਸੀਬੀਆਈ (CBI) ਨੂੰ ਸੌਂਪਣ ਦੇ ਹੁਕਮ ਦਿੱਤੇ ਗਏ ਹਨ। ਹਾਈ ਕੋਰਟ ਦੇ ਇਸ ਫ਼ੈਸਲੇ ਦੇ ਖ਼ਿਲਾਫ਼ ਹੁਣ ਪੰਜਾਬ ਸਰਕਾਰ ਨੇ ਦੇਸ਼ ਦੀ ਸਿਖਰਲੀ ਅਦਾਲਤ (ਸੁਪਰੀਮ ਕੋਰਟ) ਦਾ ਦਰਵਾਜ਼ਾ ਖੜਕਾਉਣ ਦਾ ਫ਼ੈਸਲਾ ਕੀਤਾ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਤੋਂ ਬਾਅਦ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਪੁਰਾਣੀਆਂ ਸਰਕਾਰਾਂ ਦੇ ਸਮੇਂ ਤੋਂ ਹੀ ਸੀਬੀਆਈ ਦੇ ਸਿੱਧੇ ਦਖ਼ਲ ਅਤੇ ਜਾਂਚ 'ਤੇ ਰੋਕ (ਜਨਰਲ ਕਨਸੈਂਟ ਵਾਪਸ) ਲਗਾਈ ਹੋਈ ਹੈ। ਇਸੇ ਕਾਨੂੰਨੀ ਅਧਿਕਾਰ ਅਤੇ ਸਥਿਤੀ ਨੂੰ ਆਧਾਰ ਬਣਾ ਕੇ ਪੰਜਾਬ ਸਰਕਾਰ ਸੁਪਰੀਮ ਕੋਰਟ ਤੱਕ ਪਹੁੰਚ ਕਰੇਗੀ ਅਤੇ ਹਾਈ ਕੋਰਟ ਦੇ ਫ਼ੈਸਲੇ ਦਾ ਕਾਨੂੰਨੀ ਵਿਰੋਧ ਕਰੇਗੀ। ਜ਼ਿਕਰਯੋਗ ਹੈ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਦੀ ਅਗਵਾਈ ਵਾਲੇ ਬੈਂਚ ਨੇ ਪਟੀਸ਼ਨਕਰਤਾ ਨਿਖਿਲ ਸਰਾਫ਼ ਵੱਲੋਂ ਦਾਇਰ ਕੀਤੀ ਜਨਹਿੱਤ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਇਹ ਆਦੇਸ਼ ਜਾਰੀ ਕੀਤਾ ਹੈ। ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਸੀ ਕਿ ਸਰਕਾਰੀ ਅਹੁਦਿਆਂ 'ਤੇ ਤਾਇਨਾਤ ਵਿਅਕਤੀਆਂ, ਉੱਚ ਅਧਿਕਾਰੀਆਂ ਅਤੇ ਮੁੱਖ ਮੰਤਰੀ ਦਫ਼ਤਰ (CMO) ਦੇ ਕੁੱਝ ਵਿਅਕਤੀਆਂ ਵੱਲੋਂ ਬਦਲੀਆਂ ਅਤੇ ਤਾਇਨਾਤੀਆਂ ਵਿੱਚ ਵੱਡੇ ਪੱਧਰ 'ਤੇ ਗੜਬੜੀ ਕੀਤੀ ਗਈ ਹੈ। ਇਸ ਤੋਂ ਪਹਿਲਾਂ ਈਡੀ (ED) ਵੱਲੋਂ ਵੀ ਪੰਜਾਬ ਦੇ ਡੀਜੀਪੀ ਨੂੰ ਤਿੰਨ ਪੱਤਰ ਲਿਖ ਕੇ ਇਨ੍ਹਾਂ ਵਿੱਤੀ ਲੈਣ-ਦੇਣ ਦੇ ਦੋਸ਼ਾਂ ਬਾਰੇ ਜਾਣਕਾਰੀ ਦਿੱਤੀ ਗਈ ਸੀ। ਮਾਮਲੇ ਦੀ ਸੁਣਵਾਈ ਕਰਦਿਆਂ ਹਾਈ ਕੋਰਟ ਦੇ ਬੈਂਚ ਨੇ ਟਿੱਪਣੀ ਕੀਤੀ ਕਿ ਇਸ ਮਾਮਲੇ 'ਚ ਪੰਜਾਬ ਪੁਲਿਸ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ਸੰਤੁਸ਼ਟੀਜਨਕ ਨਹੀਂ ਹੈ, ਇਸ ਲਈ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਲਈ ਇਹ ਮਾਮਲਾ ਸੀਬੀਆਈ ਹਵਾਲੇ ਕੀਤਾ ਜਾ ਰਿਹਾ ਹੈ। ਅਦਾਲਤ ਨੇ ਸੀਬੀਆਈ ਨੂੰ ਤੁਰੰਤ ਐੱਫ.ਆਈ.ਆਰ. (FIR) ਦਰਜ ਕਰਕੇ ਜਾਂਚ ਸ਼ੁਰੂ ਕਰਨ ਅਤੇ ਦੋ ਮਹੀਨਿਆਂ ਦੇ ਅੰਦਰ ਆਪਣੀ ਜਾਂਚ ਰਿਪੋਰਟ ਅਦਾਲਤ ਵਿੱਚ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।

Latest News