Daily Suraj

ਪੰਜਾਬੀ

ਪ੍ਰਧਾਨ ਮੰਤਰੀ ਮੋਦੀ ਨੇ ਏਸ਼ਿਆਈ ਖੇਡਾਂ ਦੇ ਤਗਮਾ ਜੇਤੂਆਂ ਨਾਲ ਕੀਤੀ ਮੁਲਾਕਾਤ, ਕਿਹਾ— 'ਇਹ ਸਫ਼ਲਤਾ ਕਰੋੜਾਂ ਦੇਸ਼ਵਾਸੀਆਂ ਦੀ ਹੈ'

15 Oct, 2026 04:10 PM

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਥੇ ਮੇਜਰ ਧਿਆਨ ਚੰਦ ਸਟੇਡੀਅਮ ਵਿੱਚ ਆਈਚੀ-ਨਾਗੋਆ ਏਸ਼ਿਆਈ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਤਗਮੇ ਜਿੱਤਣ ਵਾਲੇ ਭਾਰਤੀ ਖਿਡਾਰੀਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਇਹ ਸਫ਼ਲਤਾ ਸਿਰਫ਼ ਉਨ੍ਹਾਂ ਦੀ ਨਿੱਜੀ ਪ੍ਰਾਪਤੀ ਨਹੀਂ ਹੈ, ਸਗੋਂ ਕਰੋੜਾਂ ਦੇਸ਼ਵਾਸੀਆਂ ਦੀ ਸਾਂਝੀ ਸਫ਼ਲਤਾ ਹੈ। ਇਸ ਮੌਕੇ ਏਸ਼ਿਆਈ ਖੇਡਾਂ ਵਿੱਚ ਸੋਨ ਤਗਮੇ ਹਾਸਲ ਕਰਨ ਵਾਲੀਆਂ ਭਾਰਤੀ ਪੁਰਸ਼ ਤੇ ਮਹਿਲਾ ਹਾਕੀ ਟੀਮਾਂ ਅਤੇ ਕ੍ਰਿਕਟ ਟੀਮਾਂ ਨੇ ਆਪਣੇ ਦਸਤਖ਼ਤ ਵਾਲੀਆਂ ਵਿਸ਼ੇਸ਼ ਜਰਸੀਆਂ ਪ੍ਰਧਾਨ ਮੰਤਰੀ ਨੂੰ ਭੇਟ ਕੀਤੀਆਂ। ਇਸ ਮੌਕੇ ਖਿਡਾਰੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਖਿਡਾਰੀਆਂ ਦੀ ਪ੍ਰਸ਼ੰਸਾ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, “ਇੰਨੇ ਸਾਰੇ ਤਗਮਾ ਜੇਤੂਆਂ ਨੂੰ ਇਕੱਠਿਆਂ ਮਿਲਣਾ ਕੋਈ ਆਮ ਗੱਲ ਨਹੀਂ ਹੈ। ਤੁਸੀਂ ਸਾਰੇ ਨੌਜਵਾਨ ਖਿਡਾਰੀ ਇਸ ਗੱਲ ਦੀ ਮਿਸਾਲ ਹੋ ਕਿ ਜਦੋਂ ਜਨੂੰਨ ਜਿੱਤ ਵਿੱਚ ਬਦਲਦਾ ਹੈ ਤਾਂ ਤਗਮੇ ਦੇ ਨਾਲ-ਨਾਲ ਚਿਹਰੇ ’ਤੇ ਖ਼ੁਸ਼ੀ ਦੀ ਅਲੌਕਿਕ ਚਮਕ ਵੀ ਆਉਂਦੀ ਹੈ।” ਮਹਿਲਾ ਹਾਕੀ ਟੀਮ ਨੇ 44 ਸਾਲਾਂ ਦਾ ਲੰਬਾ ਇੰਤਜ਼ਾਰ ਕੀਤਾ ਖ਼ਤਮ ਪ੍ਰਧਾਨ ਮੰਤਰੀ ਨੇ ਭਾਰਤੀ ਮਹਿਲਾ ਹਾਕੀ ਟੀਮ ਦੇ ਇਤਿਹਾਸਕ ਪ੍ਰਦਰਸ਼ਨ ਦੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਟੀਮ ਨੇ ਏਸ਼ਿਆਈ ਖੇਡਾਂ ਵਿੱਚ ਸੋਨ ਤਗਮਾ ਜਿੱਤ ਕੇ 44 ਸਾਲਾਂ ਦੇ ਲੰਬੇ ਇੰਤਜ਼ਾਰ ਨੂੰ ਖ਼ਤਮ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਵੱਡੇ ਸੰਕਲਪ ਅਤੇ ਸੁਪਨੇ ਇਕ ਦਿਨ ਵਿੱਚ ਪੂਰੇ ਨਹੀਂ ਹੁੰਦੇ। ਇਸ ਲਈ ਸਾਲਾਂ ਤੱਕ ਸਬਰ ਰੱਖਣ, ਅਨੁਸ਼ਾਸਨ ਬਣਾ ਕੇ ਰੱਖਣ ਅਤੇ ਲਗਾਤਾਰ ਮਿਹਨਤ ਕਰਨ ਦੀ ਲੋੜ ਹੁੰਦੀ ਹੈ। ਦੇਸ਼ ਵਿੱਚ ਖੇਡਾਂ ਪ੍ਰਤੀ ਆਇਆ ਬਦਲਾਅ ਵੀ ਇਸੇ ਸੋਚ ਅਤੇ ਭਾਵਨਾ ਦਾ ਨਤੀਜਾ ਹੈ, ਜਿਸ ਸਦਕਾ ਅੱਜ ਦੇ ਖਿਡਾਰੀਆਂ ਨੇ ਨਵੀਆਂ ਬੁਲੰਦੀਆਂ ਛੂਹੀਆਂ ਹਨ। ਦੇਸ਼ ਹਰ ਖਿਡਾਰੀ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ: ਮੋਦੀ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਪਿਛਲੇ 10 ਤੋਂ 12 ਸਾਲਾਂ ਦੌਰਾਨ ਦੇਸ਼ ਨੇ ਪੂਰੀ ਲਗਨ ਅਤੇ ਸਮਰਪਣ ਨਾਲ ਖੇਡ ਖੇਤਰ ਨੂੰ ਅੱਗੇ ਵਧਾਉਣ ਲਈ ਲਗਾਤਾਰ ਯਤਨ ਕੀਤੇ ਹਨ। ਅੱਜ ਹਰ ਖਿਡਾਰੀ ਨੂੰ ਪੂਰਾ ਭਰੋਸਾ ਹੈ ਕਿ ਉਸ ਦੇ ਇਸ ਪੂਰੇ ਸਫ਼ਰ ਦੌਰਾਨ ਦੇਸ਼ ਹਰ ਕਦਮ ’ਤੇ ਉਸ ਦੇ ਨਾਲ ਖੜ੍ਹਾ ਹੈ। ਸਾਡੇ ਖਿਡਾਰੀਆਂ ਨੇ ਆਪਣੀਆਂ ਸ਼ਾਨਦਾਰ ਪ੍ਰਾਪਤੀਆਂ ਨਾਲ ਇਸ ਵਿਸ਼ਵਾਸ ਨੂੰ ਪੂਰੀ ਤਰ੍ਹਾਂ ਸਹੀ ਸਾਬਤ ਕੀਤਾ ਹੈ। ਜ਼ਿਕਰਯੋਗ ਹੈ ਕਿ ਭਾਰਤ ਨੇ ਆਈਚੀ-ਨਾਗੋਆ ਏਸ਼ਿਆਈ ਖੇਡਾਂ ਵਿੱਚ 21 ਸੋਨ ਤਗਮਿਆਂ ਸਮੇਤ ਕੁੱਲ 85 ਤਗਮੇ ਆਪਣੇ ਨਾਂ ਕਰਦਿਆਂ ਮੁਕਾਬਲੇ ਵਿੱਚ ਚੌਥਾ ਸਥਾਨ ਹਾਸਲ ਕੀਤਾ ਹੈ।

Latest News