ਤਿੰਨ ਤਖ਼ਤਾਂ ਦੇ ਪੰਜ ਪਿਆਰਿਆਂ ਵੱਲੋਂ ਤਖ਼ਤ ਪਟਨਾ ਸਾਹਿਬ ਦਾ ਫੈਸਲਾ ਰੱਦ
ਅੰਮ੍ਰਿਤਸਰ : ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵੱਲੋਂ ਬੀਤੇ ਦਿਨ ਕੀਤੇ ਗਏ ਫੈਸਲੇ ਨੂੰ ਸ੍ਰੀ ਅਕਾਲ ਤਖ਼ਤ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਗੈਰ-ਸਿਧਾਂਤਕ ਅਤੇ ਗੈਰਵਾਜਬ ਦੱਸ ਕੇ ਰੱਦ ਕਰ ਦਿੱਤਾ ਗਿਆ ਹੈ।
ਤਖ਼ਤ ਸ੍ਰੀ ਪਟਨਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਬਲਦੇਵ ਸਿੰਘ ਨੇ ਤਖ਼ਤ ਦੇ ਹੈੱਡ ਗ੍ਰੰਥੀ ਅਤੇ ਗ੍ਰੰਥੀਆਂ ਨੂੰ ਨਾਲ ਲੈ ਕੇ ਬੁੱਧਵਾਰ ਨੂੰ ਮੀਟਿੰਗ ਕੀਤੀ ਸੀ ਅਤੇ ਅਕਾਲ ਤਖ਼ਤ ਵੱਲੋਂ ਲਏ ਗਏ ਫੈਸਲੇ ਨੂੰ ਰੱਦ ਕਰ ਦਿੱਤਾ ਸੀ। ਉਨ੍ਹਾਂ ਨੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਧਨੌਲਾ ਨੂੰ ਤਨਖਾਹੀਆ ਕਰਾਰ ਦਿੱਤਾ ਸੀ। ਇਸੇ ਮਾਮਲੇ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਸਾਜ਼ਿਸ਼ਕਰਤਾ ਵਜੋਂ ਸ਼ਮੂਲੀਅਤ ਦਾ ਦੋਸ਼ ਲਾਉਂਦਿਆਂ ਆਪਣਾ ਪੱਖ ਰੱਖਣ ਲਈ 10 ਦਿਨ ਦਾ ਸਮਾਂ ਦਿੱਤਾ ਗਿਆ ਸੀ। ਇਸ ਸਬੰਧ ਵਿੱਚ ਉਨ੍ਹਾਂ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਲਈ ਆਦੇਸ਼ ਕੀਤਾ ਗਿਆ ਹੈ।
ਇਸ ਮਾਮਲੇ ਵਿੱਚ ਅੱਜ ਇੱਥੇ ਅਕਾਲ ਤਖ਼ਤ ਦੇ ਪੰਜ ਪਿਆਰੇ ਸਾਹਿਬਾਨ ਜਿਨ੍ਹਾਂ ਵਿੱਚ ਭਾਈ ਕੁਲਵੰਤ ਸਿੰਘ, ਭਾਈ ਸੁਖਦੇਵ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਰਸਪਾਲ ਸਿੰਘ ਅਤੇ ਭਾਈ ਸੰਦੀਪ ਸਿੰਘ ਸ਼ਾਮਿਲ ਹਨ, ਨੇ ਮੀਟਿੰਗ ਕਰਕੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵੱਲੋਂ ਕੀਤੇ ਗਏ ਫੈਸਲੇ ਨੂੰ ਪੰਥਕ ਏਕਤਾ ਨੂੰ ਢਾਹ ਲਾਉਣ ਵਾਲਾ ਅਤੇ ਸਿੱਖ ਕੌਮ ਦਾ ਅਕਸ ਖਰਾਬ ਕਰਨ ਵਾਲਾ ਕਰਾਰ ਦਿੱਤਾ ਹੈ। ਉਨ੍ਹਾਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਗ੍ਰੰਥੀ ਸਿੰਘਾਂ ਵੱਲੋਂ ਲੰਘੇ ਦਿਨ ਕੀਤੇ ਗਏ ਫੈਸਲੇ ਨੂੰ ਗੈਰਸਿਧਾਂਤਕ ਦੱਸਦਿਆਂ ਰੱਦ ਕਰ ਦਿੱਤਾ ਹੈ।
#SikhUnity #PanjPyaras #TakhtPatnaSahib #SikhPanth #SikhDecisions #SikhLeadership #PanthicAffairs
Posted By: Daily Suraj Bureau