ਨਸ਼ਾ ਰੋਕੂ ਕਮੇਟੀਆਂ ਗਠਿਤ ਕਰਨ ਅਤੇ ਵਿਕਾਸ ਕਾਰਜਾਂ ’ਚ ਤੇਜ਼ੀ ਲਿਆਉਣ ਦੀ ਵਿਧਾਇਕ ਵੱਲੋਂ ਹਦਾਇਤ

ਨਸ਼ਾ ਰੋਕੂ ਕਮੇਟੀਆਂ ਗਠਿਤ ਕਰਨ ਅਤੇ ਵਿਕਾਸ ਕਾਰਜਾਂ ’ਚ ਤੇਜ਼ੀ ਲਿਆਉਣ ਦੀ ਵਿਧਾਇਕ ਵੱਲੋਂ ਹਦਾਇਤ

ਤਰਨਤਾਰਨ : ਤਰਨਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨੇ ਪੰਚਾਇਤ ਅਧਿਕਾਰੀਆਂ, ਕਰਮਚਾਰੀਆਂ ਅਤੇ ਸਰਪੰਚਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਲਈ ਕਿਹਾ। ਇਸ ਮੌਕੇ ਡਾ. ਸੋਹਲ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦਾ ਆਧੁਨਿਕ ਵਿਕਾਸ ਜੰਗੀ ਪੱਧਰ ’ਤੇ ਕਰਨਾ ਚਾਹੁੰਦੀ ਹੈ। ਇਸ ਮੰਤਵ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਡਾ. ਸੋਹਲ ਨੇ ਸਰਪੰਚਾਂ ਨੂੰ ਪਿੰਡਾਂ ਵਿਚ ਨਸ਼ਾ ਰੋਕੂ ਕਮੇਟੀਆਂ ਗਠਿਤ ਕਰਨ ਦੀ ਹਦਾਇਤ ਕੀਤੀ ਤਾਂ ਜੋ ਨਸ਼ੇ ਦੀ ਦਲਦਲ ਵਿਚ ਫਸ ਚੁੱਕੇ ਨੌਜਵਾਨਾਂ ਦਾ ਮੁੜ ਵਸੇਬਾ ਕੀਤਾ ਜਾ ਸਕੇ। ਇਸ ਮੌਕੇ ਡਾ. ਸੋਹਲ ਨੇ ਮੀਟਿੰਗ ਵਿਚ ਹਾਜ਼ਰ ਮਨਰੇਗਾ ਅਧਿਕਾਰੀਆਂ ਨੂੰ ਵੱਧ ਤੋਂ ਵੱਧ ਕਾਰਡ ਧਾਰਕਾਂ ਨੂੰ ਰੁਜ਼ਗਾਰ ਦੇਣ ਲਈ ਕਿਹਾ। ਉਨ੍ਹਾਂ ਨੇ ਅਧਿਕਾਰੀਆਂ ਅਤੇ ਸਰਪੰਚਾਂ ਨੂੰ ਆਪਣੀ-ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਉਣ ਲਈ ਆਖਿਆ। ਇਸ ਮੌਕੇ ਵਿਧਾਇਕ ਡਾ. ਸੋਹਲ ਦੇ ਨਾਲ ‘ਆਪ’ ਆਗੂ ਨਵਜੋਤ ਕੌਰ ਹੁੰਦਲ, ਚੇਅਰਮੈਨ ਮਾਸਟਰ ਤਸਵੀਰ ਸਿੰਘ, ਦੇਵ ਸਿੰਘ ਸੋਨੂੰ, ਸਰਬਦੀਪ ਸਿੰਘ ਆਦਿ ਹਾਜ਼ਰ ਸਨ।