ਜ਼ਿਲ੍ਹਾ ਪ੍ਰਸ਼ਾਸਨ ਨੇ ਔਰਤਾਂ ਲਈ ਸਿਹਤ, ਸਫ਼ਾਈ ਸਬੰਧੀ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ
ਗੁਰਦਾਸਪੁਰ : ਔਰਤਾਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਅਤੇ ਸਰਕਾਰ ਵੱਲੋਂ ਉਨ੍ਹਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦੀ ਜਾਣਕਾਰੀ ਦੇਣ ਲਈ ਅੱਜ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਸਥਾਨਿਕ ਜਮਨੇਜ਼ੀਅਮ ਹਾਲ ਵਿਖੇ ਔਰਤਾਂ ਲਈ ਸਿਹਤ, ਸਫ਼ਾਈ ਅਤੇ ਜਾਗਰੂਕਤਾ ਸਬੰਧੀ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਜਿੰਦਰ ਸਿੰਘ ਬੇਦੀ ਨੇ ਕੀਤੀ ਜਦਕਿ ਐੱਸਡੀਐੱਮ. ਗੁਰਦਾਸਪੁਰ ਮਨਜੀਤ ਸਿੰਘ ਰਾਜਲਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਜ਼ਿਲ੍ਹਾ ਪੱਧਰੀ ਕੈਂਪ ਵਿੱਚ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲ ਲਗਾ ਕੇ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਿਹਤ ਵਿਭਾਗ ਵੱਲੋਂ ਔਰਤਾਂ ਦਾ ਮੁਫ਼ਤ ਹੈਲਥ ਚੈੱਕਅਪ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਦੇ ਨਾਲ ਹੀ ਇਸ ਕੈਂਪ ਵਿੱਚ ਲੜਕੀਆਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਦੀ ਅਗਵਾਈ ਹੇਠ ਵੱਖ-ਵੱਖ ਕੰਪਨੀਆਂ ਦੇ ਨੁਮਾਇੰਦੇ ਪਹੁੰਚੇ ਹੋਏ ਸਨ, ਜਿਨ੍ਹਾਂ ਵੱਲੋਂ ਰੁਜ਼ਗਾਰ ਹਾਸਲ ਕਰਨ ਦੀਆਂ ਚਾਹਵਾਨ ਲੜਕੀਆਂ ਨੂੰ ਰਜਿਸਟਰਡ ਕੀਤਾ ਗਿਆ। ਕੈਂਪ ਦੌਰਾਨ ਪੇਂਡੂ ਵਿਕਾਸ ਵਿਭਾਗ ਦੇ ਸੈੱਲਫ਼ ਹੈਲਪ ਗਰੁੱਪਾਂ ਵੱਲੋਂ ਵੀ ਆਪਣੇ ਸਟਾਲ ਲਗਾਏ ਗਏ। ਇਸ ਤੋਂ ਇਲਾਵਾ ਸਖੀ ਵਨ ਸਟਾਪ ਸੈਂਟਰ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਆਸ਼ੀਰਵਾਦ ਸਕੀਮ, ਸੁਕੰਨਿਆ ਸਮਰਿਧੀ ਸਕੀਮ ਦੇ ਸਟਾਲ ਲਗਾ ਕੇ ਆਪਣੀਆਂ ਸਕੀਮਾਂ ਬਾਰੇ ਔਰਤਾਂ ਨੂੰ ਦੱਸਿਆ ਗਿਆ। ਕੈਂਪ ਦੌਰਾਨ ਸੀਐੱਮ. ਦੀ ਯੋਗਸ਼ਾਲਾ ਦੇ ਸੰਚਾਲਕਾਂ ਵੱਲੋਂ ਔਰਤਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਵੱਖ-ਵੱਖ ਯੋਗ ਆਸਣਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਸਮੀਤ ਕੌਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਕਿਰਤਪ੍ਰੀਤ ਕੌਰ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਸ਼ੋਤਮ ਸਿੰਘ, ਸੀ.ਡੀ.ਪੀ.ਓ. ਵਰਿੰਦਰ ਸਿੰਘ ਗਿੱਲ, ਸੁੱਚਾ ਸਿੰਘ ਮੁਲਤਾਨੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਮੂਹ ਸੀ.ਡੀ.ਪੀ.ਓਜ਼, ਸੁਪਰਵਾਈਜ਼ਰ ਤੇ ਆਂਗਨਵਾੜੀ ਵਰਕਰ ਵੀ ਹਾਜ਼ਰ ਸਨ।
Posted By: Daily Suraj Bureau