ਲੋੜਵੰਦਾਂ ਮਰੀਜ਼ਾਂ ਦੀ ਨਿਸ਼ਕਾਮ ਸੇਵਾ ਕਰਨ ਵਾਲੇ ਡਾ. ਨੌਰੰਗ ਸਿੰਘ ਮਾਂਗਟ ਪੰਜਾਬ ਸਰਕਾਰ ਵਲੋਂ ਸਨਮਾਨਿਤ

ਲੋੜਵੰਦਾਂ ਮਰੀਜ਼ਾਂ ਦੀ ਨਿਸ਼ਕਾਮ ਸੇਵਾ ਕਰਨ ਵਾਲੇ ਡਾ. ਨੌਰੰਗ ਸਿੰਘ ਮਾਂਗਟ ਪੰਜਾਬ ਸਰਕਾਰ ਵਲੋਂ ਸਨਮਾਨਿਤ

ਜੋਧਾਂ/ ਸਰਾਭਾ ( ਮਨਦੀਪ ਸਿੰਘ) ਪੰਜਾਬ ਸਰਕਾਰ ਵਲੋਂ ਮੁਹਾਲੀ ਵਿਖੇ ਕਰਵਾਏ “ਸਾਡੇ ਬਜ਼ੁਰਗ ਸਾਡਾ ਮਾਣ” ਰਾਜ ਪੱਧਰੀ ਸਮਾਗਮ ਵਿੱਚ ਲਾਵਾਰਸ-ਬੇਘਰ ਬਜ਼ੁਰਗਾਂ ਤੇ ਮਰੀਜ਼ਾਂ ਦੀ ਸੇਵਾ-ਸੰਭਾਲ ਕਰਨ ਵਾਲੇ ਡਾ. ਨੌਰੰਗ ਸਿੰਘ ਮਾਂਗਟ ਸੰਸਥਾਪਕ ਗੁਰੂ ਅਮਰਦਾਸ ਅਪਾਹਜ ਆਸ਼ਰਮ ਸਰਾਭਾ ਨੂੰ ਪੰਜਾਬ ਦੇ ਸਮਾਜਿਕ ਸੁਰੱਖਿਆ ਕੈਬਨਿਟ ਮੰਤਰੀ ਮਾਨਯੋਗ ਡਾ. ਬਲਜੀਤ ਕੌਰ ਵੱਲੋਂ ਸਰਟੀਫਿਕੇਟ ਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਤ ਕੀਤਾ ਗਿਆ। ਪੰਜਾਬ ਸਰਕਾਰ ਵਲੋਂ ਡਾ. ਨੌਰੰਗ ਸਿੰਘ ਮਾਂਗਟ ਨੂੰ ਇਹ ਪੁਰਸਕਾਰ ਉਹਨਾਂ ਵੱਲੋਂ ਪਿਛਲੇ 21 ਸਾਲਾਂ ਤੋਂ ਲਾਵਾਰਸ-ਬੇਘਰ ਬਜ਼ੁਰਗਾਂ ਤੇ ਮਰੀਜ਼ਾਂ ਦੀ ਲਗਾਤਰ ਕੀਤੀ ਜਾ ਰਹੀ ਨਿਰਸਵਾਰਥ ਸੇਵਾ ਨੂੰ ਮੁੱਖ ਰੱਖਦੇ ਹੋਏ ਦਿੱਤਾ ਗਿਆ। ਪੁਰਸਕਾਰ ਦੇਣ ਸਮੇਂ ਕੈਬਨਿਟ ਮੰਤਰੀ ਮਾਨਯੋਗ ਡਾ. ਬਲਜੀਤ ਕੌਰ ਤੋਂ ਇਲਾਵਾ ਉਹਨਾਂ ਨਾਲ ਪੰਜਾਬ ਦੇ ਐਡੀਸ਼ਨਲ ਚੀਫ਼ ਸੈਕਟਰੀ ਸ੍ਰੀ ਵਿਕਾਸ ਪ੍ਰਤਾਪ ਸਿੰਘ, ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ, ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ, ਜੁਆਇੰਟ ਸੈਕਟਰੀ ਸਮਾਜਿਕ ਸੁਰੱਖਿਆ ਅਨੰਦ ਸਾਗਰ, ਜੁਆਇੰਟ ਡਾਇਰੈਕਟਰ ਚਰਨਜੀਤ ਸਿੰਘ ਮਾਨ, ਸਮਾਜਿਕ ਤੇ ਭਲਾਈ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਅਤੇ ਪੰਜਾਬ ਸਰਕਾਰ ਦੇ ਹੋਰ ਬਹੁਤ ਸਾਰੇ ਸੀਨਅਰ ਅਫਸਰ ਅਤੇ ਸਖਸ਼ੀਅਤਾਂ ਮੌਜੂਦ ਸਨ। ਇਸ ਮੌਕੇ ਪੰਜਾਬ ਦੇ ਹੋਰ ਇਲਾਕਿਆਂ ਦੇ ਨਿਸ਼ਕਾਮ ਸੇਵਾ ਕਰਨ ਵਾਲੇ ਵਿਅਕਤੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਪਰ ਲੁਧਿਆਣਾ ਜਿਲ੍ਹੇ ‘ਚੋਂ ਇਸ ਸਨਮਾਨ ਲਈ ਡਾ. ਨੌਰੰਗ ਸਿੰਘ ਮਾਂਗਟ ਨੂੰ ਹੀ ਚੁਣਿਆ ਗਿਆ ਸੀ। ਪੀ. ਏ. ਯੂ. ਲੁਧਿਆਣਾ, ਯੂਨੀਵਰਸਿਟੀ ਆਫ਼ ਵਿੰਡਸਰ (ਕੈਨੇਡਾ) ਅਤੇ ਮੌਰੀਸਨ ਸਾਇੰਟਿਫਿਕ ਰੀਸਰਚ ਕੰਪਨੀ ਕੈਲਗਰੀ (ਕੈਨੇਡਾ) ਦੇ ਸਾਬਕਾ ਪ੍ਰੋਫੈਸਰ ਅਤੇ ਸਾਇੰਸਦਾਨ ਡਾ. ਨੌਰੰਗ ਸਿੰਘ ਮਾਂਗਟ ਨੇ ਕਈ ਸਾਲ ਲੁਧਿਆਣਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਾਇਕਲ ‘ਤੇ ਫਿਰਕੇ ਸੜਕਾਂ ਕੰਢੇ ਪਏ ਲਾਵਾਰਸ, ਬੇਘਰ, ਅਪਾਹਜ ਅਤੇ ਬਿਮਾਰ ਲੋੜਵੰਦਾਂ ਦੀ ਸੇਵਾ-ਸੰਭਾਲ ਕੀਤੀ । ਅਜਿਹੇ ਲੋਕਾਂ ਦੀ ਹੋਰ ਬਿਹਤਰ ਢੰਗ ਨਾਲ ਸੇਵਾ-ਸੰਭਾਲ ਕਰਨ ਲਈ ਲੁਧਿਆਣਾ ਜਿਲੇ ਦੇ ਪਿੰਡ ਸਰਾਭਾ ਦੇ ਨਜ਼ਦੀਕ ਗੁਰੂ ਅਮਰ ਦਾਸ ਅਪਾਹਜ ਆਸ਼ਰਮ ਬਣਵਾਇਆ। ਡਾ. ਨੌਰੰਗ ਸਿੰਘ ਮਾਂਗਟ ਨੇ ਦੱਸਿਆ ਕਿ ਇਸ ਆਸ਼ਰਮ ਵਿੱਚ ਹੁਣ 235 ਦੇ ਕਰੀਬ ਅਪਾਹਜ, ਬੇਸਹਾਰਾ, ਨੇਤਰਹੀਣ, ਅਧਰੰਗ ਦੀ ਬਿਮਾਰੀ ਵਾਲੇ, ਸ਼ੂਗਰ, ਏਡਜ਼, ਕਾਲਾ ਪੀਲੀਆ, ਟੀ.ਬੀ, ਦਿਮਾਗੀ ਸੰਤੁਲਨ ਗੁਆ ਚੁੱਕੇ, ਲਾਇਲਾਜ ਰੋਗਾਂ ਨਾਲ ਪੀੜਤ ਲਾਵਾਰਸ, ਬੇਘਰ ਬਜ਼ੁਰਗ ਤੇ ਗਰੀਬ ਲੋਕ ਪੱਕੇ ਤੌਰ ‘ਤੇ ਰਹਿ ਰਹੇ ਹਨ। ਇਹਨਾਂ ‘ਚ ਜ਼ਿਆਦਾਤਰ ਉਹ ਹਨ ਜਿਹਨਾਂ ਨੂੰ ਸੜਕਾਂ ‘ਤੋਂ ਬਹੁਤ ਤਰਸਯੋਗ ਹਾਲਤ ‘ਚ ਚੁੱਕ ਕੇ ਲਿਆਂਦਾ ਗਿਆ ਸੀ। ਇਹਨਾਂ ਮਰੀਜ਼ਾਂ ‘ਚ 125 ਦੇ ਕਰੀਬ ਮਰੀਜ਼ਾਂ ਦਾ ਦਿਮਾਗੀ ਸੰਤੁਲਨ ਠੀਕ ਨਹੀਂ ਹੈ। ਕੲਈ ਮਰੀਜ਼ ਅਜਿਹੇ ਹਨ ਜਿਹਨਾਂ ਨੂੰ ਆਪਣੀ ਸੁੱਧ-ਬੁੱਧ ਨਹੀਂ ਹੈ, ਉਹ ਆਪਣੇ ਬਾਰੇ ਕੁੱਝ ਵੀ ਦੱਸਣ ਤੋਂ ਅਸਮਰੱਥ ਹਨ । ਸੱਠ (60) ਦੇ ਕਰੀਬ ਮਰੀਜ਼ ਅਜਿਹੇ ਹਨ ਜੋ ਆਪਣੀ ਕਿਰਿਆ ਆਪ ਨਹੀਂ ਸੋਧ ਸਕਦੇ ਅਤੇ ਮਲ-ਮੂਤਰ ਵੀ ਕੱਪੜਿਆਂ ਵਿੱਚ ਹੀ ਕਰਦੇ ਹਨ। ਅਜਿਹੇ ਲੋੜਵੰਦਾਂ ਦੀ ਨਿਸ਼ਕਾਮ ਸੇਵਾ-ਸੰਭਾਲ ਕਰਨ ਦੇ ਨਾਲ-ਨਾਲ ਮੁਫ਼ਤ ਮੈਡੀਕਲ ਸਹਾਇਤਾ ਦੇ ਕੇ ਉਹਨਾਂ ਦੀ ਜ਼ਿੰਦਗੀ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਂਦੀ ਹੈ। ਇੱਥੇ ਤਕਰੀਬਨ ਤਿੰਨ ਸੌ ਮਰੀਜ਼ਾਂ ਤੇ ਸੇਵਾਦਾਰਾਂ ਲਈ ਲੰਗਰ ਤਿਆਰ ਹੁੰਦਾ ਹੈ। ਇਹਨਾਂ ਮਰੀਜ਼ਾਂ ਤੇ ਆਉਣ ਵਾਲਾ ਚਾਰ ਕਰੋੜ ਦੇ ਕਰੀਬ ਸਾਲਾਨਾ ਖਰਚਾ ਸੰਗਤਾਂ ਦੇ ਸਹਿਯੋਗ ਅਤੇ ਅਸੀਸਾਂ ਨਾਲ ਹੀ ਚਲਦਾ ਹੈ।