Daily Suraj

ਪੰਜਾਬੀ

ਮੋਹਾਲੀ ਅਤੇ ਆਸ-ਪਾਸ ਦੇ ਖੇਤਰਾਂ 'ਚ ਭਾਰੀ ਮੀਂਹ ਨਾਲ ਬਦਲਿਆ ਮੌਸਮ, ਸੜਕਾਂ 'ਤੇ ਪਾਣੀ ਭਰਨ ਨਾਲ ਆਵਾਜਾਈ ਪ੍ਰਭਾਵਿਤ

05 Sep, 2026 05:37 PM

ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਹੋਈ ਤਾਜ਼ਾ ਬਾਰਿਸ਼ ਨਾਲ ਲੋਕਾਂ ਨੂੰ ਭਾਰੀ ਗਰਮੀ ਅਤੇ ਹੁੰਮਸ ਤੋਂ ਵੱਡੀ ਰਾਹਤ ਮਿਲੀ ਹੈ। ਸ਼ਨੀਵਾਰ ਦੁਪਹਿਰ ਬਾਅਦ ਮੋਹਾਲੀ, ਖਰੜ ਅਤੇ ਨਾਲ ਲੱਗਦੇ ਪਿੰਡਾਂ ਵਿੱਚ ਅਚਾਨਕ ਸ਼ੁਰੂ ਹੋਏ ਮੀਂਹ ਨੇ ਮੌਸਮ ਦਾ ਮਿਜ਼ਾਜ ਪੂਰੀ ਤਰ੍ਹਾਂ ਬਦਲ ਦਿੱਤਾ। ਮੋਹਲੇਧਾਰ ਮੀਂਹ ਕਾਰਨ ਮੁੱਖ ਸੜਕਾਂ 'ਤੇ ਪਾਣੀ ਭਰ ਗਿਆ, ਜਿਸ ਕਰਕੇ ਆਵਾਜਾਈ ਵਿੱਚ ਵਿਘਨ ਪਿਆ। ਬਾਰਿਸ਼ ਦੇ ਮੱਦੇਨਜ਼ਰ ਮੌਸਮ ਵਿਗਿਆਨ ਕੇਂਦਰ ਨੇ 'ਯੈਲੋ ਅਲਰਟ' ਜਾਰੀ ਕੀਤਾ ਹੈ। ਇਸ ਬਾਰਿਸ਼ ਨਾਲ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਤਾਪਮਾਨ ਆਮ ਪੱਧਰ ਦੇ ਨੇੜੇ ਪਹੁੰਚ ਗਿਆ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ, ਅੱਜ ਪੰਜਾਬ ਦੇ ਸਾਰੇ 22 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਪੂਰੀ ਸੰਭਾਵਨਾ ਬਣੀ ਹੋਈ ਹੈ। ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ ਅਤੇ ਮੋਹਾਲੀ ਦੇ ਕੁਝ ਹਿੱਸਿਆਂ ਵਿੱਚ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਸੰਗਰੂਰ ਅਤੇ ਫਤਿਹਗੜ੍ਹ ਸਾਹਿਬ ਸਮੇਤ ਹੋਰਨਾਂ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ।

Posted By: Daily Suraj Bureau

Latest News