Daily Suraj

ਪੰਜਾਬੀ

ਜਲੰਧਰ 'ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ, ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਸੰਚਾਲਕ IED ਸਮੇਤ ਗ੍ਰਿਫ਼ਤਾਰ

26 Jul, 2026 05:03 PM

ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੂੰ ਸਰਹੱਦ ਪਾਰੋਂ ਚਲਾਏ ਜਾ ਰਹੇ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ ਮਿਲੀ ਹੈ। ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਅਤੇ ਜਲੰਧਰ ਦਿਹਾਤੀ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਆਈ.ਐਸ.ਆਈ. ਦੇ ਸਮਰਥਨ ਨਾਲ ਚਲ ਰਹੇ ਬੱਬਰ ਖ਼ਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਇੱਕ ਅੱਤਵਾਦੀ ਮਾਡਿਊਲ ਦੇ ਸੰਚਾਲਕ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਬਣਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਤਬੀਰ ਸਿੰਘ, ਵਾਸੀ ਪਿੰਡ ਪਡਿਆਣਾ, ਆਦਮਪੁਰ (ਜ਼ਿਲ੍ਹਾ ਜਲੰਧਰ) ਵਜੋਂ ਹੋਈ ਹੈ। ਪੁਲਿਸ ਨੇ ਉਸ ਕੋਲੋਂ ਵਿਸਫੋਟਕ ਸਮੱਗਰੀ ਤੋਂ ਇਲਾਵਾ ਕਾਲੇ ਰੰਗ ਦਾ ਪਲਾਟੀਨਾ ਮੋਟਰਸਾਈਕਲ (ਨੰਬਰ PB-08-ET-6736) ਵੀ ਬਰਾਮਦ ਕੀਤਾ ਹੈ, ਜਿਸ 'ਤੇ ਉਹ ਸਵਾਰ ਸੀ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਕਾਰਵਾਈ ਦੌਰਾਨ 1.3 ਕਿਲੋਗ੍ਰਾਮ ਉੱਚ ਵਿਸਫੋਟਕ ਨਾਲ ਭਰਿਆ ਇੱਕ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (IED) ਬਰਾਮਦ ਕੀਤਾ ਗਿਆ ਹੈ। ਇਸ ਵਿੱਚ ਸ਼ਰਾਪਨਲ ਅਤੇ ਬਾਲ ਬੇਅਰਿੰਗ ਵੀ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਇਸ ਬਰਾਮਦਗੀ ਤੋਂ ਇਹ ਸੰਕੇਤ ਮਿਲਦਾ ਹੈ ਕਿ ਅੱਤਵਾਦੀ ਮਾਡਿਊਲ ਦਾ ਮਕਸਦ ਸੂਬੇ ਵਿੱਚ ਅਮਨ-ਸ਼ਾਂਤੀ ਭੰਗ ਕਰਨਾ ਸੀ। ਉਨ੍ਹਾਂ ਦੇ ਅਨੁਸਾਰ ਸਮੇਂ ਸਿਰ ਕੀਤੀ ਗਈ ਇਸ ਕਾਰਵਾਈ ਨਾਲ ਇੱਕ ਵੱਡਾ ਅੱਤਵਾਦੀ ਖ਼ਤਰਾ ਟਲ ਗਿਆ ਅਤੇ ਕਈ ਬੇਗੁਨਾਹ ਲੋਕਾਂ ਦੀਆਂ ਜਾਨਾਂ ਬਚ ਗਈਆਂ। ਡੀ.ਜੀ.ਪੀ. ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਜਲੰਧਰ ਨੂੰ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਬੀ.ਕੇ.ਆਈ. ਮਾਡਿਊਲ ਦਾ ਇੱਕ ਕਾਰਕੁੰਨ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਵਿਸਫੋਟਕ ਦੀ ਖੇਪ ਹਾਸਲ ਕਰ ਚੁੱਕਾ ਹੈ। ਇਸ ਸੂਚਨਾ ਦੇ ਆਧਾਰ 'ਤੇ ਸੀ.ਆਈ. ਜਲੰਧਰ ਅਤੇ ਜਲੰਧਰ ਦਿਹਾਤੀ ਪੁਲਿਸ ਨੇ ਪਿੰਡ ਢੰਡੌਰ ਵਿਖੇ ਸਾਂਝਾ ਨਾਕਾ ਲਗਾਇਆ। ਪੁਲਿਸ ਟੀਮਾਂ ਨੇ ਨਾਕੇ ਦੌਰਾਨ ਸਤਬੀਰ ਸਿੰਘ ਦੇ ਮੋਟਰਸਾਈਕਲ ਨੂੰ ਰੋਕ ਕੇ ਤਲਾਸ਼ੀ ਲਈ, ਜਿਸ ਦੌਰਾਨ ਉਸ ਦੇ ਬੈਗ ਵਿੱਚੋਂ ਵਿਸਫੋਟਕ ਸਮੱਗਰੀ ਨਾਲ ਭਰਿਆ IED ਬਰਾਮਦ ਕੀਤਾ ਗਿਆ। ਇਸ ਤੋਂ ਬਾਅਦ ਉਸ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਗਿਆ। ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਇਸ ਮਾਮਲੇ ਵਿੱਚ ਸ਼ਾਮਲ ਵਿਦੇਸ਼ੀ ਹੈਂਡਲਰਾਂ, ਸਥਾਨਕ ਸਹਿਯੋਗੀਆਂ ਅਤੇ ਪੂਰੇ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ ਹੈ। ਜਾਂਚ ਦੌਰਾਨ ਇਸ ਸਾਜ਼ਿਸ਼ ਨਾਲ ਜੁੜੇ ਹੋਰ ਅਗਲੇ-ਪਿਛਲੇ ਸਬੰਧਾਂ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ। ਇਸ ਸਬੰਧੀ ਥਾਣਾ ਪਤਾਰਾ, ਜਲੰਧਰ ਦਿਹਾਤੀ ਵਿੱਚ ਭਾਰਤੀ ਨਿਆਂ ਸੰਹਿਤਾ (BNS) ਦੀਆਂ ਧਾਰਾਵਾਂ 113(1) ਅਤੇ 113(3), ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 4 ਅਤੇ 5, ਅਤੇ ਅਸਲਾ ਐਕਟ ਦੀ ਧਾਰਾ 25(1ਬੀ)(ਏ) ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Posted By: Daily Suraj Bureau

Latest News