Daily Suraj

ਪੰਜਾਬੀ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਮਾਗਮਾਂ ਲਈ ਪਾਕਿਸਤਾਨ ਜਾਣ ਵਾਲੇ ਜਥੇ ਦੀਆਂ ਤਿਆਰੀਆਂ ਮੁਕੰਮਲ

19 Jun, 2026 03:37 PM

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਭੇਜੇ ਜਾਣ ਵਾਲੇ ਜਥੇ ਦੇ 290 ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਹੋ ਗਏ ਹਨ। ਇਹ ਜਥਾ 21 ਜੂਨ ਨੂੰ ਸਵੇਰੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਾ ਹੋਵੇਗਾ। ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਲਾਹੌਰ ਸਥਿਤ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਵਿਖੇ ਹੋਣ ਵਾਲੇ ਸਮਾਗਮ ਵਿੱਚ ਸ਼ਾਮਲ ਹੋਣ ਅਤੇ ਪਾਕਿਸਤਾਨ ਵਿੱਚ ਸਥਿਤ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਕੁੱਲ 302 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਪ੍ਰਕਿਰਿਆ ਲਈ ਭੇਜੇ ਗਏ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 290 ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕਰ ਦਿੱਤੇ ਗਏ ਹਨ, ਜਦਕਿ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਵੱਲੋਂ 12 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਨਹੀਂ ਕੀਤਾ ਗਿਆ। ਉਨ੍ਹਾਂ ਦੇ ਅਨੁਸਾਰ, ਜਥਾ ਪਾਕਿਸਤਾਨ ਦੇ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਤੋਂ ਬਾਅਦ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਦੇ ਮੁੱਖ ਸਮਾਗਮਾਂ ਵਿੱਚ ਹਿੱਸਾ ਲਵੇਗਾ। ਇਸ ਤੋਂ ਬਾਅਦ 30 ਜੂਨ ਨੂੰ ਜਥਾ ਭਾਰਤ ਵਾਪਸ ਪਰਤੇਗਾ। ਸ਼੍ਰੋਮਣੀ ਕਮੇਟੀ ਨੇ ਵੀਜ਼ਾ ਪ੍ਰਾਪਤ ਕਰਨ ਵਾਲੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਵੀਜ਼ਾ ਲੱਗੇ ਪਾਸਪੋਰਟ 20 ਅਤੇ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਪ੍ਰਾਪਤ ਕਰ ਲੈਣ। ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਨੇ ਇਹ ਵੀ ਦੱਸਿਆ ਕਿ ਜਿਨ੍ਹਾਂ ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲਿਆ, ਉਨ੍ਹਾਂ ਦੇ ਸੀਰੀਅਲ ਨੰਬਰ 33, 66, 67, 68, 76, 131, 143, 144, 145, 151, 291 ਅਤੇ 292 ਹਨ।

Posted By: Daily Suraj Bureau

Latest News