Punjab Assembly Special Session ਸਦਨ ’ਚ ਕੇਂਦਰ ਖਿਲਾਫ਼ ਮਤਾ ਪੇਸ਼; 20,000 ਕਰੋੜ ਦਾ ਪੈਕੇਜ ਮੰਗਿਆ; ਬਾਜਵਾ ਨੇ ਹੜ੍ਹਾਂ ਦੇ ਕਾਰਨਾਂ ਦੀ ਨਿਰਪੱਖ ਜਾਂਚ ਮੰਗੀ article_Author .
- ਪੰਜਾਬ
- (Asia/Kolkata)
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਪਹਿਲੇ ਦਿਨ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹੜ੍ਹਾਂ ’ਤੇ ਬਹਿਸ ਦੀ ਸ਼ੁਰੂਆਤ ਕੀਤੀ। ਇਸ ਤੋਂ ਪਹਿਲਾਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਾਕਮ ਧਿਰ ਤੇ ਵਿਰੋਧੀ ਧਿਰ ਨੂੰ ਸੱਦਾ ਦਿੱਤਾ ਕਿ ਅੱਜ ਦੀ ਬਹਿਸ ਨੂੰ ਹੜ੍ਹਾਂ ’ਚੋਂ ਉਭਰ ਰਹੇ ਪੰਜਾਬ ਨੂੰ ਮੁੜ ਪੈਰਾਂ ਸਿਰ ਕਰਨ ’ਤੇ ਕੇਂਦਰਿਤ ਕੀਤਾ ਜਾਵੇ।
ਜਲ ਸਰੋਤ ਮੰਤਰੀ ਨੇ ਕਿਹਾ ਕਿ ਐਤਕੀਂ ਬਰਸਾਤਾਂ ਨੇ ਮੌਸਮ ਵਿਭਾਗ ਦੀ ਭਵਿੱਖਬਾਣੀ ਨੂੰ ਵੀ ਫ਼ੇਲ੍ਹ ਕਰ ਦਿੱਤਾ ਅਤੇ ਇਹੋ ਪਾਣੀ ਪੰਜਾਬ ਚ ਤਬਾਹੀ ਦਾ ਕਾਰਨ ਬਣਿਆ। ਇਸ ਦੌਰਾਨ ਜਿੱਥੇ ਸੂਬਾ ਸਰਕਾਰ ਨੇ ਕੇਂਦਰ ਨੂੰ ਨਿਸ਼ਾਨੇ ’ਤੇ ਰੱਖਿਆ,ਉਥੇ ਵਿਰੋਧੀ ਧਿਰ ਨੇ ਮਾਨ ਸਰਕਾਰ ਨੂੰ ਘੇਰਿਆ।
ਜਲ ਸਰੋਤ ਮੰਤਰੀ ਬਰਿੰਦਰ ਗੋਇਲ।
ਬਹਿਸ ਦੌਰਾਨ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਕੇਂਦਰ ਸਰਕਾਰ ਖਿਲਾਫ਼ ਮਤਾ ਪੇਸ਼ ਕਰਦਿਆਂ ਕੇਂਦਰ ਤੋਂ ਪੰਜਾਬ ਲਈ 20,000 ਕਰੋੜ ਦਾ ਪੈਕੇਜ ਮੰਗਿਆ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਵਿਰੋਧੀ ਧਿਰ ਲਾਸ਼ਾਂ ’ਤੇ ਸਿਆਸਤ ਕਰ ਰਹੀ ਹੈ। ਉਧਰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਹੜ੍ਹਾਂ ਦੇ ਕਾਰਨਾਂ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਬਾਜਵਾ ਨੇ ਰੰਗਲਾ ਪੰਜਾਬ ਸੁਸਾਇਟੀ ’ਤੇ ਵੀ ਸਵਾਲ ਉਠਾਏ ਅਤੇ ਸਦਨ ਤੋਂ ਪਰਵਾਸੀ ਪੰਜਾਬੀਆਂ ਨੂੰ ਅਪੀਲ ਕੀਤੀ ਉਹ ਇਸ ਸੁਸਾਇਟੀ ਦੀ ਥਾਂ ਸਿੱਧੇ ਹੜ੍ਹ ਪੀੜਤਾਂ ਨੂੰ ਫੰਡ ਦੇਣ।
ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਬਹਿਸ ਦੌਰਾਨ ਮੰਗ ਉਠਾਈ ਕੇ ਬੀਬੀਐਮਬੀ ਦਾ ਕੰਟਰੋਲ ਪੰਜਾਬ ਹਵਾਲੇ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ ਬੀਬੀਐਮਬੀ ਨੇ ਪੰਜਾਬ ਨੂੰ ਨਿਹੱਥਾ ਕਰੀ ਰੱਖਿਆ। ਬੀਬੀਐੱਮਬੀ ਦੀ ਜ਼ਿੱਦ ’ਤੇ ਫੈਸਲਿਆਂ ਨੇ ਪੰਜਾਬ ਦਾ ਨੁਕਸਾਨ ਕੀਤਾ। ਉਨ੍ਹਾਂ ਦਰਿਆਵਾਂ ਦੀ ਡੀਸਿਲਟਿੰਗ ’ਚ ਕੇਂਦਰੀ ਅੜਿੱਕਿਆਂ ਦਾ ਵੀ ਜ਼ਿਕਰ ਕੀਤਾ।
ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਬਹਿਸ ਦੌਰਾਨ ਕੇਂਦਰ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਹੜ੍ਹਾਂ ਦੌਰਾਨ ਪੰਜਾਬ ਦੇ ਜ਼ਖ਼ਮਾਂ ’ਤੇ ਮਲੱਮ ਲਾਉਣ ਦੀ ਥਾਂ ਨਮਕ ਲਾਇਆ। ਉਨ੍ਹਾਂ ਕਿਹਾ ਕਿ ਔਖ ਦੀ ਘੜੀ ’ਚ ਕੇਂਦਰ ਨੇ ਪੰਜਾਬ ਦੀ ਬਾਂਹ ਨਹੀਂ ਫੜੀ। ਉਨ੍ਹਾਂ ਕਿਹਾ ਕਿ ਸਥਾਨਕ ਲੀਡਰਾਂ ਨੇ ਵੀ ਕੇਂਦਰ ਸਰਕਾਰ ਦਾ ਪੱਖ ਪੂਰਿਆ।
ਗੋਇਲ ਨੇ ਕਿਹਾ ਕਿ ਕੇਂਦਰ ਸਰਕਾਰ ਕੋਲ ਇਸ ਸਮੇਂ ਗਲਤੀਆਂ ਨੂੰ ਸੁਧਾਰਨ ਦਾ ਸਹੀ ਮੌਕਾ ਹੈ। ਕੇਂਦਰ ਸਰਕਾਰ ਪੰਜਾਬ ’ਚ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਪੂਰਤੀ ਲਈ ਖੁੱਲ੍ਹੇ ਦਿਲ ਨਾਲ ਮਦਦ ਕਰੇ। ਉਨ੍ਹਾਂ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਅੱਗੇ ਆਉਣ ’ਤੇ ਤੁਰੰਤ ਸੂਬੇ ਦੀ ਮਦਦ ਕਰਨ ।
ਜਲ ਸਰੋਤ ਮੰਤਰੀ ਵਲੋਂ ਸਦਨ ਚ ਕੇਂਦਰ ਖਿਲਾਫ ਮਤਾ ਪੇਸ਼ ਕੀਤਾ ਗਿਆ ਅਤੇ ਕੇਂਦਰ ਤੋਂ 20 ਹਜ਼ਾਰ ਕਰੋੜ ਦੇ ਪੈਕੇਜ ਦੀ ਮੰਗ ਕੀਤੀ ਗਈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਸਰਕਾਰ ਨੂੰ ਨਿਸਾਨੇ ’ਤੇ ਲਏ ਜਾਣ ਮਗਰੋਂ ਸਦਨ ਚ ਹੰਗਾਮਾ ਹੋਇਆ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਦਨ ਵਿਚ ਮੰਗ ਕੀਤੀ ਕਿ ਪੰਜਾਬ ’ਚ ਆਏ ਹੜ੍ਹਾਂ ਦੇ ਕਾਰਨਾਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਉਨ੍ਹਾਂ ਨੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਤੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਨਿਸ਼ਾਨੇ ’ਤੇ ਲਿਆ। ਗੋਇਲ ਨੇ ਬਾਜਵਾ ਵੱਲੋਂ ਲਾਏ ਦੋਸ਼ਾਂ ਦਾ ਜਵਾਬ ਦਿੱਤਾ, ਪਰ ਇਸ ਦੌਰਾਨ ਬਾਜਵਾ ਉਨ੍ਹਾਂ ਨੂੰ ਟੋਕਦੇ ਰਹੇ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਸਦਨ ਦੇ ਬਾਹਰ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ। ਫੋਟੋ: ਪ੍ਰਦੀਪ ਤਿਵਾੜੀ
ਵਿੱਤ ਮੰਤਰੀ ਹਰਪਾਲ ਚੀਮਾ ਨੇ ਸਦਨ ਵਿਚ ਕਿਹਾ ਕਿ ਕਾਂਗਰਸ ਲਾਸ਼ਾਂ ’ਤੇ ਰਾਜਨੀਤੀ ਕਰ ਰਹੀ ਹੈ। ਇਸ ਮੌਕੇ ਵਿਰੋਧੀ ਧਿਰ ਨੇ ਹੰਗਾਮਾ ਕੀਤਾ ਤੇ ਚੀਮਾ ਦੇ ਭਾਸ਼ਣ ਵਿਚ ਵਿਘਨ ਪਾਇਆ। ਬਾਅਦ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਦਨ ’ਚ ਕੇਂਦਰੀ ਰਾਹਤ ਫੰਡ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਕੇਂਦਰ ਵੱਲੋਂ ਰਾਹਤ ਫੰਡਾਂ ਲਈ ਦਿੱਤੇ ਗਏ 1600 ਕਰੋੜ ’ਚੋਂ ਇੱਕ ਪੈਸਾ ਵੀ ਪੰਜਾਬ ਸਰਕਾਰ ਦੇ ਖਜ਼ਾਨੇ ਵਿੱਚ ਨਹੀਂ ਆਇਆ।
ਸਿਹਤ ਮੰਤਰੀ ਡਾ.ਬਲਬੀਰ ਸਿੰਘ ਸਦਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਫੋਟੋ: ਪ੍ਰਦੀਪ ਤਿਵਾੜੀ
ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭ ਦਾ ਹੜ੍ਹਾਂ ਬਾਰੇ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਵਿਚ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਮੈਂਬਰਾਂ ਨੇ ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ, ਸਾਬਕਾ ਵਿਧਾਇਕ ਰਘੁਬੀਰ ਸਿੰਘ, ਲੈਫਟੀਨੈਂਟ ਕਰਨਲ ਸ਼ਹੀਦ ਭਾਨੂੰ ਪ੍ਰਤਾਪ ਸਿੰਘ ਮਨਕੋਟੀਆ, ਏ.ਐਲ.ਡੀ. ਸ਼ਹੀਦ ਦਲਜੀਤ ਸਿੰਘ, ਲਾਂਸ ਨਾਇਕ ਸ਼ਹੀਦ ਰਿੰਕੂ ਸਿੰਘ, ਸ਼ਹੀਦ ਪ੍ਰਿਤਪਾਲ ਸਿੰਘ, ਸਿਪਾਹੀ ਸ਼ਹੀਦ ਹਰਮਿੰਦਰ ਸਿੰਘ, ਅਦਾਕਾਰ ਤੇ ਕਾਮੇਡੀਅਨ ਜਸਵਿੰਦਰ ਸਿੰਘ ਭੱਲਾ, ਸੰਗੀਤਕਾਰ ਚਰਨਜੀਤ ਅਹੂਜਾ ਅਤੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਦੇ ਭਰਾ ਦੇ ਅਕਾਲ ਚਲਾਣੇ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ।ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਆਪਣੀ ਜਾਨ ਗਵਾਉਣ ਵਾਲੇ 59 ਨਾਗਰਿਕਾਂ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ ਗਈ। ਮੈਂਬਰਾਂ ਨੇ ਆਪਣੀ ਸੀਟਾਂ ’ਤੇ ਖੜ੍ਹ ਕੇ ਦੋ ਮਿੰਟ ਦਾ ਮੌਨ ਰੱਖ ਕੇ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।
Leave a Reply