Daily Suraj

ਪੰਜਾਬੀ

ਡੇਢ ਸਾਲ ਵਿੱਚ ਕਾਰਜਕਾਰਣੀ ਦਾ ਕੋਈ ਠੋਸ ਫ਼ੈਸਲਾ ਨਹੀਂ: ਗੁਰਤੇਜ ਸਿੰਘ

04 Aug, 2026 09:26 AM

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਚ.ਐੱਸ.ਜੀ.ਐੱਮ.ਸੀ.) ਦੇ ਮੈਂਬਰ ਗੁਰਤੇਜ ਸਿੰਘ ਨੇ ਮੌਜੂਦਾ ਕਾਰਜਕਾਰਣੀ ਕਮੇਟੀ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦਿਆਂ ਦੋਸ਼ ਲਗਾਇਆ ਹੈ ਕਿ ਪਿਛਲੇ ਕਰੀਬ ਡੇਢ ਸਾਲ ਦੌਰਾਨ ਕਮੇਟੀ ਸੰਗਤ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰੀ। ਉਨ੍ਹਾਂ ਕਿਹਾ ਕਿ ਗੁਰਦੁਆਰਿਆਂ ਅਤੇ ਕਮੇਟੀ ਅਧੀਨ ਚੱਲ ਰਹੀਆਂ ਸੰਸਥਾਵਾਂ ਦੇ ਸੁਧਾਰ ਲਈ ਕੋਈ ਵੀ ਠੋਸ ਫ਼ੈਸਲਾ ਨਹੀਂ ਲਿਆ ਗਿਆ, ਜਿਸ ਕਾਰਨ ਸੰਗਤ ਦਾ ਭਰੋਸਾ ਲਗਾਤਾਰ ਘਟਦਾ ਜਾ ਰਿਹਾ ਹੈ। ਗੁਰਤੇਜ ਸਿੰਘ ਨੇ ਕਿਹਾ ਕਿ ਮੀਰੀ ਪੀਰੀ ਮੈਡੀਕਲ ਐਂਡ ਰਿਸਰਚ ਸੈਂਟਰ, ਸ਼ਾਹਬਾਦ ਮਾਰਕੰਡਾ ਦਾ ਪ੍ਰਬੰਧ ਆਪਣੇ ਹੱਥ ਵਿੱਚ ਲੈਣ ਸਬੰਧੀ ਕੀਤੇ ਗਏ ਐਲਾਨ ਅਜੇ ਤੱਕ ਲਾਗੂ ਨਹੀਂ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸੰਸਥਾ ਦੇ ਕਰੀਬ 350 ਕਰਮਚਾਰੀ ਪਿਛਲੇ ਕਈ ਮਹੀਨਿਆਂ ਤੋਂ ਆਪਣੀਆਂ ਤਨਖ਼ਾਹਾਂ ਤੋਂ ਵਾਂਝੇ ਹਨ, ਜਿਸ ਕਾਰਨ ਉਨ੍ਹਾਂ ਦੇ ਪਰਿਵਾਰ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਕਾਰਜਕਾਰਣੀ ਦੀ ਤੁਰੰਤ ਐਮਰਜੈਂਸੀ ਮੀਟਿੰਗ ਬੁਲਾਈ ਜਾਵੇ, ਜਿਸ ਵਿੱਚ ਕਰਮਚਾਰੀਆਂ ਦੀਆਂ ਬਕਾਇਆ ਤਨਖ਼ਾਹਾਂ ਜਾਰੀ ਕਰਨ, ਸੰਸਥਾ ਦੇ ਪ੍ਰਬੰਧ ਅਤੇ ਇਸਦੇ ਭਵਿੱਖ ਨਾਲ ਜੁੜੇ ਮੁੱਦਿਆਂ ’ਤੇ ਜਲਦ ਫ਼ੈਸਲੇ ਕੀਤੇ ਜਾਣ। ਗੁਰਤੇਜ ਸਿੰਘ ਨੇ ਚਿਤਾਵਨੀ ਦਿੱਤੀ ਕਿ ਜੇਕਰ ਅਗਲੇ ਦੋ ਤੋਂ ਤਿੰਨ ਦਿਨਾਂ ਵਿੱਚ ਇਸ ਮਾਮਲੇ ’ਤੇ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ ਤਾਂ ਉਹ ਸੰਗਤ ਅਤੇ ਪ੍ਰਭਾਵਿਤ ਕਰਮਚਾਰੀਆਂ ਦੇ ਨਾਲ ਮਿਲ ਕੇ ਕੁਰੂਕਸ਼ੇਤਰ ਵਿਖੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਦੇ ਬਾਹਰ ਸ਼ਾਂਤਮਈ ਧਰਨਾ ਦੇਣਗੇ।

Posted By: Daily Suraj Bureau

Latest News