ਗੁਰਦੁਆਰਾ ਘੰਟਾ ਘਰ ਕਾਲਾ ਸੰਘਿਆਂ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾਪੂਰਵਕ ਮਨਾਇਆ
(ਇੰਦਰਜੀਤ) ਗੁਰਦੁਆਰਾ ਘੰਟਾ ਘਰ ਪ੍ਰਬੰਧਕ ਕਮੇਟੀ ਆਲਮਗੀਰ (ਕਾਲਾ ਸੰਘਿਆਂ) ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ।ਇਸ ਪਵਿੱਤਰ ਦਿਹਾੜੇ ਦੇ ਸਬੰਧ ਵਿੱਚ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਪਾਠ ਦੇ ਭੋਗ ਉਪਰੰਤ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਗਏ। ਇਨ੍ਹਾਂ ਦੀਵਾਨਾਂ ਵਿੱਚ ਗੁਰਦੁਆਰਾ ਘੰਟਾ ਘਰ ਦੇ ਹਜ਼ੂਰੀ ਰਾਗੀ ਭਾਈ ਜਸਵਿੰਦਰ ਸਿੰਘ ਦੇ ਜੱਥੇ ਵੱਲੋਂ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਤੋਂ ਬਾਅਦ ਪੰਥਕ ਢਾਡੀ ਗਿਆਨੀ ਜਤਿੰਦਰ ਸਿੰਘ ਬੈਂਸ ਦੇ ਜੱਥੇ ਨੇ ਸੰਗਤਾਂ ਨੂੰ ਗੁਰ-ਇਤਿਹਾਸ ਅਤੇ ਸ਼ਹੀਦੀ ਪ੍ਰਸੰਗ ਸੁਣਾ ਕੇ, ਢਾਡੀ ਵਾਰਾਂ ਰਾਹੀਂ ਗੁਰੂ ਚਰਨਾਂ ਨਾਲ ਜੋੜਿਆ।ਇਸ ਮੌਕੇ ਸ਼ਹੀਦੀ ਪੁਰਬ ਨੂੰ ਮੁੱਖ ਰੱਖਦਿਆਂ ਸੰਗਤਾਂ ਵਾਸਤੇ ਠੰਡੇ-ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।ਇਸ ਧਾਰਮਿਕ ਸਮਾਗਮ ਵਿੱਚ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵਿੰਦਰ ਸਿੰਘ ਬੱਬੀ, ਜਸਵੰਤ ਸਿੰਘ ਸੈਕਟਰੀ, ਜਸਮੈਲ ਸਿੰਘ ਖਜ਼ਾਨਚੀ, ਸਾਬਕਾ ਬਲਾਕ ਸੰਮਤੀ ਮੈਂਬਰ ਨਿਰਮਲ ਸਿੰਘ ਸੰਘਾ, ਸਾਬਕਾ ਸਰਪੰਚ ਤੇ ਮੌਜੂਦਾ ਪੰਚ ਸੰਜੀਵ ਕੁਮਾਰ ਹੈਪੀ ਸਮੇਤ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰ ਹੋ ਕੇ ਗੁਰੂ ਚਰਨਾਂ ਵਿੱਚ ਹਾਜ਼ਰੀ ਲਗਵਾਈ।
Posted By: Daily Suraj Bureau