ਧਰਮਕੋਟ ਵਿਖੇ ਪੰਥਕ ਇਕੱਠ: ਅਕਾਲੀ ਦਲ ਵਾਰਿਸ ਪੰਜਾਬ ਨੂੰ ਚੋਣਾਂ ਲੜਨ ਤੋਂ ਕੋਈ ਨਹੀਂ ਰੋਕ ਸਕੇਗਾ—ਤਰਸੇਮ ਸਿੰਘ
- ਪੰਜਾਬ
- (Asia/Kolkata)
ਭਾਰਤ ਦੇ ਚੋਣ ਕਮਿਸ਼ਨ ਵੱਲੋਂ ਪਾਰਟੀ ਨੂੰ ਮਾਨਤਾ ਦੇਣ ਵਿੱਚ ਬੇਲੋੜੀ ਦੇਰ ਕੀਤੀ ਜਾ ਰਹੀ ਹੈ, ਪਰ ਇਸ ਦੇ ਬਾਵਜੂਦ ‘ਅਕਾਲੀ ਦਲ ਵਾਰਿਸ ਪੰਜਾਬ’ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੈਦਾਨ ਵਿੱਚ ਉਤਰਨ ਤੋਂ ਦੁਨੀਆਂ ਦੀ ਕੋਈ ਤਾਕਤ ਨਹੀਂ ਰੋਕ ਸਕੇਗੀ। ਇਹ ਪ੍ਰਗਟਾਵਾ ਅੰਮ੍ਰਿਤਪਾਲ ਸਿੰਘ ਦੇ ਪਿਤਾ ਅਤੇ ਪਾਰਟੀ ਦੀ ਅਗਵਾਈ ਕਰ ਰਹੇ ਤਰਸੇਮ ਸਿੰਘ ਨੇ ਕੋਟ ਈਸੇ ਖਾਂ ਵਿਖੇ ਭਾਈ ਸਾਹਿਬ ਸਿੰਘ ਦੀ ਅਗਵਾਈ ਹੇਠ ਹੋਏ ਵਿਸ਼ਾਲ ਪੰਥਕ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਚੁਣੌਤੀਆਂ ਅਤੇ ਸਾਧਨਾਂ ਦੀ ਘਾਟ ਦੇ ਬਾਵਜੂਦ ਸੂਬੇ ਦੇ ਲੋਕਾਂ ਦੇ ਅਥਾਹ ਪਿਆਰ ਸਦਕਾ ਪੰਜਾਬ ਵਿੱਚ ਪੰਥਕ ਸਰਕਾਰ ਦਾ ਗਠਨ ਹੋਣਾ ਪੂਰੀ ਤਰ੍ਹਾਂ ਤੈਅ ਹੈ। ਸੂਬੇ ਭਰ ਵਿੱਚ ਹੋ ਰਹੇ ਵੱਡੇ ਇਕੱਠਾਂ ਨਾਲ ਪਾਰਟੀ ਲੀਡਰਸ਼ਿਪ ਦਾ ਹੌਸਲਾ ਹੋਰ ਬੁਲੰਦ ਹੋਇਆ ਹੈ। ਇਸ ਮੌਕੇ ਬੰਦੀ ਸਿੰਘਾਂ ਦਾ ਅਹਿਮ ਮੁੱਦਾ ਉਠਾਉਂਦਿਆਂ ਤਰਸੇਮ ਸਿੰਘ ਨੇ ਦੋਸ਼ ਲਾਇਆ ਕਿ ਭਾਰਤੀ ਹਕੂਮਤ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨਾ ਕਰਕੇ ਸਿੱਖਾਂ ਦੇ ਮਨਾਂ ਵਿੱਚ ਦੇਸ਼ ਪ੍ਰਤੀ ਬੇਗਾਨਗੀ ਦੀ ਭਾਵਨਾ ਪੈਦਾ ਕਰ ਰਹੀ ਹੈ। ਸਮਾਗਮ ਵਿੱਚ ਮੌਜੂਦ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਬੋਲਦਿਆਂ ਕਿਹਾ ਕਿ ਪੰਜਾਬ ਦੇ ਲੋਕ ਪਹਿਲੀਆਂ ਸਾਰੀਆਂ ਰਵਾਇਤੀ ਸਰਕਾਰਾਂ ਨੂੰ ਨੇੜਿਓਂ ਦੇਖ ਅਤੇ ਪਰਖ ਚੁੱਕੇ ਹਨ। ਉਨ੍ਹਾਂ ਮੌਜੂਦਾ ‘ਆਪ’ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸਰਕਾਰ ਨੇ ਸਿੱਖ ਕੌਮ ਨਾਲ ਨਸ਼ਿਆਂ ਦੀ ਰੋਕਥਾਮ ਕਰਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਕਾਬੂ ਕਰਕੇ ਸਖ਼ਤ ਸਜ਼ਾਵਾਂ ਦੇਣ ਦੇ ਵੱਡੇ ਵਾਦੇ ਕੀਤੇ ਸਨ, ਪਰ ਇਹ ਦੋਵੇਂ ਅਹਿਮ ਮਾਮਲੇ ਅਜੇ ਵੀ ਅਧੂਰੇ ਪਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਲੋਕਾਂ ਦੇ ਸਹਿਯੋਗ ਨਾਲ ਸੂਬੇ ਦੀ ਅਸਲ ਵਾਗਡੋਰ ਇੱਥੋਂ ਦੇ ਅਸਲ ਵਾਰਸਾਂ ਦੇ ਹੱਥਾਂ ਵਿੱਚ ਆਵੇਗੀ। ਇਸ ਦੇ ਨਾਲ ਹੀ ਉਨ੍ਹਾਂ ਦੋਸ਼ ਲਾਇਆ ਕਿ ਬਾਦਲ ਅਕਾਲੀ ਦਲ ਨੇ ਹੀ ਪੰਜਾਬ ਅੰਦਰ ਨਸ਼ਿਆਂ ਦੇ ਰੁਝਾਨ ਨੂੰ ਪ੍ਰਫੁੱਲਤ ਕੀਤਾ ਸੀ। ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਾਰਟੀ ਦਾ ਮੁੱਖ ਉਦੇਸ਼ ਪੰਜਾਬ ਅੰਦਰ ਆਪਸੀ ਸਾਂਝ ਅਤੇ ਭਾਈਚਾਰੇ ਨੂੰ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਹਿੰਦੂ ਭਾਈਚਾਰੇ ਦੇ ਪ੍ਰਮੁੱਖ ਚਿਹਰੇ ਵੀ ਪਾਰਟੀ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਨੇ ਬੁਰੀ ਤਰ੍ਹਾਂ ਜਕੜਿਆ ਹੋਇਆ ਹੈ, ਪਰ ਸੂਬੇ ਦੇ ਮੁੱਖ ਮੰਤਰੀ ਅਤੇ ਹੋਰ ਮੰਤਰੀ ਲੋਕਾਂ ਨੂੰ ਗੁਮਰਾਹ ਕਰਨ ਵਿੱਚ ਲੱਗੇ ਹੋਏ ਹਨ। ‘ਅਕਾਲੀ ਦਲ ਵਾਰਿਸ ਪੰਜਾਬ’ ਦਾ ਪੰਜਾਬ ਵਾਸੀਆਂ ਲਈ ਬਿਲਕੁਲ ਸਾਫ਼-ਸੁਥਰਾ ਏਜੰਡਾ ਹੈ। ਪਾਰਲੀਮਾਨੀ ਬੋਰਡ ਦੇ ਮੈਂਬਰ ਸੁਖਵਿੰਦਰ ਸਿੰਘ ਅਵਾਣ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਕਿਸੇ ਵੀ ਸਰਕਾਰ ਨਾਲ ਕੋਈ ਨਿੱਜੀ ਲੜਾਈ ਨਹੀਂ ਹੈ, ਸਗੋਂ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਤੋਂ ਘਬਰਾ ਕੇ ਸਰਕਾਰਾਂ ਨੇ ਉਨ੍ਹਾਂ ਨੂੰ ਲੰਘੇ ਸਾਢੇ ਤਿੰਨ ਸਾਲਾਂ ਤੋਂ ਜੇਲ੍ਹ ਵਿੱਚ ਬੰਦ ਕੀਤਾ ਹੋਇਆ ਹੈ। ਸਮਾਗਮ ਦੌਰਾਨ ਭਾਈ ਸਾਹਿਬ ਸਿੰਘ ਅਤੇ ਉਨ੍ਹਾਂ ਦੇ ਵੱਡੀ ਗਿਣਤੀ ਵਿੱਚ ਸਾਥੀਆਂ ਨੂੰ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਜਸਕਰਲ ਸਿੰਘ ਕਾਹਨ ਸਿੰਘ ਵਾਲਾ, ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਰਸੂਲਪੁਰ, ਸੰਦੀਪ ਸਿੰਘ ਮੌਜਗੜ੍ਹ ਅਤੇ ਬਚਿੱਤਰ ਸਿੰਘ ਖਾਲਸਾ ਸਮੇਤ ਹਲਕੇ ਦੇ ਕਈ ਪ੍ਰਮੁੱਖ ਆਗੂ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
Leave a Reply