ਪੰਜਾਬ ਸਰਕਾਰ ਦਾ ਵੱਡਾ ਕਦਮ, ਨਵੇਂ ਰਾਸ਼ਨ ਡਿਪੂਆਂ ਨਾਲ ਲੋਕਾਂ ਨੂੰ ਘਰ ਦੇ ਨੇੜੇ ਮਿਲੇਗੀ ਸੇਵਾ

ਪੰਜਾਬ ਸਰਕਾਰ ਦਾ ਵੱਡਾ ਕਦਮ, ਨਵੇਂ ਰਾਸ਼ਨ ਡਿਪੂਆਂ ਨਾਲ ਲੋਕਾਂ ਨੂੰ ਘਰ ਦੇ ਨੇੜੇ ਮਿਲੇਗੀ ਸੇਵਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸੂਬੇ ਦੇ ਲੋਕਾਂ ਲਈ ਇੱਕ ਮਹੱਤਵਪੂਰਨ ਪਹਿਲ ਕਰਦੇ ਹੋਏ ਨਵੀਂ ਰਾਸ਼ਨ ਡਿਪੂ ਅਲਾਟਮੈਂਟ ਨੀਤੀ ਤਹਿਤ 2,800 ਨਵੇਂ ਰਾਸ਼ਨ ਡਿਪੂ ਧਾਰਕਾਂ ਨੂੰ ਲਾਇਸੈਂਸ ਜਾਰੀ ਕਰਨਗੇ। ਇਹ ਸਮਾਗਮ ਮੋਹਾਲੀ ਸਥਿਤ ਵਿਕਾਸ ਭਵਨ ਵਿਖੇ ਆਯੋਜਿਤ ਕੀਤਾ ਜਾਵੇਗਾ। ਸਰਕਾਰ ਦਾ ਕਹਿਣਾ ਹੈ ਕਿ ਇਸ ਨਵੀਂ ਪਹਿਲ ਨਾਲ ਰਾਸ਼ਨ ਕਾਰਡ ਧਾਰਕਾਂ ਨੂੰ ਰਾਸ਼ਨ ਪ੍ਰਾਪਤ ਕਰਨ ਲਈ ਲੰਬੀ ਦੂਰੀ ਤੈਅ ਕਰਨ ਦੀ ਲੋੜ ਨਹੀਂ ਪਵੇਗੀ। ਨਵੇਂ ਰਾਸ਼ਨ ਡਿਪੂ ਖੁੱਲ੍ਹਣ ਨਾਲ ਸੇਵਾਵਾਂ ਲੋਕਾਂ ਦੇ ਘਰਾਂ ਦੇ ਨੇੜੇ ਹੀ ਉਪਲਬਧ ਹੋਣਗੀਆਂ, ਜਿਸ ਨਾਲ ਉਨ੍ਹਾਂ ਨੂੰ ਵਧੇਰੇ ਸਹੂਲਤ ਮਿਲੇਗੀ। ਨਵੀਂ ਨੀਤੀ ਅਨੁਸਾਰ ਅਲਾਟ ਕੀਤੇ ਜਾਣ ਵਾਲੇ 2,800 ਰਾਸ਼ਨ ਡਿਪੂਆਂ ਵਿੱਚੋਂ 633 ਅਨੁਸੂਚਿਤ ਜਾਤੀਆਂ, 199 ਪੱਛੜੀਆਂ ਸ਼੍ਰੇਣੀਆਂ, 181 ਸਾਬਕਾ ਸੈਨਿਕਾਂ, 39 ਆਜ਼ਾਦੀ ਘੁਲਾਟੀਆਂ, 156 ਅਪਾਹਜ ਵਿਅਕਤੀਆਂ ਅਤੇ 17 ਦੰਗਾ ਪ੍ਰਭਾਵਿਤ ਪਰਿਵਾਰਾਂ ਨੂੰ ਡਿਪੂ ਅਲਾਟ ਕੀਤੇ ਜਾਣਗੇ। ਪੰਜਾਬ ਸਰਕਾਰ ਮੁਤਾਬਕ, ਇਨ੍ਹਾਂ ਨਵੇਂ ਰਾਸ਼ਨ ਡਿਪੂਆਂ ਦੇ ਚਾਲੂ ਹੋਣ ਨਾਲ ਕਰੀਬ 5.5 ਲੱਖ ਰਾਸ਼ਨ ਕਾਰਡ ਧਾਰਕਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਰਾਸ਼ਨ ਪ੍ਰਾਪਤ ਕਰਨ ਦੀ ਸਹੂਲਤ ਮਿਲੇਗੀ। ਮੌਜੂਦਾ ਸਮੇਂ ਵਿੱਚ ਪੰਜਾਬ ਸਰਕਾਰ ਸੂਬੇ ਭਰ ਦੇ ਲਗਭਗ 14,000 ਰਾਸ਼ਨ ਡਿਪੂਆਂ ਰਾਹੀਂ ਸਮਾਰਟ ਰਾਸ਼ਨ ਕਾਰਡ ਯੋਜਨਾ ਅਧੀਨ ਰਜਿਸਟਰਡ ਕਰੀਬ 40 ਲੱਖ ਪਰਿਵਾਰਾਂ ਨੂੰ ਮੁਫ਼ਤ ਕਣਕ ਅਤੇ "ਮੇਰੀ ਰਸੋਈ" ਰਾਸ਼ਨ ਕਿੱਟਾਂ ਮੁਹੱਈਆ ਕਰਵਾ ਰਹੀ ਹੈ। ਸਰਕਾਰ ਦਾ ਟੀਚਾ ਸੂਬੇ ਦੇ ਹਰ ਪਿੰਡ ਅਤੇ ਸ਼ਹਿਰੀ ਖੇਤਰ ਵਿੱਚ ਰਾਸ਼ਨ ਡਿਪੂ ਦੀ ਸਹੂਲਤ ਉਪਲਬਧ ਕਰਵਾਉਣਾ ਹੈ। ਸਰਕਾਰ ਨੇ ਨਵੀਂ ਡਿਪੂ ਅਲਾਟਮੈਂਟ ਨੀਤੀ ਨੂੰ ਸਮਾਜਿਕ ਨਿਆਂ, ਪਾਰਦਰਸ਼ਤਾ ਅਤੇ ਲੋਕਾਂ ਤੱਕ ਸਰਕਾਰੀ ਸੇਵਾਵਾਂ ਦੀ ਬਿਹਤਰ ਪਹੁੰਚ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਕਰਾਰ ਦਿੱਤਾ ਹੈ।