ਆਊਟਸੋਰਸ ਮੁਲਾਜ਼ਮਾਂ ਜਥੇਬੰਦੀਆਂ ਦੇ ਸੂਬਾ ਪ੍ਰਧਾਨਾਂ ਦੀ ਸਬ ਕਮੇਟੀ ਦੇ ਚੇਅਰਮੈਨ ਹਰਪਾਲ ਚੀਮਾ ਨਾਲ ਹੋਈ ਅਹਿਮ ਮੀਟਿੰਗ

ਆਊਟਸੋਰਸ ਮੁਲਾਜ਼ਮਾਂ ਜਥੇਬੰਦੀਆਂ ਦੇ ਸੂਬਾ ਪ੍ਰਧਾਨਾਂ ਦੀ ਸਬ ਕਮੇਟੀ ਦੇ ਚੇਅਰਮੈਨ ਹਰਪਾਲ ਚੀਮਾ ਨਾਲ ਹੋਈ ਅਹਿਮ ਮੀਟਿੰਗ

(ਜਗਸੀਰ ਸਿੰਘ)- ਅੱਜ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸਬ ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨਾਲ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ, ਜਲ ਸਪਲਾਈ ਤੇ ਸੈਨੀਟੇਸ਼ਨ, ਫਰਦ ਕੇਂਦਰ, ਵੇਰਕਾ, ਮਿਲਕਫੈਡ, ਸਹਿਕਾਰਤਾ, ਮਾਰਕਫੈਡ, ਵੇਅਰ ਹਾਊਸ ਸਮੇਤ ਵੱਖ-ਵੱਖ ਵਿਭਾਗਾਂ ਦੀਆਂ ਜਥੇਬੰਦੀਆਂ ਦੇ ਸੂਬਾ ਪ੍ਰਧਾਨਾਂ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਦੱਸਿਆ ਗਿਆ ਕਿ ਸਾਰੇ ਵਿਭਾਗਾਂ ਵਿੱਚ ਅਊਟਸੋਰਸ, ਠੇਕੇਦਾਰਾਂ, ਕੰਪਨੀਆਂ, ਸੁਸਾਇਟੀਆਂ ਅਤੇ ਇੰਲਿਸਟਮੈਂਟ ਰਾਹੀਂ ਰੱਖੇ ਮੁਲਾਜ਼ਮਾਂ ਨੂੰ ਸਬੰਧਤ ਵਿਭਾਗਾਂ ਵਿੱਚ ਸ਼ਾਮਲ ਕਰਨ ਲਈ ਐਕਟ-2026 ਤਿਆਰ ਕਰਕੇ ਪੰਜਾਬ ਦੇ ਰਾਜਪਾਲ ਕੋਲ ਭੇਜਿਆ ਜਾ ਚੁੱਕਾ ਹੈ। ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੱਤੀ ਕਿ ਇਹ ਐਕਟ ਦੋ ਦਿਨਾਂ ਦੇ ਅੰਦਰ ਵਾਪਸ ਪ੍ਰਾਪਤ ਹੋਣ ਦੀ ਉਮੀਦ ਹੈ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੀਟਿੰਗ ਵਿੱਚ ਸ਼ਾਮਲ ਜਥੇਬੰਦੀਆਂ ਦੇ ਸੂਬਾ ਪ੍ਰਧਾਨਾਂ ਨਾਲ ਉਨ੍ਹਾਂ ਦੀ ਹਾਜ਼ਰੀ ਵਿੱਚ ਸਿਵਲ ਸਕੱਤਰੇਤ ਵਿਖੇ ਮੀਟਿੰਗ ਕਰਨ। ਜੇਕਰ ਕਿਸੇ ਵੀ ਵਿਭਾਗ ਦੀ ਕੋਈ ਮੰਗ ਇਸ ਐਕਟ ਤੋਂ ਬਾਹਰ ਰਹਿ ਜਾਂਦੀ ਹੈ ਤਾਂ ਉਸ ਨੂੰ ਵੀ ਐਕਟ ਵਿੱਚ ਸ਼ਾਮਲ ਕੀਤਾ ਜਾਵੇਗਾ, ਤਾਂ ਜੋ ਕਿਸੇ ਵੀ ਵਰਗ ਨਾਲ ਬੇਇਨਸਾਫ਼ੀ ਨਾ ਹੋਵੇ। ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਜੇਕਰ 30 ਅਗਸਤ ਤੱਕ ਇਹ ਫੈਸਲਾ ਲਾਗੂ ਨਹੀਂ ਕੀਤਾ ਜਾਂਦਾ ਤਾਂ ਪੰਜਾਬ ਭਰ ਦੇ ਸਮੂਹ ਆਊਟਸੋਰਸ ਮੁਲਾਜ਼ਮ ਤਿੱਖੇ ਸੰਘਰਸ਼ ਦਾ ਐਲਾਨ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ, ਵਰਿੰਦਰ ਸਿੰਘ ਮੋਮੀ, ਰਮਨਦੀਪ ਸਿੰਘ, ਪਵਨਦੀਪ ਸਿੰਘ, ਲਛਮਣ ਸਿੰਘ, ਜਗਦੀਪ ਸਿੰਘ, ਹਰਜਿੰਦਰ ਪਾਲ ਸਿੰਘ, ਗਗਨਦੀਪ ਸਿੰਘ ਸੁਨਾਮ, ਗੁਰਵਿੰਦਰ ਸਿੰਘ ਧਾਲੀਵਾਲ, ਯਾਦਵਿੰਦਰ ਸਿੰਘ, ਪ੍ਰਦੀਪ ਸਿੰਘ ਭੀਖੀ ਸਮੇਤ ਹੋਰ ਆਗੂ ਵੀ ਹਾਜ਼ਰ ਸਨ।