ਟਰੱਕ ਯੂਨੀਅਨ ਵਿਖੇ ਅੱਖਾਂ ਦੀ ਜਾਂਚ ਸਬੰਧੀ ਮੁਫ਼ਤ ਮੈਡੀਕਲ ਕੈਂਪ ਦਾ ਆਯੋਜਨ
ਅਮਲੋਹ, (ਬਲਜਿੰਦਰ ਸਿੰਘ ਪਨਾਗ) ਇਨ੍ਹੀਂ ਦਿਨੀਂ ਮਨਾਏ ਜਾ ਰਹੇ ਕੌਮੀ ਸੜਕ ਸੁਰੱਖਿਆ ਮਹੀਨੇ ਦੇ ਤਹਿਤ ਰੀਜਨਲ ਟਰਾਂਸਪੋਰਟ ਦਫ਼ਤਰ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਟਰੱਕ ਯੂਨੀਅਨ ਵਿਖੇ ਅੱਖਾਂ ਦੀ ਜਾਂਚ ਲਈ ਮੁਫਤ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਆਰ.ਟੀ.ਓ ਚੇਤਨ ਬੰਗੜ ਦੀ ਰਹਿਨੁਮਾਈ ਹੇਠ ਆਯੋਜਿਤ ਕੈਂਪ ਦੌਰਾਨ ਡਾਕਟਰਾਂ ਦੀ ਟੀਮ ਨੇ ਟਰੱਕ ਚਾਲਕਾਂ ਅਤੇ ਸਹਿਯੋਗੀ ਵਿਅਕਤੀਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਅਤੇ ਲੋੜ ਮੁਤਾਬਿਕ ਦਵਾਈਆਂ ਮੁਫਤ ਪ੍ਰਦਾਨ ਕੀਤੀਆਂ। ਕੌਮੀ ਸੜਕ ਸੁਰੱਖਿਆ ਮਹੀਨੇ ਤਹਿਤ ਚੱਲ ਰਹੀਆਂ ਵੱਖ ਵੱਖ ਜਾਗਰੂਕਤਾ ਗਤੀ ਵਿਧੀਆਂ ਬਾਰੇ ਜਾਣਕਾਰੀ ਦਿੰਦਿਆਂ ਆਰ ਟੀ ਓ ਚੇਤਨ ਬੰਗੜ ਨੇ ਦੱਸਿਆ ਕਿ ਫਤਹਿਗੜ੍ਹ ਸਾਹਿਬ ਵਿੱਚ ਵੱਖ-ਵੱਖ ਥਾਈ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਅਤੇ ਵਾਹਨ ਚਾਲਕਾਂ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਟਰੱਕਾਂ ਦੇ ਪਿਛਲੇ ਪਾਸੇ ਰਿਫਲੈਕਟਰ ਵੀ ਲਗਾਏ ਗਏ ਤਾਂ ਜੋ ਸੜਕ ਹਾਦਸਿਆਂ ਤੋਂ ਬਚਾਅ ਹੋ ਸਕੇ । ਇਸ ਮੌਕੇ ਵਾਹਨ ਚਾਲਕਾਂ ਨੂੰ ਆਵਾਜਾਈ ਨਿਯਮਾਂ ਬਾਰੇ ਵੀ ਜਾਣੂ ਕਰਵਾਇਆ ਗਿਆ।
Posted By: Daily Suraj Bureau