ਕੇਜਰੀਵਾਲ ਨੂੰ ਮਿਲੀ ਰਾਹਤ, ਜਸਟਿਸ ਸਵਰਨ ਕਾਂਤਾ ਸ਼ਰਮਾ ਨੇ ਕੇਸ ਤੋਂ ਕੀਤਾ ਖੁਦ ਨੂੰ ਵੱਖ

ਕੇਜਰੀਵਾਲ ਨੂੰ ਮਿਲੀ ਰਾਹਤ, ਜਸਟਿਸ ਸਵਰਨ ਕਾਂਤਾ ਸ਼ਰਮਾ ਨੇ ਕੇਸ ਤੋਂ ਕੀਤਾ ਖੁਦ ਨੂੰ ਵੱਖ

Delhi High Court ਦੀ ਜਸਟਿਸ ਸਵਰਨ ਕਾਂਤਾ ਸ਼ਰਮਾ ਹੁਣ ਦਿੱਲੀ ਸ਼ਰਾਬ ਘੁਟਾਲੇ ਨਾਲ ਜੁੜੇ ਮਾਮਲੇ ਦੀ ਸੁਣਵਾਈ ਨਹੀਂ ਕਰਨਗੇ। ਉਨ੍ਹਾਂ ਨੇ ਆਪਣੇ ਆਪ ਨੂੰ ਇਸ ਮਾਮਲੇ ਤੋਂ ਵੱਖ ਕਰ ਲਿਆ ਹੈ। ਵੀਰਵਾਰ ਨੂੰ ਫੈਸਲਾ ਸੁਣਾਉਂਦੇ ਹੋਏ ਉਨ੍ਹਾਂ ਨੇ Arvind Kejriwal ਅਤੇ Aam Aadmi Party ਦੇ ਹੋਰ ਆਗੂਆਂ ਵਿਰੁੱਧ ਅਦਾਲਤ ਦੀ ਮਾਣਹਾਨੀ ਸਬੰਧੀ ਕਾਰਵਾਈ ਸ਼ੁਰੂ ਕਰਨ ਦੀ ਗੱਲ ਵੀ ਕਹੀ। ਅਦਾਲਤ ਨੇ ਸਪੱਸ਼ਟ ਕੀਤਾ ਕਿ ਹੁਣ ਦਿੱਲੀ ਸ਼ਰਾਬ ਘੁਟਾਲੇ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਕਿਸੇ ਹੋਰ ਜੱਜ ਜਾਂ ਬੈਂਚ ਵੱਲੋਂ ਕੀਤੀ ਜਾਵੇਗੀ। ਹਾਲਾਂਕਿ ਮਾਣਹਾਨੀ ਨਾਲ ਜੁੜੀ ਕਾਰਵਾਈ ਜਸਟਿਸ ਸਵਰਨ ਕਾਂਤਾ ਸ਼ਰਮਾ ਦੀ ਅਦਾਲਤ ਵਿੱਚ ਜਾਰੀ ਰਹੇਗੀ। ਦੱਸਣਯੋਗ ਹੈ ਕਿ Central Bureau of Investigation (CBI) ਨੇ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਸਮੇਤ ਆਮ ਆਦਮੀ ਪਾਰਟੀ ਦੇ ਕਈ ਆਗੂਆਂ ਨੂੰ ਮੁਲਜ਼ਮ ਬਣਾਇਆ ਸੀ। ਇਸ ਤੋਂ ਪਹਿਲਾਂ ਰਾਊਜ਼ ਐਵੇਨਿਊ ਕੋਰਟ ਨੇ ਇਹ ਕਹਿੰਦੇ ਹੋਏ ਕੇਸ ਖਾਰਜ ਕਰ ਦਿੱਤਾ ਸੀ ਕਿ ਕੇਜਰੀਵਾਲ ਅਤੇ ਹੋਰ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਲੋੜੀਂਦੇ ਸਬੂਤ ਮੌਜੂਦ ਨਹੀਂ ਹਨ। ਇਸ ਫੈਸਲੇ ਨੂੰ ਸੀਬੀਆਈ ਨੇ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਮਾਮਲੇ ਦੀ ਸੁਣਵਾਈ ਜਸਟਿਸ ਸਵਰਨ ਕਾਂਤਾ ਸ਼ਰਮਾ ਦੀ ਅਗਵਾਈ ਵਾਲੇ ਬੈਂਚ ਸਾਹਮਣੇ ਹੋ ਰਹੀ ਸੀ। ਸੁਣਵਾਈ ਦੌਰਾਨ ਅਰਵਿੰਦ ਕੇਜਰੀਵਾਲ ਨੇ ਜੱਜ ਨੂੰ ਅਪੀਲ ਕੀਤੀ ਸੀ ਕਿ ਉਹ ਖੁਦ ਨੂੰ ਮਾਮਲੇ ਤੋਂ ਵੱਖ ਕਰ ਲੈਣ, ਪਰ ਜਸਟਿਸ ਸ਼ਰਮਾ ਨੇ ਇਸ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਕੇਜਰੀਵਾਲ ਨੇ ਸੁਣਵਾਈ ਦੇ ਬਾਈਕਾਟ ਦਾ ਐਲਾਨ ਕੀਤਾ। ਉਨ੍ਹਾਂ ਨੇ ਜਸਟਿਸ ਸ਼ਰਮਾ ਦੇ ਵਕੀਲ ਪੁੱਤਰਾਂ ਦਾ ਹਵਾਲਾ ਦਿੰਦਿਆਂ ਕਿਹਾ ਸੀ ਕਿ ਉਹ ਇਸ ਮਾਮਲੇ ਵਿੱਚ ਨਿਰਪੱਖ ਫੈਸਲਾ ਨਹੀਂ ਦੇ ਸਕਣਗੇ। ਕੇਜਰੀਵਾਲ ਨੇ ਇਸ ਸਬੰਧੀ ਵੀਡੀਓ ਅਤੇ ਪੋਸਟਾਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ, ਜਿਨ੍ਹਾਂ ਨੂੰ ਪਾਰਟੀ ਦੇ ਹੋਰ ਆਗੂਆਂ ਵੱਲੋਂ ਵੀ ਸ਼ੇਅਰ ਕੀਤਾ ਗਿਆ। ਸੁਣਵਾਈ ਦੌਰਾਨ ਜਸਟਿਸ ਸਵਰਨ ਕਾਂਤਾ ਸ਼ਰਮਾ ਨੇ ਸਖ਼ਤ ਰੁਖ ਅਪਣਾਇਆ। ਅਦਾਲਤ ਨੇ ਨੋਟ ਕੀਤਾ ਕਿ ਸੋਸ਼ਲ ਮੀਡੀਆ ਅਤੇ ਹੋਰ ਆਨਲਾਈਨ ਪਲੇਟਫਾਰਮਾਂ ‘ਤੇ ਉਨ੍ਹਾਂ ਖ਼ਿਲਾਫ਼ ਇਤਰਾਜ਼ਯੋਗ ਅਤੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਗਈਆਂ ਹਨ। ਜਸਟਿਸ ਸ਼ਰਮਾ ਨੇ ਕਿਹਾ ਕਿ ਉਹ ਇਸ ਮਾਮਲੇ ‘ਤੇ ਚੁੱਪ ਨਹੀਂ ਰਹਿਣਗੇ ਅਤੇ ਸੰਕੇਤ ਦਿੱਤਾ ਕਿ ਮਾਣਹਾਨੀ ਦੀ ਕਾਰਵਾਈ ਅੱਗੇ ਵਧਾਈ ਜਾ ਸਕਦੀ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ਨਿਆਂਪਾਲਿਕਾ ਖ਼ਿਲਾਫ਼ ਇਸ ਤਰ੍ਹਾਂ ਦੀਆਂ ਟਿੱਪਣੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਜ਼ਿਕਰਯੋਗ ਹੈ ਕਿ ਆਬਕਾਰੀ ਨੀਤੀ ਮਾਮਲੇ ਵਿੱਚ ਹੇਠਲੀ ਅਦਾਲਤ ਪਹਿਲਾਂ ਹੀ ਅਰਵਿੰਦ ਕੇਜਰੀਵਾਲ ਅਤੇ Manish Sisodia ਸਮੇਤ 21 ਦੋਸ਼ੀਆਂ ਨੂੰ ਰਾਹਤ ਦੇ ਚੁੱਕੀ ਹੈ।