ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ 'ਇੰਡੀਆ' ਗੱਠਜੋੜ ਦਾ ਵਿਰੋਧ ਪ੍ਰਦਰਸ਼ਨ ਤੀਜੇ ਦਿਨ ਵੀ ਜਾਰੀ, ਰਾਜਘਾਟ ਪੁੱਜੇ ਸੰਸਦ ਮੈਂਬਰ

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ 'ਇੰਡੀਆ' ਗੱਠਜੋੜ ਦਾ ਵਿਰੋਧ ਪ੍ਰਦਰਸ਼ਨ ਤੀਜੇ ਦਿਨ ਵੀ ਜਾਰੀ, ਰਾਜਘਾਟ ਪੁੱਜੇ ਸੰਸਦ ਮੈਂਬਰ

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ 'ਇੰਡੀਆ' ਗੱਠਜੋੜ ਦਾ ਰੋਸ ਪ੍ਰਦਰਸ਼ਨ ਵੀਰਵਾਰ ਨੂੰ ਤੀਜੇ ਦਿਨ ਵਿੱਚ ਦਾਖ਼ਲ ਹੋ ਗਿਆ। ਲਗਾਤਾਰ ਦੋ ਦਿਨਾਂ ਦੇ ਮਾਰਚ, ਧਰਨਿਆਂ ਅਤੇ ਆਗੂਆਂ ਨੂੰ ਨਜ਼ਰਬੰਦ ਕੀਤੇ ਜਾਣ ਤੋਂ ਬਾਅਦ ਅੱਜ ਵਿਰੋਧੀ ਧਿਰ ਦੇ ਆਗੂਆਂ ਨੇ ਕੌਮੀ ਰਾਜਧਾਨੀ ਵਿੱਚ ਮੁੜ ਪ੍ਰਦਰਸ਼ਨ ਕੀਤਾ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਵੱਲੋਂ ਦੁਪਹਿਰ ਦੇ ਖਾਣੇ ਦੀ ਮੀਟਿੰਗ ਰੱਖੀ ਗਈ ਸੀ, ਜਿਸ ਤੋਂ ਬਾਅਦ ਵਿਰੋਧੀ ਧਿਰ ਦੇ ਪ੍ਰਮੁੱਖ ਆਗੂ ਰਾਜਘਾਟ ਲਈ ਰਵਾਨਾ ਹੋਏ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਅਤੇ ਕਾਂਗਰਸ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਨਾਟ ਪਲੇਸ ਵਿਖੇ ਹੋਈ ਮੀਟਿੰਗ ਵਿੱਚ ਹਿੱਸਾ ਲਿਆ। ਇਸ ਮੀਟਿੰਗ ਵਿੱਚ ਰਾਸ਼ਟਰੀ ਜਨਤਾ ਦਲ ਦੇ ਸੁਧਾਰ ਸਿੰਘ, ਸਮਾਜਵਾਦੀ ਪਾਰਟੀ ਦੇ ਆਗੂ ਰਾਜੀਵ ਰਾਏ, ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰਾਂ ਸਮੇਤ 'ਇੰਡੀਆ' ਗੱਠਜੋੜ ਦੀਆਂ ਹੋਰ ਭਾਈਵਾਲ ਪਾਰਟੀਆਂ ਦੇ ਨੁਮਾਇੰਦੇ ਵੀ ਸ਼ਾਮਲ ਹੋਏ। ਵਿਰੋਧੀ ਗੱਠਜੋੜ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ ਦੌਰਾਨ ਹੋਈਆਂ ਬੇਨਿਯਮੀਆਂ ਅਤੇ ਵੋਟਾਂ ਦੀ ਕਥਿਤ ‘ਚੋਰੀ’ ਦੇ ਦੋਸ਼ਾਂ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਜ਼ਿੱਦ 'ਤੇ ਅੜਿਆ ਹੋਇਆ ਹੈ। ਮੀਟਿੰਗ ਉਪਰੰਤ ਗੱਠਜੋੜ ਦੇ ਆਗੂ ਤਿੰਨ ਬੱਸਾਂ ਵਿੱਚ ਸਵਾਰ ਹੋ ਕੇ ਗਾਂਧੀ ਸਮਾਰਕ ਰਾਜਘਾਟ ਪੁੱਜੇ। ਇਸ ਦੌਰਾਨ ਕਾਂਗਰਸ ਦੇ ਵੱਡੀ ਗਿਣਤੀ ਕਾਰਕੁਨ ਹੱਥਾਂ ਵਿੱਚ ਪਾਰਟੀ ਦੇ ਝੰਡੇ ਫੜ ਕੇ ਬੱਸਾਂ ਦੇ ਨਾਲ-ਨਾਲ ਚੱਲ ਰਹੇ ਸਨ। ਮਲਿਕਾਰਜੁਨ ਖੜਗੇ ਨੇ ਕਿਹਾ ਕਿ ਸੰਸਦ ਮੈਂਬਰ ਰਾਜਘਾਟ ਵਿਖੇ ਸ਼ਾਂਤਮਈ ਢੰਗ ਨਾਲ ਚੁੱਪ ਬੈਠ ਕੇ ਕੇਂਦਰ ਸਰਕਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾhe ਲਈ 'ਸਦਬੁੱਧੀ' ਦੀ ਅਰਦਾਸ ਕਰਨਗੇ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਵੋਟਾਂ ਦੀ ਚੋਰੀ, ਵਧਦੀ ਮਹਿੰਗਾਈ ਅਤੇ ਨੌਜਵਾਨਾਂ ਦੀਆਂ ਸਮੱਸਿਆਵਾਂ ਨੂੰ ਉਜਾਗਰ ਕਰਨ ਲਈ ਆਪਣਾ ਸ਼ਾਂਤਮਈ ਸੰਘਰਸ਼ ਜਾਰੀ ਰੱਖੇਗੀ। ਰਾਹੁਲ ਗਾਂਧੀ ਦਾ ਕੇਂਦਰ ਸਰਕਾਰ 'ਤੇ ਹਮਲਾ ਬੱਸਾਂ ਦੇ ਰਵਾਨਾ ਹੋਣ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਦਿੱਲੀ ਵਿੱਚ ਵਿਰੋਧੀ ਧਿਰ ਨੂੰ ਪ੍ਰਦਰਸ਼ਨ ਕਰਨ ਦੀ ਆਜ਼ਾਦੀ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਬੁੱਧਵਾਰ ਦੀ ਘਟਨਾ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਜੰਤਰ-ਮੰਤਰ ਜਾ ਰਹੇ ਸੰਸਦ ਮੈਂਬਰਾਂ ਨੂੰ ਰੋਕਿਆ ਗਿਆ ਅਤੇ ਉਨ੍ਹਾਂ ਨਾਲ ਧੱਕਾ-ਮੁੱਕੀ ਕੀਤੀ ਗਈ। ਰਾਹੁਲ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕਤੰਤਰੀ ਪ੍ਰਕਿਰਿਆ ਨੂੰ ਹਾਈਜੈਕ ਕਰ ਲਿਆ ਹੈ। ਰਾਸ਼ਟਰਪਤੀ ਨਾਲ ਮੁਲਾਕਾਤ ਕਰੇਗਾ 10 ਮੈਂਬਰੀ ਵਫ਼ਦ ਇਸ ਸਿਆਸੀ ਘਟਨਾਕ੍ਰਮ ਦੌਰਾਨ ਸ਼ੁੱਕਰਵਾਰ ਨੂੰ 'ਇੰਡੀਆ' ਗੱਠਜੋੜ ਦਾ 10 ਮੈਂਬਰੀ ਵਫ਼ਦ ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕਰੇਗਾ। ਇਸ ਵਫ਼ਦ ਵਿੱਚ ਮਲਿਕਾਰਜੁਨ ਖੜਗੇ, ਰਾਹੁਲ ਗਾਂਧੀ, ਅਖਿਲੇਸ਼ ਯਾਦਵ ਅਤੇ ਮਮਤਾ ਬੈਨਰਜੀ ਸਮੇਤ ਹੋਰ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਕਾਂਗਰਸ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਦੱਸਿਆ ਕਿ ਇਸ ਮੁਲਾਕਾਤ ਲਈ ਪੱਤਰ 2 ਅਕਤੂਬਰ ਨੂੰ ਭੇਜਿਆ ਗਿਆ ਸੀ ਅਤੇ ਹੁਣ ਰਾਸ਼ਟਰਪਤੀ ਭਵਨ ਵੱਲੋਂ ਸਮਾਂ ਮਿਲਿਆ ਹੈ। ਦਿੱਲੀ ਵਿੱਚ ਸੁਰੱਖਿਆ ਸਖ਼ਤ ਅਤੇ FIR ਦਰਜ ਵਿਰੋਧੀ ਧਿਰ ਦੇ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਕੇਂਦਰੀ ਦਿੱਲੀ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਦਿੱਲੀ ਪੁਲੀਸ ਅਤੇ ਰੈਪਿਡ ਐਕਸ਼ਨ ਫੋਰਸ (RAF) ਦੇ ਜਵਾਨਾਂ ਦੀ ਭਾਰੀ ਤਾਇਨਾਤੀ ਕੀਤੀ ਗਈ ਹੈ ਅਤੇ ਕਈ ਥਾਵਾਂ 'ਤੇ ਬੈਰੀਕੇਡ ਲਗਾਏ ਗਏ ਹਨ। ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਪ੍ਰਦਰਸ਼ਨ ਦੌਰਾਨ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਅਤੇ ਮਲਿਕਾਰਜੁਨ ਖੜਗੇ ਸਮੇਤ ਕਈ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਦਿੱਲੀ ਪੁਲੀਸ ਨੇ ਇਸ ਮਾਮਲੇ ਵਿੱਚ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਖ਼ਿਲਾਫ਼ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਅਤੇ ਪੁਲੀਸ ਨਾਲ ਹੱਥੋਪਾਈ ਕਰਨ ਦੇ ਦੋਸ਼ ਹੇਠ ਇੱਕ ਹੋਰ ਐੱਫ.ਆਈ.ਆਰ. (FIR) ਵੀ ਦਰਜ ਕਰ ਲਈ ਹੈ।