ਪੰਜਾਬ ਦੀ ਸਿਆਸਤ: ਇਸ ਵਾਰ ਨਵੇਂ ਚਿਹਰਿਆਂ ਨੂੰ ਮਿਲਣਗੀਆਂ ਟਿਕਟਾਂ – ਰਾਜਾ ਵੜਿੰਗ
ਚੰਡੀਗੜ੍ਹ, ਪੰਜਾਬ ਵਿਧਾਨ ਸਭਾ ਚੋਣਾਂ (Politics of Punjab) ਤੋਂ ਪਹਿਲਾਂ, ਸੂਬਾ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਇੱਕ ਵੱਡਾ ਬਿਆਨ ਦਿੱਤਾ ਹੈ। ਜਿਸ ਨੇ ਪੰਜਾਬ ਦੀ ਰਾਜਨੀਤੀ ਖਾਸ ਕਰਕੇ ਕਾਂਗਰਸ ‘ਚ ਪੁਰਾਣੇ ਅਤੇ ਸੀਨੀਅਰ ਲੀਡਰਾਂ ਨੂੰ ਸੋਚਣ ਲਈ ਮਜ਼ਬੂਰ ਕਰ ਦਿੱਤਾ ਹੈ।
ਅਸਲ ‘ਚ ਰਾਜਾ ਵੜਿੰਗ ਨੇ ਇੱਕ ਇੰਟਰਵਿਊ ਵਿੱਚ ਕਿਹਾ ਕਿ ਇਸ ਵਾਰ, 117 ਸੀਟਾਂ ਵਿੱਚੋਂ, 80 ਨਵੇਂ ਚਿਹਰਿਆਂ ਨੂੰ ਟਿਕਟਾਂ ਦਿੱਤੀਆਂ ਜਾਣਗੀਆਂ। ਵੜਿੰਗ ਨੇ ਕਿਹਾ ਕਿ ਉਹ ਰਾਹੁਲ ਗਾਂਧੀ ਕੋਲ ਇਹ ਪ੍ਰਸਤਾਵ ਲੈ ਕੇ ਜਾਣਗੇ, ਇਸ ਵਾਰ ਚੋਣ ਲੜਨ ਵਾਲੇ ਜ਼ਿਆਦਾਤਰ ਉਮੀਦਵਾਰ ਨੌਜਵਾਨ ਹੋਣਗੇ। ਜਿਸ ਤੋਂ ਇਹ ਸਪੱਸ਼ਟ ਹੈ ਕਿ 2022 ਦੀਆਂ ਚੋਣਾਂ ਲੜਨ ਵਾਲੇ ਬਹੁਤੇ ਉਮੀਦਵਾਰਾਂ ਨੂੰ ਪਾਰਟੀ ਵੱਲੋਂ ਟਿਕਟਾਂ ਨਹੀਂ ਦਿੱਤੀਆਂ ਜਾਣਗੀਆਂ।
ਇਸ ਤੋਂ ਇਲਾਵਾ, ਵੜਿੰਗ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਉਮੀਦਵਾਰ ਉਸ ਨੂੰ ਨਹੀਂ ਚੁਣਿਆ ਜਾਵੇਗਾ ਜੋ ਆਪਣੇ ਆਪ ਨੂੰ ਇਸ ਅਹੁਦੇ ਲਈ ਪੇਸ਼ ਕਰਦਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਰਾਹੁਲ ਗਾਂਧੀ ਅਤੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਹੀ ਮੁੱਖ ਮੰਤਰੀ ਉਮੀਦਵਾਰ ਐਲਾਨਣ ਦਾ ਅਧਿਕਾਰ ਹੈ, ਅਤੇ ਕਿਸੇ ਹੋਰ ਕੋਲ ਅਧਿਕਾਰ ਨਹੀਂ ਹੈ। ਉਨ੍ਹਾਂ ਅੱਗੇ ਕਿਹਾ, “ਮੇਰੀ ਰਾਏ ਵਿੱਚ, ਜੋ ਵੀ ਆਪਣੇ ਆਪ ਨੂੰ ਮੁੱਖ ਮੰਤਰੀ ਚਿਹਰੇ ਵਜੋਂ ਪੇਸ਼ ਕਰਦਾ ਹੈ, ਉਸਨੂੰ ਨੁਕਸਾਨ ਹੋਵੇਗਾ।”
ਜ਼ਿਕਰਯੋਗ ਹੈ ਕਿ ਇਸ ਵਾਰ ਚਰਨਜੀਤ ਸਿੰਘ ਚੰਨੀ ਆਪਣੇ ਆਪ ਨੂੰ ਪਾਰਟੀ ਅੱਗੇ ਮੁੱਖ ਮੰਤਰੀ ਦੇ ਉਮੀਦਵਾਰ ਵੱਜੋਂ ਪੇਸ਼ ਕਰ ਰਹੇ ਹਨ ਅਤੇ ਇਸ ਦੇ ਨਾਲ ਹੀ ਸਾਬਕਾ ਕ੍ਰਿਕਟਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਮੁਖੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਨੇ ਵੀ ਐਲਾਨ ਕੀਤਾ ਹੈ ਕਿ ਜੇਕਰ ਨਵਜੋਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਇਆ ਜਾਂਦਾ ਹੈ, ਤਾਂ ਉਹ ਪਾਰਟੀ ਲਈ ਕੰਮ ਕਰੇਗੀ। ਪਾਰਟੀ ‘ਚ ਅਜਿਹੀ ਖਿੱਚੋ-ਤਾਣ ਤੋਂ ਬਾਅਦ ਰਾਜਾ ਵੜਿੰਗ ਦਾ ਅਜਿਹਾ ਬਿਆਨ ਆਇਆ ਹੈ। ਰਾਜਾ ਵੜਿੰਗ ਨੇ ਕਿਹਾ ਕਿ ਅਜਿਹੀਆਂ ਬਿਆਨ ਬਾਜ਼ੀਆਂ (Politics of Punjab) ਨਾਲ ਪਾਰਟੀ ਨੂੰ ਨੁਕਸਾਨ ਹੁੰਦਾ ਹੈ।
ਪਰ ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਸਿਰਫ਼ ਤਿੰਨ ਮਹੀਨੇ ਪਹਿਲਾਂ, ਕਾਂਗਰਸ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਨਿਯੁਕਤ ਕੀਤਾ ਅਤੇ ਉਨ੍ਹਾਂ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਚਿਹਰੇ ਵਜੋਂ ਪੇਸ਼ ਕੀਤਾ। ਹਾਲਾਂਕਿ, ਪਾਰਟੀ ਨੂੰ ਭਾਰੀ ਨੁਕਸਾਨ ਹੋਇਆ। ਨਵਜੋਤ ਸਿੰਘ ਸਿੱਧੂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਚਿਹਰੇ ਦੇ ਐਲਾਨ ਦਾ ਖੁੱਲ੍ਹ ਕੇ ਵਿਰੋਧ ਕੀਤਾ।
ਸਿੱਧੂ ਪਹਿਲਾਂ ਮੁੱਖ ਮੰਤਰੀ ਬਣਨਾ ਚਾਹੁੰਦੇ ਸਨ ਅਤੇ ਫਿਰ 2022 ਦੀਆਂ ਚੋਣਾਂ (Politics of Punjab) ਲਈ ਮੁੱਖ ਮੰਤਰੀ ਚਿਹਰਾ ਬਣਨਾ ਚਾਹੁੰਦੇ ਸਨ, ਪਰ ਕਾਂਗਰਸ ਨੇ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਚਿਹਰਾ ਐਲਾਨ ਦਿੱਤਾ। ਇਸ ਤੋਂ ਬਾਅਦ, ਸਿੱਧੂ ਨੇ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਹੋਣ ਦੇ ਬਾਵਜੂਦ, ਪ੍ਰਚਾਰ ਨਹੀਂ ਕੀਤਾ। ਉਹ ਆਪਣੀ ਅੰਮ੍ਰਿਤਸਰ ਪੂਰਬੀ ਸੀਟ ਵੀ ਹਾਰ ਗਏ ਸਨ।
Posted By: Daily Suraj Bureau