ਐੱਸਏਐੱਸ ਨਗਰ : ਵਿਧਾਇਕ ਕੁਲਵੰਤ ਸਿੰਘ ਨੇ ਐੱਸਏਐੱਸ ਨਗਰ (ਮੁਹਾਲੀ) ਸ਼ਹਿਰ ਵਿੱਚ ਨਵੀਂ ਸ਼ੁਰੂ ਕੀਤੀ ਗਈ ਸਿਟੀ ਸਰਵੇਲੈਂਸ ਤੇ ਟ੍ਰੈਫ਼ਿਕ ਮੈਨੇਜਮੈਂਟ ਪ੍ਰਣਾਲੀ ’ਚ ਸ਼ਹਿਰ ਵਾਸੀਆਂ ਵੱਲੋਂ ਲੁੜੀਂਦੇ ਆਵਾਜਾਈ ਚਿੰਨ੍ਹਾਂ ਅਤੇ ਬੁਨਿਆਦੀ ਲੋੜਾਂ ਦੀ ਕਮੀ ਬਾਰੇ ਸ਼ਿਕਾਇਤਾਂ ਕੀਤੇ ਜਾਣ ਤੋਂ ਬਾਅਦ, ਅੱਜ ਜ਼ਿਲ੍ਹਾ ਪ੍ਰਸ਼ਾਸਨ ਨਾਲ ਹੰਗਾਮੀ ਬੈਠਕ ਕਰ ਕੇ, ਨਗਰ ਨਿਗਮ ਅਤੇ ਗਮਾਡਾ ਨੂੰ ਹਦਾਇਤ ਕੀਤੀ ਗਈ ਕਿ ਪੁਲਿਸ ਨਾਲ ਮਿਲ ਸੜਕਾਂ ’ਤੇ ਆਵਾਜਾਈ ਚਿੰਨ੍ਹਾਂ ਨੂੰ ਤੁਰੰਤ ਯਕੀਨੀ ਬਣਾਇਆ ਜਾਵੇ।
ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐੱਸਐੱਸਪੀ ਦੀਪਕ ਪਾਰਿਕ ਅਤੇ ਨਗਰ ਨਿਗਮ ਕਮਿਸ਼ਨਰ ਪਰਮਿੰਦਰ ਪਾਲ ਸਿੰਘ ਅਤੇ ਹੋਰ ਅਧਿਕਾਰੀਆਂ ਨਾਲ ਬੈਠਕ ਕਰਦੇ ਹੋਏ, ਉਨ੍ਹਾਂ ਸਪੱਸ਼ਟ ਕੀਤਾ ਕਿ ਸੀਸੀਟੀਵੀ ਨਿਗਰਾਨੀ ਕੇਵਲ ਮਾਲੀਆ ਜੁਟਾਉਣ ਦਾ ਸਾਧਨ ਨਾ ਹੋ ਕੇ, ਆਮ ਲੋਕਾਂ ਨੂੰ ਸੁਖਾਵੀਂ ਆਵਾਜਾਈ ਸਹੂਲਤ ਮੁਹੱਈਆ ਕਰਵਾਉਣ ’ਤੇ ਕੇਂਦਰਿਤ ਹੋਵੇ।
ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਜ਼ੈਬਰਾ ਕ੍ਰਾਸਿੰਗ, ਸਟਾਪ ਲਾਈਨਾਂ ਅਤੇ ਸਪੀਡ ਲਿਮਿਟ ਦੀ ਸਪੱਸ਼ਟਤਾ ਦੀ ਘਾਟ ਕਾਰਨ, ਇਸ ਨਵੀਂ ਪ੍ਰਣਾਲੀ ਕਾਰਨ ਉਨ੍ਹਾਂ ਨੂੰ ਆ ਰਹੀ ਪਰੇਸ਼ਾਨੀ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਗਈ ਹੈ, ਜਿਸ ਕਾਰਨ ਉਨ੍ਹਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ, ਜ਼ਿਲ੍ਹਾ ਪੁਲਿਸ, ਨਗਰ ਨਿਗਮ, ਗਮਾਡਾ, ਨੈਸ਼ਨਲ ਹਾਈਵੇਅ ਅਥਾਰਟੀ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਇਸ ਦੇ ਸਮਾਂਬੱਧ ਹੱਲ ਲਈ ਨਿਰਦੇਸ਼ ਦਿੱਤੇ ਗਏ ਹਨ।
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਉਠਾਏ ਨੁਕਤਿਆਂ ਨਾਲ ਸਹਿਮਤੀ ਪ੍ਰਗਟਾਉਂਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਨਗਰ ਨਿਗਮ ਨੂੰ ਉਕਤ ਸਾਰੀਆਂ ਘਾਟਾਂ ਇਕ ਹਫ਼ਤੇ ਅੰਦਰ ਦੂਰ ਕਰਨ ਅਤੇ ਗਮਾਡਾ ਨੂੰ ਦੋ ਹਫ਼ਤੇ ਦੇ ਅੰਦਰ-ਅੰਦਰ ਦੂਰ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਜ਼ੈਬਰਾ ਕ੍ਰਾਸਿੰਗ ਦੋਵੇਂ ਪਾਸਿਆਂ ਤੋਂ ਖੁਲ੍ਹੀਆਂ ਹੋਣੀਆਂ ਚਾਹੀਦੀਆਂ ਹਨ ਅਤੇ ਕਿਸੇ ਫੁੱਟਪਾਥ ਜਾਂ ਖੰਭੇ ਜਾਂ ਕਿਸੇ ਹੋਰ ਢਾਂਚੇ ਕਾਰਨ ਇਨ੍ਹਾਂ ’ਤੇ ਚੱਲਣ ਵਾਲਿਆਂ ਨੂੰ ਕੋਈ ਰੁਕਾਵਟ ਨਹੀਂ ਆਉਣੀ ਚਾਹੀਦੀ।
ਉਨ੍ਹਾਂ ਨੇ ਇਸ ਦੇ ਨਾਲ ਹੀ ਸਟਾਪ ਲਾਈਨਾਂ ਨੂੰ ਨਵੇਂ ਸਿਰਿਓਂ ਮਾਰਕ ਕਰਨ ਲਈ ਆਖਿਆ ਤਾਂ ਜੋ ਫ਼ਿੱਕੀਆਂ ਪਈਆਂ ਲਾਈਨਾਂ ਲੋਕਾਂ ਨੂੰ ਸਪੱਸ਼ਟ ਨਜ਼ਰ ਆ ਸਕਣ। ਡਿਪਟੀ ਕਮਿਸ਼ਨਰ ਨੇ ਇਸ ਦੇ ਨਾਲ ਹੀ ਚੰਡੀਗੜ੍ਹ ਦੀ ਤਰਜ਼ ’ਤੇ ਸਪੀਡ ਲਿਮਿਟ ਦੇ ਸਾਈਨ ਬੋਰਡ ਲਾਏ ਜਾਣ ਦੀ ਹਦਾਇਤ ਕੀਤੀ ਤਾਂ ਜੋ ਹਲਕੇ ਤੇ ਭਾਰੇ ਵਾਹਨਾਂ ਦੀ ਗਤੀ ਸੀਮਾ ਨਿਰਧਾਰਿਤ ਹੋਣ ਦੇ ਨਾਲ-ਨਾਲ ਲੋਕਾਂ ਨੂੰ ਸਪੱਸ਼ਟਤਾ ਹੋ ਸਕੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਪੀਡ ਲਿਮਿਟ ਨੋਟੀਫ਼ਿਕੇਸ਼ਨ ਮੁਤਾਬਿਕ ਨਗਰ ਨਿਗਮਾਂ/ਨਗਰ ਪਾਲਿਕਾਵਾਂ ’ਚ ਸਪੀਡ ਲਿਮਿਟ ਵੱਧ ਤੋਂ ਵੱਧ 50 ਕਿਲੋਮੀਟਰ ਪ੍ਰਤੀ ਘੰਟਾ ਨਿਰਧਾਰਿਤ ਕੀਤੀ ਹੋਈ ਹੈ, ਜਿਸ ਨੂੰ ਮੁਹਾਲੀ ਵਿੱਚ ਟ੍ਰਾਈਸਿਟੀ ਦੀ ਤਰਜ਼ ’ਤੇ ਨਿਰਧਾਰਿਤ ਕਰਨ ਲਈ ਸਰਕਾਰ ਨੂੰ ਬੇਨਤੀ ਪੱਤਰ ਭੇਜਿਆ ਜਾਵੇਗਾ।
ਐੱਸਐੱਸਪੀ ਦੀਪਕ ਪਾਰਿਕ ਵੱਲੋਂ ਟ੍ਰੈਫ਼ਿਕ ਲਾਈਟਾਂ ਦੀ ਟਾਈਮਿੰਗ ਵਧਾਉਣ/ਘਟਾਉਣ ਦਾ ਕੰਟਰੋਲ ਸੋਹਾਣਾ ਥਾਣੇ ’ਚ ਸਥਾਪਿਤ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ ਨਾਲ ਜੋੜੇ ਜਾਣ ’ਤੇ ਜ਼ੋਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ 17 ਪੁਆਇੰਟਾਂ ’ਤੇ ਆਉਂਦੇ ਟ੍ਰੈਫ਼ਿਕ ਸਿਗਨਲਾਂ ਦਾ ਕੰਟਰੋਲ ਏਕੀਕ੍ਰਿਤ ਕਮਾਂਡ ਸੈਂਟਰ ਕੋਲ ਆ ਜਾਵੇ ਤਾਂ ਸੜਕੀ ਆਵਾਜਾਈ ਨੂੰ ਬਿਹਤਰ ਢੰਗ ਨਾਲ ਕੰਟਰੋਲ ਕੀਤਾ ਜਾ ਸਕੇਗਾ। ਡਿਪਟੀ ਕਮਿਸ਼ਨਰ ਨੇ ਇਸ ’ਤੇ ਕਮਿਸ਼ਨਰ ਨਗਰ ਨਿਗਮ ਨੂੰ ਟ੍ਰੈਫ਼ਿਕ ਲਾਈਟਾਂ ਦਾ ਕੰਟਰੋਲ ਕਮਾਂਡ ਅਤੇ ਕੰਟਰੋਲ ਸੈਂਟਰ ਨੂੰ ਦਿੱਤੇ ਜਾਣ ਦੇ ਸੁਝਾਅ ’ਤੇ ਵਿਚਾਰ ਕਰਨ ਲਈ ਆਖਿਆ।
ਐੱਸਐੱਸਪੀ ਵੱਲੋਂ ਇਸ ਮੌਕੇ ਸ਼ਹਿਰ ’ਚ ਆਵਾਜਾਈ ਦੇ ‘ਪੀਕ ਆਵਰਜ਼’ ਦੌਰਾਨ ਤਜ਼ਰਬੇ ਦੇ ਆਧਾਰ ’ਤੇ ਕੁੱਝ ਇਕ ਸੜਕਾਂ ’ਤੇ ਭਾਰੀ ਵਾਹਨਾਂ ਦੀ ਆਮਦ ’ਤੇ ਰੋਕ ਲਾਉਣ ਦਾ ਸੁਝਾਅ ਵੀ ਰੱਖਿਆ ਗਿਆ, ਜਿਸ ’ਤੇ ਡਿਪਟੀ ਕਮਿਸ਼ਨਰ ਵੱਲੋਂ ਵਿਚਾਰ ਕਰਨ ਦਾ ਭਰੋਸਾ ਦਿੱਤਾ ਗਿਆ। ਬੈਠਕ ’ਚ ਐੱਸਡੀਐੱਮ ਮੁਹਾਲੀ ਦਮਨਦੀਪ ਕੌਰ, ਐੱਸਪੀ (ਟ੍ਰੈਫ਼ਿਕ) ਐੱਚਐੱਸ ਮਾਨ, ਟ੍ਰਾਂਸਪੋਰਟ ਅਫ਼ਸਰ ਪਰਦੀਪ ਸਿੰਘ ਢਿੱਲੋਂ, ਕਾਰਜਕਾਰੀ ਇੰਜੀਨੀਅਰ ਨਗਰ ਨਿਗਮ ਅਤੇ ਕਾਰਜਕਾਰੀ ਇੰਜੀਨੀਅਰ ਗਮਾਡਾ, ਕੌਮੀ ਸ਼ਾਹਰਾਹ ਅਥਾਰਟੀ ਦੇ ਪ੍ਰਤੀਨਿਧੀ ਤੋਂ ਇਲਾਵਾ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੇ ਗ਼ੈਰ-ਸਰਕਾਰੀ ਮੈਂਬਰ ਹਰਪ੍ਰੀਤ ਸਿੰਘ ਵੀ ਮੌਜੂਦ ਸਨ।
Leave a Reply