ਜੀਟੀ ਰੋਡ ’ਤੇ ਦਹਿਸ਼ਤ: ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਗੋਲੀਆਂ
- ਪੰਜਾਬ
- (Asia/Kolkata)
ਖੰਨਾ ਵਿੱਚ ਜੀਟੀ ਰੋਡ ’ਤੇ ਲਲਹੇੜੀ ਚੌਕ ਨੇੜੇ ਸਥਿਤ ‘ਪ੍ਰੇਮ ਢਾਬਾ’ ’ਤੇ ਅੱਜ ਸਵੇਰੇ ਤੜਕੇ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਸਵੇਰੇ ਕਰੀਬ 6:30 ਵਜੇ ਦੋ ਨਕਾਬਪੋਸ਼ ਹਮਲਾਵਰ ਮੋਟਰਸਾਈਕਲ ’ਤੇ ਆਏ ਅਤੇ ਢਾਬੇ ਦੇ ਬੰਦ ਸ਼ਟਰ ’ਤੇ ਚਾਰ ਤੋਂ ਪੰਜ ਗੋਲੀਆਂ ਚਲਾ ਕੇ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੇ ਸਮੇਂ ਇਲਾਕੇ ਵਿੱਚ ਕੁਝ ਲੋਕ ਮੌਜੂਦ ਸਨ। ਇਕ ਚਸ਼ਮਦੀਦ, ਜੋ ਢਾਬੇ ਦੇ ਨੇੜੇ ਸਕੂਟਰ ਮੁਰੰਮਤ ਦੀ ਦੁਕਾਨ ਚਲਾਉਂਦਾ ਹੈ, ਨੇ ਦੱਸਿਆ ਕਿ ਜਦੋਂ ਉਹ ਸਵੇਰੇ ਆਪਣੀ ਦੁਕਾਨ ’ਤੇ ਪਹੁੰਚਿਆ ਤਾਂ ਉਸਨੇ ਗੋਲੀਆਂ ਚੱਲਣ ਦੀ ਆਵਾਜ਼ ਸੁਣੀ। ਉਸਦੇ ਅਨੁਸਾਰ, ਦੋ ਨੌਜਵਾਨ ਮੋਟਰਸਾਈਕਲ ’ਤੇ ਆਏ ਅਤੇ ਢਾਬੇ ਵੱਲ ਫਾਇਰਿੰਗ ਕੀਤੀ, ਜਿਸ ਤੋਂ ਬਾਅਦ ਉਹ ਲਲਹੇੜੀ ਰੋਡ ਵੱਲ ਭੱਜ ਗਏ। ਪ੍ਰਾਰੰਭਿਕ ਜਾਂਚ ਵਿੱਚ ਇਹ ਮਾਮਲਾ ਫਿਰੌਤੀ ਨਾਲ ਜੁੜਿਆ ਹੋਇਆ ਦਿਖਾਈ ਦੇ ਰਿਹਾ ਹੈ। ਜਾਣਕਾਰੀ ਮੁਤਾਬਕ, ‘ਪ੍ਰੇਮ ਢਾਬਾ’ ਦੇ ਮਾਲਕ ਨੂੰ ਕੁਝ ਦਿਨ ਪਹਿਲਾਂ ਗੈਂਗਸਟਰਾਂ ਵੱਲੋਂ ਫੋਨ ਕਰਕੇ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ। ਪੈਸੇ ਨਾ ਦੇਣ ’ਤੇ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਵੀ ਦਿੱਤੀ ਗਈ ਸੀ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਗੋਲੀਬਾਰੀ ਡਰ ਪੈਦਾ ਕਰਨ ਦੇ ਮਕਸਦ ਨਾਲ ਕੀਤੀ ਗਈ ਹੈ। ਐੱਸ ਡੀ ਐੱਮ ਖੰਨਾ ਸਵਾਤੀ ਟਿਵਾਣਾ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਇਹ ਘਟਨਾ ਸਵੇਰੇ ਵਾਪਰੀ ਹੈ ਅਤੇ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਹਾਲਾਂਕਿ, ਇਸ ਸਬੰਧੀ ਐੱਸ ਐੱਸ ਪੀ ਦਰਪਣ ਆਹਲੂਵਾਲੀਆ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਉਨ੍ਹਾਂ ਨਾਲ ਗੱਲ ਨਹੀਂ ਹੋ ਸਕੀ। ਪੁਲਿਸ ਵੱਲੋਂ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਲਈ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ।
Leave a Reply