ਵਿਧਾਇਕ ਛੀਨਾ ਨੇ ਸ਼ੇਰਪੁਰ ’ਚ ਡਿਸਪੈਂਸਰੀ ਦੇ ਨਵੀਨੀਕਰਣ ਕਾਰਜ਼ਾਂ ਦਾ ਕੀਤਾ ਉਦਘਾਟਨ
ਪ੍ਰੋਜੈਕਟ ਤਹਿਤ ਕਰੀਬ 42 ਲੱਖ ਰੁਪਏ ਖਰਚ ਕੀਤੇ ਜਾਣਗੇ ਰਵੀ ਕਾਲੜਾ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਸਥਾਨਕ ਸ਼ੇਰਪੁਰ ਵਿਖੇ ਡਿਸਪੈਂਸਰੀ ਦੇ ਨਵੀਨੀਕਰਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਇਲਾਕਾ ਨਿਵਾਸੀ ਵੀ ਮੌਜੂਦ ਸਨ। ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਸ਼ੇਰਪੁਰ ਵਿਖੇ ਸੇਵਾ ਕੇਂਦਰ ਨਾਲ ਲੱਗਦੀ ਡਿਸਪੈਂਸਰੀ ਦੀ ਹਾਲਤ ਬੇਹੱਦ ਖਸਤਾ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਨਵੀਨੀਕਰਣ ਕਾਰਜ਼ਾਂ ਤਹਿਤ ਡਿਸਪੈਂਸਰੀ ਦੇ ਕਮਰਿਆਂ ਦੀ ਉਸਾਰੀ ਦੇ ਨਾਲ ਚਾਰਦਿਵਾਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 42 ਲੱਖ ਰੁਪਏ ਖਰਚ ਕੀਤੇ ਜਾਣੇ ਹਨ। ਉਨ੍ਹਾਂ ਕਿਹਾ ਕਿ ਡਿਸਪੈਂਸਰੀ ਦੇ ਪੁਨਰ ਨਿਰਮਾਣ ਨਾਲ ਇਲਾਕੇ ਦੇ ਮਰੀਜਾਂ ਨੂੰ ਬਿਹਤਰ ਸਿਹਤ ਸਹੂਲਤਾਂ ਯਕੀਨੀ ਬਣਾਈਆਂ ਜਾਣਗੀਆਂ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਿਰਮਾਣ ਕਾਰਜ਼ਾਂ ਨੂੰ ਤੈਅ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ ਤਾਂ ਜੋ ਸਥਾਨਕ ਵਸਨੀਕਾਂ ਨੂੰ ਇਸ ਦਾ ਲਾਭ ਮਿਲ ਸਕੇ। ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਸਨੀਕਾਂ ਨੂੰ ਬਿਹਤਰ ਸਿਹਤ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
Posted By: Daily Suraj Bureau