ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ 'ਤੇ ਅੰਮ੍ਰਿਤਸਰ 'ਚ ਅਲੌਕਿਕ ਰੌਣਕਾਂ, ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਮੁਬਾਰਕ ਮੌਕੇ ਅੱਜ ਧਾਰਮਿਕ ਅਕੀਦਤ ਅਤੇ ਸ਼ਰਧਾ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਇੱਕ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਇਸ ਪਵਿੱਤਰ ਦਿਹਾੜੇ ਦੀ ਸ਼ੁਰੂਆਤ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ, ਗੁਰਬਾਣੀ ਦੇ ਮਨੋਹਰ ਕੀਰਤਨ ਅਤੇ ਅਰਦਾਸ ਨਾਲ ਹੋਈ, ਜਿਸ ਤੋਂ ਬਾਅਦ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ। ਜ਼ਿਕਰਯੋਗ ਹੈ ਕਿ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਉਹ ਇਤਿਹਾਸਕ ਅਸਥਾਨ ਹੈ, ਜਿੱਥੇ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਵਾਈ ਸੀ। ਸੰਨ 1604 ਵਿੱਚ ਇਸੇ ਅਸਥਾਨ ਤੋਂ ਪਾਵਨ ਸਰੂਪ ਨੂੰ ਇੱਕ ਨਗਰ ਕੀਰਤਨ ਦੇ ਰੂਪ ਵਿੱਚ ਸ੍ਰੀ ਹਰਿਮੰਦਰ ਸਾਹਿਬ ਲਿਆ ਕੇ ਪਹਿਲਾ ਪ੍ਰਕਾਸ਼ ਕੀਤਾ ਗਿਆ ਸੀ। ਉਸੇ ਪ੍ਰਾਚੀਨ ਮਰਿਆਦਾ ਨੂੰ ਕਾਇਮ ਰੱਖਦਿਆਂ ਹਰ ਸਾਲ ਪਾਵਨ ਸਰੂਪ ਨੂੰ ਸੁੰਦਰ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕਰਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਲਿਆਇਆ ਜਾਂਦਾ ਹੈ। ਇਸ ਦਿਹਾੜੇ 'ਤੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਕਾਰਜਕਾਰੀ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਸੰਗਤਾਂ ਨੂੰ ਇਸ ਮਹਾਨ ਇਤਿਹਾਸ ਤੋਂ ਜਾਣੂ ਕਰਵਾਇਆ ਅਤੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਨਗਰ ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਸ਼ਿਰਕਤ ਕੀਤੀ ਅਤੇ ਅਗਵਾਈ ਕਰ ਰਹੇ ਪੰਜ ਪਿਆਰੇ ਸਾਹਿਬਾਨਾਂ ਸਮੇਤ ਸਿੰਘ ਸਾਹਿਬਾਨ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਵਿਸ਼ਵ ਭਰ ਦੀ ਸਿੱਖ ਸੰਗਤ ਨੂੰ ਵਧਾਈ ਦਾ ਸੁਨੇਹਾ ਦਿੱਤਾ। ਇਸ ਮੌਕੇ ਇੱਕ ਵੀਡੀਓ ਸੰਦੇਸ਼ ਰਾਹੀਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਪਵਿੱਤਰ ਪ੍ਰਕਾਸ਼ ਪੁਰਬ ਦੀਆਂ ਮੁਬਾਰਕਬਾਦਾਂ ਦਿੱਤੀਆਂ। ਉਨ੍ਹਾਂ ਨੇ ਸਮੁੱਚੀ ਮਾਨਵਤਾ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਵਿੱਤਰ ਸਿੱਖਿਆਵਾਂ ਧਾਰਨ ਕਰਨ ਦੀ ਅਪੀਲ ਕੀਤੀ। ਜਥੇਦਾਰ ਸਾਹਿਬ ਨੇ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਤੋਂ ਸੇਧ ਲੈ ਕੇ ਦੁਨੀਆ ਵਿੱਚ ਆਪਸੀ ਪ੍ਰੇਮ-ਪਿਆਰ, ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਕਾਇਮ ਕੀਤੀ ਜਾ ਸਕਦੀ ਹੈ, ਅਤੇ ਹਰੇਕ ਮਨੁੱਖ ਨੂੰ ਸਰਬੱਤ ਦੇ ਭਲੇ ਲਈ ਕਾਰਜ ਕਰਨੇ ਚਾਹੀਦੇ ਹਨ। ਪ੍ਰਕਾਸ਼ ਗੁਰਪੁਰਬ ਦੇ ਇਸ ਸੁਭਾਗ ਦਿਹਾੜੇ 'ਤੇ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਅਲੌਕਿਕ ਜਲੌਅ ਸਜਾਏ ਗਏ ਹਨ। ਸ੍ਰੀ ਹਰਿਮੰਦਰ ਸਾਹਿਬ ਦੇ ਸਮੁੱਚੇ ਪਰਿਸਰ ਨੂੰ ਦੇਸ਼-ਵਿਦੇਸ਼ ਤੋਂ ਲਿਆਂਦੇ ਰੰਗ-ਬਿਰੰਗੇ ਅਤੇ ਮਹਿਕਦੇ ਫੁੱਲਾਂ ਨਾਲ ਬਹੁਤ ਹੀ ਸੁੰਦਰ ਰੂਪ ਵਿੱਚ ਸਜਾਇਆ ਗਿਆ ਹੈ। ਇਸ ਪਾਵਨ ਮੌਕੇ 'ਤੇ ਗੁਰੂ ਘਰ ਵਿੱਚ ਨਤਮਸਤਕ ਹੋਣ ਅਤੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਆਸ਼ੀਰਵਾਦ ਪ੍ਰਾਪਤ ਕਰਨ ਲਈ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦਾ ਠਾਠਾਂ ਮਾਰਦਾ ਇਕੱਠ ਪਹੁੰਚ ਰਿਹਾ ਹੈ।
Posted By: Daily Suraj Bureau