ਕੀਰਤਪੁਰ-ਮਨਾਲੀ ਹਾਈਵੇਅ ’ਤੇ ਭਿਆਨਕ ਹਾਦਸਾ, ਦੋ ਟਰੱਕਾਂ ਦੀ ਟੱਕਰ ’ਚ 4 ਦੀ ਮੌਤ, 7 ਜ਼ਖ਼ਮੀ

ਕੀਰਤਪੁਰ-ਮਨਾਲੀ ਹਾਈਵੇਅ ’ਤੇ ਭਿਆਨਕ ਹਾਦਸਾ, ਦੋ ਟਰੱਕਾਂ ਦੀ ਟੱਕਰ ’ਚ 4 ਦੀ ਮੌਤ, 7 ਜ਼ਖ਼ਮੀ

ਹਿਮਾਚਲ ਪ੍ਰਦੇਸ਼ ਦੇ ਕੀਰਤਪੁਰ-ਮਨਾਲੀ ਹਾਈਵੇਅ ’ਤੇ ਵੀਰਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਦਾਵੜਾ ਸੁਰੰਗ ਦੇ ਅੰਦਰ ਦੋ ਟਰੱਕਾਂ ਦੀ ਆਹਮੋ-ਸਾਹਮਣੇ ਹੋਈ ਜ਼ਬਰਦਸਤ ਟੱਕਰ ਵਿੱਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਸੱਤ ਹੋਰ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਇਹ ਹਾਦਸਾ ਸਵੇਰੇ ਕਰੀਬ 6:30 ਵਜੇ ਵਾਪਰਿਆ। ਦੋਵੇਂ ਟਰੱਕਾਂ ਵਿਚਕਾਰ ਟੱਕਰ ਇੰਨੀ ਭਿਆਨਕ ਸੀ ਕਿ ਕਈ ਲੋਕ ਵਾਹਨਾਂ ਵਿੱਚ ਫਸ ਗਏ ਅਤੇ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਮੌਕੇ ’ਤੇ ਮੌਜੂਦ ਲੋਕਾਂ ਅਤੇ ਬਚਾਅ ਟੀਮਾਂ ਨੇ ਜ਼ਖ਼ਮੀਆਂ ਨੂੰ ਬਾਹਰ ਕੱਢਿਆ। ਜ਼ਖ਼ਮੀਆਂ ਨੂੰ ਇਲਾਜ ਲਈ ਨਗਵੈਣ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲੀਸ ਟੀਮ ਵੀ ਮੌਕੇ ’ਤੇ ਪਹੁੰਚ ਗਈ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲੀਸ ਮੁਤਾਬਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋਈ ਹੈ, ਜਦਕਿ ਸੱਤ ਵਿਅਕਤੀ ਜ਼ਖ਼ਮੀ ਹੋਏ ਹਨ। ਮ੍ਰਿਤਕਾਂ ਦੀ ਪਛਾਣ ਹਾਲੇ ਤੱਕ ਨਹੀਂ ਹੋ ਸਕੀ। ਪੁਲੀਸ ਵੱਲੋਂ ਮ੍ਰਿਤਕਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਸਬੂਤ ਇਕੱਠੇ ਕਰਨ ਦੇ ਨਾਲ-ਨਾਲ ਮੌਕੇ ’ਤੇ ਮੌਜੂਦ ਲੋਕਾਂ ਦੇ ਬਿਆਨ ਵੀ ਦਰਜ ਕੀਤੇ ਜਾ ਰਹੇ ਹਨ। ਹਾਦਸੇ ਨਾਲ ਸਬੰਧਤ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।