ਹੋਲਾ ਮਹੱਲਾ ਮੌਕੇ ਸ੍ਰੀ ਆਨੰਦਪੁਰ ਸਾਹਿਬ ’ਚ ਵਿਸ਼ਾਲ ਦਸਤਾਰ ਕੈਂਪ, ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ ਸ਼ੁਰੂਆਤ
ਹੋਲਾ ਮਹੱਲਾ ਦੇ ਪਵਿੱਤਰ ਮੌਕੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਯੂਥ ਅਕਾਲੀ ਦਲ ਅਤੇ ਵਿਰਸਾ ਸੰਭਾਲ ਸਰਦਾਰੀ ਲਹਿਰ ਵੱਲੋਂ ‘ਮੇਰੀ ਦਸਤਾਰ ਮੇਰੀ ਸ਼ਾਨ’ ਮੁਹਿੰਮ ਤਹਿਤ ਵਿਸ਼ਾਲ ਦਸਤਾਰ ਕੈਂਪ ਲਗਾਇਆ ਗਿਆ। ਕੈਂਪ ਦੀ ਸ਼ੁਰੂਆਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਦਸਤਾਰ ਸਿੱਖਾਂ ਦੀ ਪਛਾਣ, ਮਰਿਆਦਾ ਅਤੇ ਆਤਮ-ਸਨਮਾਨ ਦਾ ਪ੍ਰਤੀਕ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨ ਪੀੜ੍ਹੀ ਨੂੰ ਆਪਣੀ ਮਹਾਨ ਸਿੱਖ ਵਿਰਾਸਤ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਦੇਸ਼ ਅਤੇ ਵਿਦੇਸ਼ ਵਿੱਚ 500 ਤੋਂ ਵੱਧ ਦਸਤਾਰ ਸਜਾਉਣ ਦੇ ਕੈਂਪ ਲਗਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਰਾਹੀਂ ਹਜ਼ਾਰਾਂ ਨੌਜਵਾਨਾਂ ਨੂੰ ਦਸਤਾਰ ਬੰਨ੍ਹਣ ਲਈ ਪ੍ਰੇਰਿਤ ਕੀਤਾ ਗਿਆ ਹੈ। ਇਸ ਮੌਕੇ ਰਵਿੰਦਰ ਸਿੰਘ ਖੇੜਾ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਪੱਛਮੀ ਦੇਸ਼ਾਂ ਦੇ ਪ੍ਰਭਾਵਾਂ ਤੋਂ ਉੱਪਰ ਉੱਠ ਕੇ ਆਪਣੀ ਅਸਲੀ ਵਿਰਾਸਤ ਅਤੇ ਸੱਭਿਆਚਾਰ ਨਾਲ ਜੁੜਨ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਦਸਤਾਰ ਸਿੱਖ ਧਰਮ ਦੀ ਸ਼ਾਨ ਹੈ ਅਤੇ ਇਸ ਦੀ ਮਹੱਤਤਾ ਨੂੰ ਸਮਝਣਾ ਹਰ ਨੌਜਵਾਨ ਲਈ ਜ਼ਰੂਰੀ ਹੈ। ਸਮਾਗਮ ਦੌਰਾਨ ਡਾ. ਦਲਜੀਤ ਸਿੰਘ ਚੀਮਾ, ਦਲਜੀਤ ਸਿੰਘ ਭਿੰਡਰ ਅਤੇ ਅਮਰਜੀਤ ਸਿੰਘ ਚਾਵਲਾ ਸਮੇਤ ਹੋਰ ਆਗੂ ਵੀ ਮੌਜੂਦ ਰਹੇ।
Posted By: Daily Suraj Bureau