ਮੋਗਾ ਦੇ ਸਰਕਾਰੀ ਸਕੂਲ ਦਾ ਅਧਿਆਪਕ ਮੁਅੱਤਲ, ਵਿਦਿਆਰਥਣਾਂ ਨਾਲ ਗ਼ਲਤ ਵਿਹਾਰ ਦੇ ਦੋਸ਼

ਮੋਗਾ ਦੇ ਸਰਕਾਰੀ ਸਕੂਲ ਦਾ ਅਧਿਆਪਕ ਮੁਅੱਤਲ, ਵਿਦਿਆਰਥਣਾਂ ਨਾਲ ਗ਼ਲਤ ਵਿਹਾਰ ਦੇ ਦੋਸ਼

ਪੰਜਾਬ ਸਰਕਾਰ ਨੇ ਮੋਗਾ ਜ਼ਿਲ੍ਹੇ ਦੇ ਪਿੰਡ ਮੋਠਾਂਵਾਲੀ ਸਥਿਤ ਸਰਕਾਰੀ ਮਿਡਲ ਸਕੂਲ ਵਿੱਚ ਤਾਇਨਾਤ ਸਮਾਜਿਕ ਸਿੱਖਿਆ ਦੇ ਇੱਕ ਅਧਿਆਪਕ ਨੂੰ ਵਿਦਿਆਰਥਣਾਂ ਨਾਲ ਕਥਿਤ ਗ਼ਲਤ ਵਿਹਾਰ ਅਤੇ ਧਮਕੀਆਂ ਦੇਣ ਦੇ ਦੋਸ਼ਾਂ ਦੇ ਮੱਦੇਨਜ਼ਰ ਮੁਅੱਤਲ ਕਰ ਦਿੱਤਾ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਵਿਦਿਆਰਥਣਾਂ ਵੱਲੋਂ ਕੀਤੀ ਗਈ ਸ਼ਿਕਾਇਤ ਦੀ ਮੁੱਢਲੀ ਜਾਂਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਮੋਗਾ ਵੱਲੋਂ ਕੀਤੀ ਗਈ। ਮੁੱਢਲੀ ਜਾਂਚ ਰਿਪੋਰਟ ਦੇ ਆਧਾਰ ‘ਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸੰਬੰਧਿਤ ਅਧਿਆਪਕ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ। ਜਾਣਕਾਰੀ ਅਨੁਸਾਰ, ਸਕੂਲ ਦੀ ਛੇਵੀਂ ਅਤੇ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਦੋਸ਼ ਲਗਾਇਆ ਕਿ ਅਧਿਆਪਕ ਨੇ ਉਨ੍ਹਾਂ ਨਾਲ ਗ਼ਲਤ ਹਰਕਤ ਕੀਤੀ। ਵਿਦਿਆਰਥਣਾਂ ਦਾ ਇਹ ਵੀ ਦਾਅਵਾ ਹੈ ਕਿ ਉਨ੍ਹਾਂ ਨੂੰ ਧਮਕੀ ਦਿੱਤੀ ਗਈ ਕਿ ਜੇਕਰ ਉਹ ਇਸ ਮਾਮਲੇ ਬਾਰੇ ਕਿਸੇ ਨੂੰ ਦੱਸਣਗੀਆਂ ਤਾਂ ਉਨ੍ਹਾਂ ਨੂੰ ਪ੍ਰੀਖਿਆ ਵਿੱਚ ਫੇਲ੍ਹ ਕਰ ਦਿੱਤਾ ਜਾਵੇਗਾ। ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ, ਮੁਅੱਤਲੀ ਦੌਰਾਨ ਸੰਬੰਧਿਤ ਅਧਿਆਪਕ ਨੂੰ ਸੇਵਾ ਨਿਯਮਾਂ ਮੁਤਾਬਕ ਗੁਜ਼ਾਰਾ ਭੱਤਾ ਮਿਲੇਗਾ। ਨਾਲ ਹੀ, ਅਗਲੇ ਹੁਕਮਾਂ ਤੱਕ ਉਸ ਦੀ ਹਾਜ਼ਰੀ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ), ਮੋਗਾ ਦੇ ਦਫ਼ਤਰ ਵਿੱਚ ਲੱਗੇਗੀ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਹਰ ਬੱਚੇ ਦੀ ਸੁਰੱਖਿਆ, ਮਾਣ-ਸਨਮਾਨ ਅਤੇ ਮਾਨਸਿਕ ਸਿਹਤ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਬੱਚਿਆਂ ਨੂੰ ਧਮਕਾਉਣ ਜਾਂ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਵਾਲੇ ਕਿਸੇ ਵੀ ਅਧਿਆਪਕ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਮਾਮਲੇ ਦੀ ਸਮਾਂਬੱਧ ਨਿਯਮਤ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜੇਕਰ ਜਾਂਚ ਦੌਰਾਨ ਦੋਸ਼ ਸਾਬਤ ਹੁੰਦੇ ਹਨ ਤਾਂ ਸੰਬੰਧਿਤ ਅਧਿਆਪਕ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਿੱਖਿਆ ਮੰਤਰੀ ਨੇ ਦੁਹਰਾਇਆ ਕਿ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਜੁੜੀ ਹਰ ਸ਼ਿਕਾਇਤ ‘ਤੇ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।