Daily Suraj

ਪੰਜਾਬੀ

ਭਾਕਿਯੂ ਰਾਜੇਵਾਲ ਨੇ 13 ਜੁਲਾਈ ਨੂੰ ਚੰਡੀਗੜ੍ਹ ਵਿੱਚ ਵੱਡੇ ਮੋਟਰਸਾਈਕਲ ਮਾਰਚ ਦਾ ਕੀਤਾ ਐਲਾਨ

04 Jul, 2026 09:21 PM

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਇੱਕ ਅਹਿਮ ਮੀਟਿੰਗ ਗੁਰਦੁਆਰਾ ਮੰਜੀ ਸਾਹਿਬ, ਕੋਟਾਂ ਵਿਖੇ ਜਥੇਬੰਦੀ ਦੇ ਕੌਮੀ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਪੰਜਾਬ ਦੇ ਪਾਣੀਆਂ ਦੇ ਮੁੱਦੇ ਅਤੇ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਦੇ ਵਿਰੋਧ ਵਿੱਚ 13 ਜੁਲਾਈ ਨੂੰ ਚੰਡੀਗੜ੍ਹ ਵਿੱਚ ਵਿਸ਼ਾਲ ਮੋਟਰਸਾਈਕਲ ਮਾਰਚ ਕੱਢਣ ਦਾ ਫੈਸਲਾ ਕੀਤਾ ਗਿਆ। ਪੰਜਾਬ ਦੇ ਪਾਣੀਆਂ 'ਤੇ ਚਿੰਤਾ ਮੀਟਿੰਗ ਵਿੱਚ ਹਾਜ਼ਰ ਆਗੂਆਂ ਨੇ ਕਿਹਾ ਕਿ ਪੰਜਾਬ ਦਾ ਪਾਣੀ ਤੇਜ਼ੀ ਨਾਲ ਦੂਸ਼ਿਤ ਹੋ ਰਿਹਾ ਹੈ, ਜਿਸ ਕਾਰਨ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਵਿੱਚ ਵਾਧਾ ਹੋ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰਾਂ ਇਸ ਗੰਭੀਰ ਸਮੱਸਿਆ ਪ੍ਰਤੀ ਗੰਭੀਰ ਨਹੀਂ ਹਨ। ਨਾਲ ਹੀ ਇਹ ਵੀ ਕਿਹਾ ਗਿਆ ਕਿ ਪੰਜਾਬ ਦੇ ਪਾਣੀ ਦੇ ਸਰੋਤ ਖ਼ਤਮ ਹੋਣ ਦੇ ਬਾਵਜੂਦ ਕੇਂਦਰ ਸਰਕਾਰ ਗੈਰ-ਸੰਵਿਧਾਨਕ ਢੰਗ ਨਾਲ ਪੰਜਾਬ ਦਾ ਪਾਣੀ ਹੋਰ ਸੂਬਿਆਂ ਨੂੰ ਦੇ ਰਹੀ ਹੈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਧਰਤੀ ਦੀ ਦੂਜੀ ਪਰਤ ਦਾ ਦੂਸ਼ਿਤ ਪਾਣੀ ਵੀ ਜਲਦੀ ਖ਼ਤਮ ਹੋ ਸਕਦਾ ਹੈ, ਜਦਕਿ ਤੀਜੀ ਪਰਤ ਦਾ ਪਾਣੀ ਨਾ ਤਾਂ ਮਨੁੱਖੀ ਵਰਤੋਂ ਲਈ ਯੋਗ ਰਹੇਗਾ ਅਤੇ ਨਾ ਹੀ ਖੇਤੀ ਲਈ। ਉਨ੍ਹਾਂ ਅਫ਼ਸੋਸ ਜਤਾਇਆ ਕਿ ਪੰਜਾਬ ਦੀਆਂ ਸਿਆਸੀ ਪਾਰਟੀਆਂ ਲੋਕਾਂ ਨਾਲ ਜੁੜੇ ਇਸ ਗੰਭੀਰ ਮੁੱਦੇ 'ਤੇ ਚੁੱਪ ਹਨ। ਭਾਰਤ-ਅਮਰੀਕਾ ਵਪਾਰ ਸਮਝੌਤੇ ਦਾ ਵਿਰੋਧ ਰਾਜੇਵਾਲ ਨੇ ਦੋਸ਼ ਲਾਇਆ ਕਿ ਭਾਰਤ ਸਰਕਾਰ ਅਮਰੀਕਾ ਨਾਲ ਇੱਕ ਵਪਾਰਕ ਸਮਝੌਤਾ ਕਰਨ ਦੀ ਤਿਆਰੀ ਕਰ ਰਹੀ ਹੈ, ਜਿਸ ਤਹਿਤ ਅਮਰੀਕੀ ਉਤਪਾਦਾਂ ਲਈ ਭਾਰਤੀ ਮੰਡੀ ਖੋਲ੍ਹੀ ਜਾਵੇਗੀ। ਉਨ੍ਹਾਂ ਕਿਹਾ ਕਿ ਅਮਰੀਕਾ ਵਿੱਚ ਕਿਸਾਨਾਂ ਕੋਲ ਹਜ਼ਾਰਾਂ ਏਕੜ ਜ਼ਮੀਨ ਹੈ ਅਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਭਾਰੀ ਸਬਸਿਡੀ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿੱਚ 86 ਫ਼ੀਸਦੀ ਕਿਸਾਨਾਂ ਕੋਲ ਪੰਜ ਏਕੜ ਤੋਂ ਘੱਟ ਜ਼ਮੀਨ ਹੈ ਅਤੇ ਉਨ੍ਹਾਂ ਨੂੰ ਯੋਗ ਸਬਸਿਡੀ ਦੇਣ ਦੀ ਬਜਾਏ ਘੱਟ ਭਾਅ ਤੈਅ ਕਰਕੇ ਉਨ੍ਹਾਂ ਦੀ ਆਮਦਨ 'ਤੇ ਅਸਰ ਪੈਂਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਇਹ ਵਪਾਰ ਸਮਝੌਤਾ ਹੋ ਜਾਂਦਾ ਹੈ ਤਾਂ ਭਾਰਤੀ ਕਿਸਾਨ ਅਮਰੀਕੀ ਕਿਸਾਨਾਂ ਨਾਲ ਮੁਕਾਬਲਾ ਨਹੀਂ ਕਰ ਸਕਣਗੇ ਅਤੇ ਇਸ ਨਾਲ ਕਿਸਾਨਾਂ ਨੂੰ ਵੱਡਾ ਨੁਕਸਾਨ ਹੋਵੇਗਾ। ਰਾਜੇਵਾਲ ਨੇ ਚੇਤਾਵਨੀ ਦਿੱਤੀ ਕਿ ਜੇ ਭਾਰਤ ਸਰਕਾਰ ਨੇ ਅਮਰੀਕਾ ਨਾਲ ਇਹ ਵਪਾਰ ਸਮਝੌਤਾ ਕੀਤਾ ਤਾਂ ਦੇਸ਼ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਅਗਲੇ ਹੀ ਦਿਨ ਪੂਰੇ ਭਾਰਤ ਵਿੱਚ ਚੱਕਾ ਜਾਮ ਕਰਨਗੀਆਂ। ਯੂਰੀਆ ਖਾਦ ਘਪਲੇ ਦੀ ਜਾਂਚ ਦੀ ਮੰਗ ਰਾਜੇਵਾਲ ਨੇ ਕਿਹਾ ਕਿ ਭਾਕਿਯੂ ਰਾਜੇਵਾਲ ਨੇ ਹਾਲ ਹੀ ਵਿੱਚ ਮਾਰਕਫੈੱਡ ਅਤੇ ਮਿਲਕਫੈੱਡ ਦੇ ਸਹਿਕਾਰੀ ਪਸ਼ੂ ਖੁਰਾਕ ਕਾਰਖਾਨਿਆਂ ਵਿੱਚ ਕਥਿਤ ਯੂਰੀਆ ਖਾਦ ਘਪਲੇ ਦਾ ਮਾਮਲਾ ਉਠਾਇਆ ਸੀ। ਉਨ੍ਹਾਂ ਦੱਸਿਆ ਕਿ ਭੱਟੀਆਂ, ਘਣੀਏ ਕੇ ਬਾਂਗਰ (ਬਟਾਲਾ), ਗਿੱਦੜਬਾਹਾ ਅਤੇ ਕਪੂਰਥਲਾ ਸਥਿਤ ਪਲਾਂਟਾਂ ਨਾਲ ਸਬੰਧਤ ਕਥਿਤ ਬੇਨਿਯਮੀਆਂ ਦੇ ਮਾਮਲਿਆਂ ਵਿੱਚ ਪਰਚੇ ਦਰਜ ਹੋ ਚੁੱਕੇ ਹਨ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਅਜਿਹੀਆਂ ਕਥਿਤ ਬੇਨਿਯਮੀਆਂ ਸਿਰਫ਼ ਸਹਿਕਾਰੀ ਫੀਡ ਪਲਾਂਟਾਂ ਤੱਕ ਸੀਮਤ ਨਹੀਂ ਹਨ, ਸਗੋਂ ਸ਼ਰਾਬ ਅਤੇ ਪਲਾਈਵੁੱਡ ਕਾਰਖਾਨਿਆਂ ਵਿੱਚ ਵੀ ਇਹ ਘਪਲਾ ਹੋ ਰਿਹਾ ਹੈ। ਉਨ੍ਹਾਂ ਅਨੁਸਾਰ ਦੇਸ਼ ਪੱਧਰ 'ਤੇ ਇਹ ਕਥਿਤ ਯੂਰੀਆ ਘਪਲਾ ਹਜ਼ਾਰਾਂ ਕਰੋੜ ਰੁਪਏ ਦਾ ਹੈ। ਰਾਜੇਵਾਲ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਲਈ ਸੀਬੀਆਈ ਨੂੰ ਵੀ ਬੇਨਤੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਲਦੀ ਹੀ ਯੂਨੀਅਨ ਦਾ ਇੱਕ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਕੇ ਇਸ ਮਾਮਲੇ ਦੀ ਕੇਂਦਰੀ ਏਜੰਸੀਆਂ ਤੋਂ ਗੰਭੀਰ ਜਾਂਚ ਕਰਵਾਉਣ ਦੀ ਮੰਗ ਕਰੇਗਾ। ਮੀਟਿੰਗ ਵਿੱਚ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਮੀਆਂਪੁਰ, ਮੀਤ ਪ੍ਰਧਾਨ ਨੇਕ ਸਿੰਘ ਖੋਖ, ਜਨਰਲ ਸਕੱਤਰ ਪਰਮਿੰਦਰ ਸਿੰਘ ਚਲਾਕੀ, ਸਕੱਤਰ ਘੁੰਮਣ ਸਿੰਘ ਰਾਜਗੜ, ਮੀਤ ਪ੍ਰਧਾਨ ਸੁਖਵਿੰਦਰ ਸਿੰਘ ਭੱਟੀਆਂ, ਸਕੱਤਰ ਪ੍ਰਮਦੀਪ ਸਿੰਘ ਬੈਦਵਾਨ, ਮੀਤ ਪ੍ਰਧਾਨ ਕਸ਼ਮੀਰ ਸਿੰਘ ਜਟਾਣਾ, ਜਨਰਲ ਸਕੱਤਰ ਹਰਦੀਪ ਸਿੰਘ ਘਨੁੜਕੀ, ਮਨਮੋਹਨ ਸਿੰਘ ਥਿੰਦ, ਗੁਰਮੀਤ ਸਿੰਘ ਕਪਿਆਲ, ਨਗਿੰਦਰ ਸਿੰਘ ਬਬਲਾ, ਪ੍ਰਗਟ ਸਿੰਘ ਤਰਨਤਾਰਨ, ਜ਼ਿਲ੍ਹਾ ਜਨਰਲ ਸਕੱਤਰ ਪ੍ਰਗਟ ਸਿੰਘ ਕੋਟ ਪਨੈਚ, ਮਨਪ੍ਰੀਤ ਸਿੰਘ ਸਿੱਧੂ (ਲੁਧਿਆਣਾ), ਰਣਧੀਰ ਸਿੰਘ ਚੱਕਲ, ਮੋਹਨ ਸਿੰਘ ਫੌਜੀ ਸਮੇਤ ਜ਼ਿਲ੍ਹਿਆਂ ਅਤੇ ਬਲਾਕਾਂ ਦੇ ਕਈ ਅਹੁਦੇਦਾਰ ਹਾਜ਼ਰ ਸਨ।

Posted By: Daily Suraj Bureau

Latest News