ਗੌਤਮ ਅਡਾਨੀ, ਸਾਗਰ ਅਡਾਨੀ ਤੇ ਵਿਨੀਤ ਜੈਨ ਖ਼ਿਲਾਫ਼ ਅਮਰੀਕੀ ਅਪਰਾਧਿਕ ਕਾਰਵਾਈ ਸਮਾਪਤ
- ਵਿਦੇਸ਼
- (Asia/Kolkata)
ਅਮਰੀਕੀ ਅਦਾਲਤ ਨੇ ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ, ਉਨ੍ਹਾਂ ਦੇ ਭਤੀਜੇ ਸਾਗਰ ਅਡਾਨੀ ਅਤੇ ਅਡਾਨੀ ਗ੍ਰੀਨ ਦੇ ਸਾਬਕਾ ਮੁੱਖ ਕਾਰਜਕਾਰੀ ਅਧਿਕਾਰੀ (CEO) ਵਿਨੀਤ ਜੈਨ ਖ਼ਿਲਾਫ਼ ਚੱਲ ਰਹੇ ਕਥਿਤ ਧੋਖਾਧੜੀ ਅਤੇ ਰਿਸ਼ਵਤਖੋਰੀ ਦੇ ਅਪਰਾਧਿਕ ਮਾਮਲੇ ਨੂੰ ਖਾਰਜ ਕਰ ਦਿੱਤਾ ਹੈ। ਇਸ ਫੈਸਲੇ ਨਾਲ ਕਰੀਬ ਦੋ ਸਾਲਾਂ ਤੋਂ ਚੱਲ ਰਹੀ ਕਾਨੂੰਨੀ ਕਾਰਵਾਈ ਦਾ ਅੰਤ ਹੋ ਗਿਆ ਹੈ। ਈਸਟਰਨ ਡਿਸਟ੍ਰਿਕਟ ਆਫ਼ ਨਿਊਯਾਰਕ ਦੀ ਅਮਰੀਕੀ ਜ਼ਿਲ੍ਹਾ ਅਦਾਲਤ ਦੇ ਜੱਜ ਨਿਕੋਲਸ ਗਾਰੌਫਿਸ ਨੇ ਅਮਰੀਕੀ ਨਿਆਂ ਵਿਭਾਗ (DoJ) ਵੱਲੋਂ ਮਾਮਲੇ ਵਿੱਚ ਲਗਾਏ ਗਏ ਦੋਸ਼ਾਂ ਨੂੰ ਵਾਪਸ ਲੈਣ ਲਈ ਦਾਇਰ ਕੀਤੀ Rule 48(a) ਮੋਸ਼ਨ ਨੂੰ ਮਨਜ਼ੂਰੀ ਦੇ ਦਿੱਤੀ। ਅਦਾਲਤ ਨੇ ਮਾਮਲੇ ਨੂੰ ‘with prejudice’ ਖਾਰਜ ਕੀਤਾ ਹੈ। ਇਸ ਦਾ ਅਰਥ ਹੈ ਕਿ ਇਹ ਅਪਰਾਧਿਕ ਕਾਰਵਾਈ ਪੱਕੇ ਤੌਰ ’ਤੇ ਬੰਦ ਹੋ ਗਈ ਹੈ ਅਤੇ ਇਨ੍ਹਾਂ ਦੋਸ਼ਾਂ ਨੂੰ ਮੁੜ ਦਰਜ ਨਹੀਂ ਕੀਤਾ ਜਾ ਸਕਦਾ। ਨਵੰਬਰ 2024 ਵਿੱਚ ਸ਼ੁਰੂ ਹੋਇਆ ਸੀ ਮਾਮਲਾ ਇਹ ਮਾਮਲਾ ਨਵੰਬਰ 2024 ਵਿੱਚ ਉਸ ਸਮੇਂ ਸਾਹਮਣੇ ਆਇਆ ਸੀ, ਜਦੋਂ ਅਮਰੀਕੀ ਸਰਕਾਰੀ ਵਕੀਲਾਂ ਨੇ ਦੋਸ਼ ਲਾਇਆ ਸੀ ਕਿ ਅਡਾਨੀ ਗਰੁੱਪ ਦੇ ਅਧਿਕਾਰੀਆਂ ਨੇ ਭਾਰਤ ਵਿੱਚ ਸੌਰ ਊਰਜਾ ਦੇ ਠੇਕੇ ਹਾਸਲ ਕਰਨ ਲਈ ਭਾਰਤੀ ਸਰਕਾਰੀ ਅਧਿਕਾਰੀਆਂ ਨੂੰ 250 ਮਿਲੀਅਨ ਅਮਰੀਕੀ ਡਾਲਰ ਦੀ ਰਿਸ਼ਵਤ ਦੇਣ ਦੀ ਸਾਜ਼ਿਸ਼ ਰਚੀ ਸੀ। ਅਡਾਨੀ ਗਰੁੱਪ ਨੇ ਸ਼ੁਰੂ ਤੋਂ ਹੀ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਰੱਦ ਕੀਤਾ ਸੀ। ਹੁਣ ਅਦਾਲਤ ਵਿੱਚ ਦਾਇਰ ਆਪਣੀ ਪਟੀਸ਼ਨ ਦੌਰਾਨ ਟਰੰਪ ਪ੍ਰਸ਼ਾਸਨ ਦੇ ਨਿਆਂ ਵਿਭਾਗ ਨੇ ਕਿਹਾ ਕਿ ਇਸ ਮਾਮਲੇ ਨੂੰ ਅੱਗੇ ਵਧਾਉਣਾ ਹੁਣ ਨਿਆਂ ਦੇ ਹਿੱਤ ਵਿੱਚ ਨਹੀਂ ਹੈ। ਨਿਆਂ ਵਿਭਾਗ ਨੇ ਮਾਮਲੇ ਵਿੱਚ ਖੇਤਰ-ਅਧਿਕਾਰ ਨਾਲ ਜੁੜੀਆਂ ਚੁਣੌਤੀਆਂ ਅਤੇ ਸਬੂਤਾਂ ਨਾਲ ਸਬੰਧਤ ਮੁਸ਼ਕਲਾਂ ਦਾ ਵੀ ਹਵਾਲਾ ਦਿੱਤਾ। ਇਸ ਤੋਂ ਇਲਾਵਾ ਇਹ ਦਲੀਲ ਦਿੱਤੀ ਗਈ ਕਿ ਮਾਮਲਾ ਮੁੱਖ ਤੌਰ ’ਤੇ ਭਾਰਤ ਨਾਲ ਸਬੰਧਤ ਸੀ, ਜਿੱਥੇ ਭਾਰਤੀ ਅਧਿਕਾਰੀ ਪਹਿਲਾਂ ਹੀ ਇਸ ਦੀ ਸਮੀਖਿਆ ਕਰ ਚੁੱਕੇ ਹਨ। ਫੈਸਲੇ ’ਤੇ ਅਡਾਨੀ ਨੇ ਜਤਾਈ ਤਸੱਲੀ ਅਦਾਲਤੀ ਫੈਸਲੇ ਤੋਂ ਬਾਅਦ ਗੌਤਮ ਅਡਾਨੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਪੋਸਟ ਸਾਂਝੀ ਕਰਕੇ ਅਮਰੀਕੀ ਅਦਾਲਤ ਦੇ ਫੈਸਲੇ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਉਹ ਨਿਆਇਕ ਪ੍ਰਕਿਰਿਆ ਪ੍ਰਤੀ ਨਿਮਰਤਾ ਅਤੇ ਡੂੰਘੇ ਸਤਿਕਾਰ ਨਾਲ ਇਸ ਫੈਸਲੇ ਦਾ ਸਵਾਗਤ ਕਰਦੇ ਹਨ। ਅਡਾਨੀ ਨੇ ਕਿਹਾ ਕਿ ਇਸ ਚੁਣੌਤੀਪੂਰਨ ਸਮੇਂ ਦੌਰਾਨ ਉਨ੍ਹਾਂ ਦਾ ਸੱਚ, ਨਿਰਪੱਖਤਾ ਅਤੇ ਕਾਨੂੰਨ ਦੇ ਰਾਜ ਵਿੱਚ ਵਿਸ਼ਵਾਸ ਅਟੱਲ ਰਿਹਾ। ਉਨ੍ਹਾਂ ਉਨ੍ਹਾਂ ਸਾਰੇ ਲੋਕਾਂ ਦਾ ਧੰਨਵਾਦ ਵੀ ਕੀਤਾ, ਜਿਨ੍ਹਾਂ ਨੇ ਉਨ੍ਹਾਂ ਅਤੇ ਭਾਰਤ ਦੀ ਨਿਆਂ ਪ੍ਰਣਾਲੀ ’ਤੇ ਆਪਣਾ ਵਿਸ਼ਵਾਸ ਕਾਇਮ ਰੱਖਿਆ।
Leave a Reply