LPU ਹਿੰਸਾ ਅਤੇ ਪੱਥਰਬਾਜ਼ੀ ਦਾ ਮਾਮਲਾ: ਵਿਸ਼ੇਸ਼ ਜਾਂਚ ਟੀਮ (SIT) ਵੱਲੋਂ ਸੀਸੀਟੀਵੀ ਫੁਟੇਜ ਅਤੇ ਡਿਜੀਟਲ ਸਬੂਤਾਂ ਦੀ ਬਾਰੀਕੀ ਨਾਲ ਪੜਤਾਲ

LPU ਹਿੰਸਾ ਅਤੇ ਪੱਥਰਬਾਜ਼ੀ ਦਾ ਮਾਮਲਾ: ਵਿਸ਼ੇਸ਼ ਜਾਂਚ ਟੀਮ (SIT) ਵੱਲੋਂ ਸੀਸੀਟੀਵੀ ਫੁਟੇਜ ਅਤੇ ਡਿਜੀਟਲ ਸਬੂਤਾਂ ਦੀ ਬਾਰੀਕੀ ਨਾਲ ਪੜਤਾਲ

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹੋਈ ਹਿੰਸਾ ਅਤੇ ਹੰਗਾਮੇ ਦੇ ਮਾਮਲੇ ਵਿੱਚ ਪੁਲਿਸ ਨੇ ਸਖ਼ਤ ਕਾਰਵਾਈ ਕਰਦਿਆਂ ਹੁਣ ਤੱਕ ਕੁੱਲ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਵਿੱਚ ਸੱਤ ਵਿਦਿਆਰਥੀ ਅਤੇ ਦੋ ਬਾਹਰੀ ਵਿਅਕਤੀ ਸ਼ਾਮਲ ਹਨ। ਪੁਲਿਸ ਵੱਲੋਂ ਇਸ ਘਟਨਾ ਨਾਲ ਸਬੰਧਤ ਲਗਭਗ 20 ਵਿਅਕਤੀਆਂ ਦੀ ਪਛਾਣ ਕਰ ਲਈ ਗਈ ਹੈ ਅਤੇ ਮਾਮਲੇ ਦੀ ਤਕਨੀਕੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਸੀਸੀਟੀਵੀ ਫੁਟੇਜ, ਵੀਡੀਓ ਅਤੇ ਹੋਰ ਡਿਜੀਟਲ ਸਬੂਤਾਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਜਲੰਧਰ ਰੇਂਜ ਦੇ ਡੀਆਈਜੀ ਨਵੀਨ ਸਿੰਗਲਾ ਨੇ ਅੱਜ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਘਟਨਾ ਦੌਰਾਨ ਪੁਲਿਸ ਨੇ ਪੂਰੇ ਸੰਜਮ ਤੋਂ ਕੰਮ ਲਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮੌਕੇ 'ਤੇ ਸੁਰੱਖਿਆ ਪ੍ਰਬੰਧਾਂ ਨੂੰ ਪੁਖ਼ਤਾ ਕਰਦਿਆਂ ਸਥਿਤੀ ਨੂੰ ਕਾਬੂ ਕੀਤਾ। ਉਨ੍ਹਾਂ ਮੁਤਾਬਕ ਜਦੋਂ ਸ਼ਾਮ ਸਮੇਂ ਵਿਦਿਆਰਥੀਆਂ ਦੀ ਗਿਣਤੀ ਕਾਫ਼ੀ ਵੱਧ ਗਈ ਅਤੇ ਪੱਥਰਬਾਜ਼ੀ ਸ਼ੁਰੂ ਹੋ ਗਈ, ਤਾਂ ਹਾਲਾਤ ਨੂੰ ਕਾਬੂ ਹੇਠ ਲਿਆਉਣ ਲਈ ਪੁਲਿਸ ਵੱਲੋਂ ਮਜਬੂਰਨ ਸੀਮਤ ਤਾਕਤ ਦੀ ਵਰਤੋਂ ਕਰਨੀ ਪਈ। ਡੀਆਈਜੀ ਨੇ ਜਾਣਕਾਰੀ ਦਿੱਤੀ ਕਿ ਪੁਲਿਸ ਟੀਮ ਨੇ ਗਗਨਦੀਪ, ਜਸਵੀਰ, ਅੰਤਰਿਕਸ਼ ਅਤੇ ਸਾਹਿਲ ਸਿੰਘ ਨੂੰ ਜੰਮੂ-ਕਸ਼ਮੀਰ ਤੋਂ ਕਾਬੂ ਕਰਕੇ ਲਿਆਂਦਾ ਹੈ, ਜਦਕਿ ਆਸ਼ੂਤੋਸ਼ ਨੂੰ ਫਗਵਾੜਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕ੍ਰਿਸ਼ਨਾ ਕੁਮਾਰ ਅਤੇ ਭਵਿਸ਼ਯ ਕਰਨ ਨੂੰ ਭੰਨਤੋੜ ਕਰਨ ਅਤੇ ਪੁਲਿਸ ਵਾਹਨਾਂ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਵਿੱਚ ਕਾਬੂ ਕੀਤਾ ਗਿਆ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਇਨ੍ਹਾਂ ਵਿਅਕਤੀਆਂ ਵਿੱਚ ਇੱਕ ਨਾਬਾਲਗ ਵਿਦਿਆਰਥੀ ਵੀ ਸ਼ਾਮਲ ਹੈ। ਅਧਿਕਾਰੀਆਂ ਨੇ ਦੱਸਿਆ ਕਿ ਗਗਨਦੀਪ ਅਤੇ ਜਸਵੀਰ ਦੋਵੇਂ ਇੱਕ ਪ੍ਰਾਈਵੇਟ ਕੰਪਨੀ (ਡੋਮੀਨੋਜ਼) ਵਿੱਚ ਕੰਮ ਕਰਦੇ ਹਨ ਅਤੇ ਇਸ ਕਾਰਨ ਯੂਨੀਵਰਸਿਟੀ ਕੈਂਪਸ ਵਿੱਚ ਉਨ੍ਹਾਂ ਦੀ ਆਵਾਜਾਈ ਰਹਿੰਦੀ ਸੀ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਕਈ ਵਿਅਕਤੀਆਂ ਦੇ ਬਿਆਨ ਦਰਜ ਕੀਤੇ ਜਾ ਚੁੱਕੇ ਹਨ। ਡੀਆਈਜੀ ਨੇ ਸਪੱਸ਼ਟ ਕੀਤਾ ਕਿ ਸ਼ਾਂਤਮਈ ਧਰਨੇ ਵਿੱਚ ਬੈਠੇ ਵਿਦਿਆਰਥੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ, ਪਰ ਜਿਨ੍ਹਾਂ ਲੋਕਾਂ ਨੇ ਪੁਲਿਸ ਵਾਹਨਾਂ ਨੂੰ ਅੱਗ ਲਗਾਈ, ਭੰਨਤੋੜ ਕੀਤੀ ਅਤੇ ਪੁਲਿਸ ਉੱਤੇ ਹਮਲਾ ਕੀਤਾ ਹੈ, ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਯੂਨੀਵਰਸਿਟੀ ਦੇ ਆਲੇ-ਦੁਆਲੇ ਰਹਿਣ ਵਾਲੇ ਸ਼ੱਕੀ ਲੋਕਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮ ਆਵੇਗੀ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਐੱਸਐੱਸਪੀ ਗੌਰਵ ਤੂਰਾ, ਐੱਸਪੀ ਮੇਜਰ ਸਿੰਘ ਅਤੇ ਐੱਸਪੀ ਰੁਪਿੰਦਰ ਭੱਟੀ ਸਮੇਤ ਕਈ ਸੀਨੀਅਰ ਪੁਲਿਸ ਅਧਿਕਾਰੀ ਮੌਜੂਦ ਸਨ।