Daily Suraj

ਪੰਜਾਬੀ

ਸਰਹੱਦੀ ਖੇਤਰ ਵਿੱਚ ਡਰੋਨ ਮਿਲਣ ਨਾਲ ਚੌਕਸੀ ਵਧੀ, CCTV ਫੁਟੇਜ ਖੰਗਾਲ ਰਹੀ ਪੁਲਿਸ

11 Jul, 2026 06:28 PM

ਗੁਰਦਾਸਪੁਰ ਦੇ ਨਜ਼ਦੀਕੀ ਪਿੰਡ ਜਗੋਚਕ ਟਾਂਡਾ ਕੋਲ ਗੰਨੇ ਦੇ ਖੇਤਾਂ ਵਿੱਚੋਂ ਇੱਕ ਸ਼ੱਕੀ ਡਰੋਨ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸਥਾਨਕ ਲੋਕਾਂ ਵੱਲੋਂ ਦਿੱਤੀ ਗਈ ਸੂਚਨਾ ਤੋਂ ਬਾਅਦ ਪੁਲਿਸ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਡਰੋਨ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸੀਨੀਅਰ ਪੁਲਿਸ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ। ਇਸ ਤੋਂ ਬਾਅਦ ਪੂਰੇ ਇਲਾਕੇ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਤਲਾਸ਼ੀ ਦਾ ਮੁੱਖ ਮਕਸਦ ਇਹ ਪਤਾ ਲਗਾਉਣਾ ਸੀ ਕਿ ਡਰੋਨ ਕਿਸ ਉਦੇਸ਼ ਨਾਲ ਇਸ ਖੇਤਰ ਵਿੱਚ ਪਹੁੰਚਿਆ ਅਤੇ ਕੀ ਇਸ ਰਾਹੀਂ ਕੋਈ ਸ਼ੱਕੀ ਵਸਤੂ ਸੁੱਟੀ ਗਈ ਸੀ। ਸਰਹੱਦੀ ਇਲਾਕਾ ਹੋਣ ਕਾਰਨ ਸੁਰੱਖਿਆ ਏਜੰਸੀਆਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀਆਂ ਹਨ। ਪੁਲਿਸ ਵੱਲੋਂ ਡਰੋਨ ਦੀ ਤਕਨੀਕੀ ਜਾਂਚ ਕੀਤੀ ਜਾ ਰਹੀ ਹੈ, ਜਦਕਿ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ ਤਾਂ ਜੋ ਡਰੋਨ ਦੀ ਆਵਾਜਾਈ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਮਿਲ ਸਕੇ। ਇਸ ਸਬੰਧੀ ਬਹਿਰਾਮਪੁਰ ਪੁਲਿਸ ਥਾਣੇ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਡਰੋਨ ਦੀ ਮੌਜੂਦਗੀ ਅਤੇ ਇਸ ਦੇ ਮਕਸਦ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਆ ਸਕੇਗੀ।

Posted By: Daily Suraj Bureau

Latest News