ਪਰਵਿੰਦਰ ਝੋਟਾ ਕਤਲ ਕਾਂਡ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੀੜਤ ਪਰਿਵਾਰ ਨਾਲ ਕੀਤੀ ਮੁਲਾਕਾਤ, ਇਨਸਾਫ਼ ਦਾ ਦਿੱਤਾ ਭਰੋਸਾ

ਪਰਵਿੰਦਰ ਝੋਟਾ ਕਤਲ ਕਾਂਡ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੀੜਤ ਪਰਿਵਾਰ ਨਾਲ ਕੀਤੀ ਮੁਲਾਕਾਤ, ਇਨਸਾਫ਼ ਦਾ ਦਿੱਤਾ ਭਰੋਸਾ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਬਾਅਦ ਦੁਪਹਿਰ ਮਾਨਸਾ ਵਿੱਚ ਨਸ਼ਿਆਂ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨਾਲ ਡੂੰਘਾ ਦੁੱਖ ਸਾਂਝਾ ਕੀਤਾ। ਇਸ ਦੌਰਾਨ ਗ੍ਰਹਿ ਮੰਤਰੀ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਇਸ ਪੂਰੇ ਮਾਮਲੇ ਦੀ ਪਾਰਦਰਸ਼ੀ ਅਤੇ ਨਿਰਪੱਖ ਜਾਂਚ ਲਈ ਸੀਬੀਆਈ (CBI) ਦੀ ਟੀਮ ਮਾਨਸਾ ਪਹੁੰਚ ਚੁੱਕੀ ਹੈ ਅਤੇ ਅੱਜ ਤੋਂ ਜਾਂਚ ਰਸਮੀ ਤੌਰ ’ਤੇ ਸ਼ੁਰੂ ਕਰ ਦਿੱਤੀ ਜਾਵੇਗੀ। ਪਰਿਵਾਰ ਦੀ ਵਾਟਰ ਵਰਕਸ ਰੋਡ ਸਥਿਤ ਰਿਹਾਇਸ਼ ’ਤੇ ਹੋਈ ਇਸ ਮੁਲਾਕਾਤ ਦੌਰਾਨ ਪਰਵਿੰਦਰ ਦੇ ਪਿਤਾ ਭੀਮ ਸਿੰਘ ਫੌਜੀ, ਮਾਤਾ ਅਮਰਜੀਤ ਕੌਰ, ਪਤਨੀ ਮਨਪ੍ਰੀਤ ਕੌਰ ਸਮੇਤ ਨਸ਼ਾ ਵਿਰੋਧੀ ਟਾਸਕ ਫੋਰਸ ਦੇ ਕਈ ਆਗੂ ਹਾਜ਼ਰ ਸਨ। ਗ੍ਰਹਿ ਮੰਤਰੀ ਇੱਥੇ ਲਗਭਗ 20 ਮਿੰਟ ਤੱਕ ਰੁਕੇ। ਇਸ ਮੌਕੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਵੀ ਸਪੱਸ਼ਟ ਕੀਤਾ ਕਿ ਝੋਟਾ ਕਤਲ ਕਾਂਡ ਦੀ ਸੀਬੀਆਈ ਜਾਂਚ ਤੈਅ ਸਮੇਂ ਤਹਿਤ 120 ਦਿਨਾਂ ਦੇ ਅੰਦਰ ਮੁਕੰਮਲ ਕੀਤੀ ਜਾਵੇਗੀ। ਮੁਲਾਕਾਤ ਤੋਂ ਬਾਅਦ ਮ੍ਰਿਤਕ ਦੇ ਪਿਤਾ ਭੀਮ ਸਿੰਘ ਫੌਜੀ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੇ ਗ੍ਰਹਿ ਮੰਤਰੀ ਕੋਲ ਮੰਗ ਰੱਖੀ ਹੈ ਕਿ ਜਾਂਚ ਦਾ ਘੇਰਾ ਸਿਰਫ਼ ਮੌਕੇ ’ਤੇ ਫੜੇ ਗਏ ਮੁਲਜ਼ਮਾਂ ਤੱਕ ਹੀ ਸੀਮਤ ਨਾ ਰੱਖਿਆ ਜਾਵੇ, ਸਗੋਂ ਇਸ ਕਤਲ ਦੇ ਹਰ ਪਹਿਲੂ ਅਤੇ ਅੰਦਰੂਨੀ ਕੜੀਆਂ ਦੀ ਡੂੰਘਾਈ ਨਾਲ ਪੜਤਾਲ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਪਰਿਵਾਰ ਦੀਆਂ ਮੰਗਾਂ ਅਤੇ ਨਸ਼ਿਆਂ ਖ਼ਿਲਾਫ਼ ਲੜਨ ਵਾਲਿਆਂ ਦੀ ਸੁਰੱਖਿਆ ਦਾ ਮਸਲਾ ਹੱਲ ਨਹੀਂ ਹੁੰਦਾ, ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਪਰਨੀਤ ਕੌਰ ਵੀ ਮੌਜੂਦ ਸਨ। ਇਸ ਦੌਰਾਨ ਲੁਧਿਆਣਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਸਰਕਾਰ ਉੱਤੇ ਤਿੱਖੇ ਹਮਲੇ ਬੋਲੇ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਪਰਵਿੰਦਰ ਸਿੰਘ ਝੋਟਾ ਕਾਂਡ ਦੇ ਨਾਲ-ਨਾਲ ਗੁਰਦਾਸਪੁਰ ਦੇ ਪਿੰਡ ਮਾੜੀ ਪਨੂੰਆਂ ਦੇ ਬਿਕਰਮਜੀਤ ਸਿੰਘ ਅਤੇ ਸੰਗਰੂਰ ਦੇ ਪਿੰਡ ਤੂਰਬੰਜਾਰਾ ਦੇ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ਵੀ ਸੀਬੀਆਈ ਨੂੰ ਸੌਂਪੇ, ਕਿਉਂਕਿ ਪੀੜਤ ਪਰਿਵਾਰ ਵੀ ਇਹੀ ਚਾਹੁੰਦੇ ਹਨ। ਸ਼ਾਹ ਨੇ ਦੋਸ਼ ਲਾਇਆ ਕਿ ਸੂਬਾ ਸਰਕਾਰ ਕੋਲ ਨਸ਼ਿਆਂ ਵਿਰੁੱਧ ਕਾਰਵਾਈ ਕਰਨ ਦੀ ਨਾ ਤਾਂ ਕੋਈ ਇੱਛਾਸ਼ਕਤੀ ਹੈ ਅਤੇ ਨਾ ਹੀ ਨੀਅਤ ਸਾਫ਼ ਹੈ, ਜਿਸ ਕਾਰਨ ਪੰਜਾਬ ਦੇ ਜ਼ਮੀਨੀ ਹਾਲਾਤ ਦਿਨੋ-ਦਿਨ ਗੰਭੀਰ ਹੁੰਦੇ ਜਾ ਰਹੇ ਹਨ।